ਚੰਡੀਗੜ੍ਹ: ਪਿਛਲੇ ਦਿਨੀਂ ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਚੰਡੀਗੜ੍ਹ ਤੋਂ ਪੰਜਾਬ ਪੁਲਿਸ ਵਲੋਂ ਕੀਤੀ ਜਾਂਦੀ ਹੈ। ਜਿਸ ਤੋਂ ਬਾਅਦ ਦੋ ਦਿਨ ਦਾ ਰਿਮਾਂਡ ਹੁੰਦਾ ਅਤੇ ਫਿਰ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਜਾਂਦਾ ਹੈ। ਹੁਣ ਇਸ 'ਚ ਜਾਂਚ ਕਮੇਟੀ ਦੇ ਹੁਕਮਾਂ 'ਤੇ ਹੋਈ ਗ੍ਰਿਫ਼ਤਾਰੀ ਅਤੇ ਹੇਠਲੀ ਅਦਾਲਤ ਵੱਲੋਂ ਹਿਰਾਸਤ ਵਧਾਉਣ ਦੇ ਹੁਕਮਾਂ ਤੋਂ ਬਾਅਦ ਪੰਜਾਬ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। (Sukhpal Khaira NDPS Case Update)
ਹਾਈਕੋਰਟ 'ਚ ਰੱਖਿਆ ਇਹ ਪੱਖ: ਸੁਖਪਾਲ ਖਹਿਰਾ ਨੇ ਦਾਅਵਾ ਕੀਤਾ ਕਿ ਮਾਰਚ 2015 ਵਿੱਚ ਦਰਜ ਐਫਆਈਆਰ ਵਿੱਚ ਉਨ੍ਹਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਨੂੰ ਕੇਸ ਵਿੱਚੋਂ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਇਹ ਕੇਸ ਅਸਲਾ ਐਕਟ ਤੋਂ ਇਲਾਵਾ ਐਨਡੀਪੀਐਸ ਤਹਿਤ ਦਰਜ ਕੀਤਾ ਗਿਆ ਸੀ। ਖਹਿਰਾ ਨੇ ਆਪਣੀ ਮੰਗ 'ਚ ਕਿਹਾ ਕਿ ਉਨ੍ਹਾਂ ਨੇ ਮਾਣ-ਸਨਮਾਨ ਵਾਲੀ ਜ਼ਿੰਦਗੀ ਬਤੀਤ ਕੀਤੀ ਹੈ। ਉਨ੍ਹਾਂ ਨੇ ਸਾਰੀ ਉਮਰ ਲੋਕ ਸੇਵਾ ਕੀਤੀ ਹੈ, ਪਰ ਉਨ੍ਹਾਂ ਨੂੰ ਸਪੱਸ਼ਟ ਤੌਰ 'ਤੇ ਸਿਆਸੀ ਤੌਰ 'ਤੇ ਪ੍ਰੇਰਿਤ, ਬਦਨੀਤੀ, ਅਸੰਗਤ ਅਤੇ ਘਿਣਾਉਣੇ ਵਿਚਾਰਾਂ ਲਈ ਸਖ਼ਤ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਜਿਸ ਕਾਰਨ ਮੁੜ ਤੋਂ ਉਨ੍ਹਾਂ ਨੂੰ ਇਸ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ।