ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਚੱਲ ਰਿਹਾ ਹੈ, ਜਿਸ ਦਾ ਕਿ ਅੱਜ ਦੂਜਾ ਤੇ ਆਖਰੀ ਦਿਨ ਹੈ। ਇਸ ਵਿਸ਼ੇਸ਼ ਸਦਨ ਦੀ ਕਾਰਵਾਈ ਜਾਰੀ ਹੈ। ਅੱਜ ਪੰਜਾਬ ਸਰਕਾਰ ਵੱਲੋਂ ਗੁਰਬਾਣੀ ਪ੍ਰਸਾਰਣ ਸਮੇਤ ਕਈ ਮਤੇ ਪੇਸ਼ ਕੀਤੇ ਤੇ ਪਾਸ ਹੋ ਗਏ। ਇਸ ਦੌਰਾਨ ਕਾਂਗਰਸ ਨੇ ਹੰਗਾਮਾ ਕਰਦੇ ਹੋਏ ਸਦਨ ਦਾ ਬਾਈਕਾਟ ਕਰ ਦਿੱਤਾ ਹੈ।
ਸਿੱਖ ਗੁਰਦੁਆਰਾਜ਼ (ਸੋਧ) ਬਿੱਲ, 2023 ਪਾਸ:ਪੰਜਾਬ ਅਸੈਂਬਲੀ ਨੇ ਸਿੱਖ ਗੁਰਦੁਆਰਾਜ਼ (ਸੋਧ) ਬਿੱਲ, 2023 ਪਾਸ ਹੋ ਗਿਆ ਹੈ। ਇਸ ਬਿੱਲ ਦਾ ਉਦੇਸ਼ ਸ੍ਰੀ ਹਰਿਮੰਦਰ ਸਾਹਿਬ ਤੋਂ 'ਗੁਰਬਾਣੀ' ਦਾ ਪ੍ਰਸਾਰਣ ਅਤੇ ਪ੍ਰਸਾਰਣ ਸਾਰਿਆਂ ਲਈ ਮੁਫਤ ਕਰਨਾ ਹੈ, ਕਿਸੇ ਟੈਂਡਰ ਦੀ ਲੋੜ ਨਹੀਂ ਹੈ।
ਮੁੱਖ ਮੰਤਰੀ ਮਾਨ ਦਾ ਬਿਆਨ:ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ਵਿੱਚ ਭਾਸ਼ਣ ਦਿੰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਰਡੀਐਫ ਫੰਡ ਰੋਕ ਦਿੱਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਜਿਸ ਸੂਬੇ ਵਿੱਚ ਭਾਜਪਾ ਦੀ ਸਰਕਾਰ ਨਹੀਂ ਹੈ, ਉਸ ਸੂਬੇ ਨਾਲ ਪੱਖਪਾਤੀ ਕੀਤਾ ਜਾ ਰਿਹਾ ਹੈ। ਜਿਨ੍ਹਾਂ ਸੂਬਿਆਂ ਵਿੱਚ ਭਾਜਪਾ ਦੀ ਸਰਕਾਰ ਨਹੀਂ ਹੈ, ਉਨ੍ਹਾਂ ਸੂਬਿਆਂ ਵਿੱਚ ਰਾਜਪਾਲ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਦਾ ਕੰਮ ਸਿਰਫ਼ ਸਰਕਾਰ ਨੂੰ ਪਰੇਸ਼ਾਨ ਕਰਨਾ ਹੈ।
ਸੀਐਮ ਮਾਨ ਨੇ ਕਿਹਾ ਕਿ ਸਪੀਕਰ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਗਵਰਨਰ ਨੂੰ ਸਦਨ ਵਿੱਚ ਨਾ ਸੱਦਣ। ਉਹਨਾਂ ਨੇ ਕਿਹ ਕਿ RDF ਦੀ ਵਰਤੋਂ ਪੇਂਡੂ ਵਿਕਾਸ ਵਿੱਚ ਕੀਤੀ ਜਾਂਦੀ ਹੈ। ਕੇਂਦਰ ਵੱਲੋਂ 3622 ਕਰੋੜ ਰੁਪਏ ਦਾ ਆਰ.ਡੀ.ਐਫ ਰੋਕ ਲਿਆ ਗਿਆ ਹੈ। ਪਿਛਲਾ ਫੰਡ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਡਾਇਵਰਟ ਕੀਤਾ ਗਿਆ ਸੀ। ਅਸੀਂ ਇਸ ਮਾਮਲੇ ਵਿੱਚ ਕੇਂਦਰੀ ਖੁਰਾਕ ਸਪਲਾਈ ਮੰਤਰੀ ਨੂੰ ਵੀ ਮਿਲੇ ਹਾਂ। ਮਾਨ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕੇਂਦਰ ਦੇ ਸਾਹਮਣੇ ਪੰਜਾਬ ਦੀ ਆਵਾਜ਼ ਚੁੱਕਣ।
ਆਰਡੀਐਫ ਫੰਡ ਰੋਕਣ ਦੀ ਨਿਖੇਧੀ ਕਰਦਿਆਂ ਮਤਾ ਪਾਸ:ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ RDF ਦੇ ਫੰਡ ਰੋਕੇ ਗਏ ਹਨ, ਜੇਕਰ ਕੇਂਦਰ ਸਰਕਾਰ ਵੱਲੋਂ ਭੁਗਤਾਨ ਨਾ ਕੀਤਾ ਗਿਆ ਤਾਂ 1 ਜੁਲਾਈ ਨੂੰ ਸੁਪਰੀਮ ਕੋਰਟ ਖੁੱਲ੍ਹ ਰਹੀ ਹੈ, ਪੰਜਾਬ ਸਰਕਾਰ ਸੁਪਰੀਮ ਕੋਰਟ ਤੱਕ ਪਹੁੰਚ ਕਰੇਗੀ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਕੇਂਦਰ ਸਰਕਾਰ ਵੱਲੋਂ ਆਰਡੀਐਫ ਫੰਡ ਰੋਕਣ ਦੀ ਨਿਖੇਧੀ ਕਰਦਿਆਂ ਮਤਾ ਪਾਸ ਕੀਤਾ ਗਿਆ।
ਕਾਂਗਰਸ ਨੇ ਸਦਨ ਦਾ ਕੀਤਾ ਬਾਈਕਾਟ:ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਕਾਂਗਰਸ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ ਤੇ ਸਦਨ ਦਾ ਬਾਈਕਾਟ ਕਰ ਦਿੱਤਾ ਹੈ। ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਰਕਾਰ ਪਹਿਲਾਂ ਦੱਸੇ ਕਿ ਆਪ੍ਰੇਸ਼ਨ ਲੋਟਸ ਦੇ ਇਲਜ਼ਾਮਾਂ ਦਾ ਕੀ ਹੋਇਆ ? ਉਹਨਾਂ ਨੇ ਕਿਹਾ ਕਿ ਸਰਕਾਰ ਨੂੰ ਇਸ ਸਬੰਧੀ ਕੀਤੀ ਕਾਰਵਾਈ ਦੀ ਰਿਪੋਰਟ ਸਦਨ ਅੱਗੇ ਰੱਖਣੀ ਚਾਹੀਦੀ ਹੈ। ਇਸ ਤਰ੍ਹਾਂ ਸੈਸ਼ਨ ਬੁਲਾ ਕੇ ਜਨਤਾ ਦੇ ਪੈਸੇ ਦੀ ਬਰਬਾਦੀ ਕੀਤੀ ਜਾਂਦੀ ਹੈ।
ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਕਾਂਗਰਸ ਨੇ ਚੁੱਕੇ ਸੀ ਸਵਾਲ:ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਦਨ ਵਿੱਚ ਪੰਜਾਬ ਸਰਕਾਰ ਉੱਤੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਬਾਜਵਾ ਨੇ ਕਿਹਾ ਕਿ ਸਰਕਾਰ ਨੇ ਆਪਰੇਸ਼ਨ ਲੋਟਸ ਨੂੰ ਲੈ ਕੇ ਵੀ ਸਪੈਸ਼ਲ ਸਦਨ ਰੱਖਿਆ ਸੀ ਤੇ ਭਾਰਤੀ ਜਨਤਾ ਪਾਰਟੀ ਉੱਤੇ ਵਿਧਾਇਕਾਂ ਨੂੰ ਖਰੀਦਣ ਦਾ ਇਲਜ਼ਾਮ ਲਗਾਇਆ ਸੀ। ਉਹਨਾਂ ਨੇ ਕਿਹਾ ਕਿ ਉਸ ਬਾਰੇ ਅਜੇ ਤੱਕ ਜਾਣਕਾਰੀ ਨਹੀਂ ਦਿੱਤੀ ਗਈ ਹੈ, ਐਫਆਈਆਰ ਦਰਜ ਹੋਣ ਤੋਂ ਬਾਅਦ ਵੀ ਇਹ ਨਹੀਂ ਦੱਸਿਆ ਗਿਆ ਕਿ ਕਿਹੜੇ ਵਿਧਾਇਕਾਂ ਨੂੰ ਕਿੰਨੇ ਪੈਸੇ ਵਿੱਚ ਖਰੀਦਣ ਦੀ ਕੋਸ਼ਿਸ਼ ਕੀਤੀ ਗਈ ਸੀ।