ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਭਾਜਪਾ ਵਿੱਚ ਆਪਣੇ ਸਿਆਸੀ ਆਕਾਵਾਂ ਦੇ ਇਸ਼ਾਰਿਆਂ 'ਤੇ ਨੱਚਣਾ ਬੰਦ ਕਰਨ ਦੀ ਨਸੀਹਤ ਦਿੰਦਿਆਂ ਆਖਿਆ ਕਿ ਸੁਖਬੀਰ ਬਾਦਲ ਨੂੰ ਤੇਲ 'ਤੇ ਵੈਟ ਵਧਾਉਣ ਬਾਰੇ ਸੂਬਾ ਸਰਕਾਰ ਦੇ ਫੈਸਲੇ ਖ਼ਿਲਾਫ਼ ਪ੍ਰਦਰਸ਼ਨ ਕਰਨ ਤੋਂ ਪਹਿਲਾਂ ਕੇਂਦਰ ਨਾਲੋਂ ਗੱਠਜੋੜ ਤੋੜਣ ਦੀ ਚੁਣੌਤੀ ਦਿੱਤੀ ਹੈ।
ਸੁਖਬੀਰ ਵੱਲੋਂ ਵੈਟ ਵਾਧੇ 'ਤੇ ਸਮਾਜਿਕ ਦੂਰੀ ਦੇ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਕੀਤੇ ਰੋਸ ਪ੍ਰਦਰਸ਼ਨ 'ਤੇ ਪ੍ਰਤੀਕਿਰਿਆ ਦਿੰਦਿਆਂ ਕੈਪਟਨ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਨੂੰ ਪੰਜਾਬ ਦੇ ਲੋਕਾਂ ਦੀ ਜਾਨ ਜ਼ੋਖਮ ਵਿੱਚ ਪਾ ਕੇ ਰਾਜਨੀਤੀ ਤੋਂ ਪ੍ਰੇਰਿਤ ਕਦਮ ਨੂੰ ਚੁੱਕਣ ਦੀ ਬਜਾਏ ਕੇਂਦਰ ਸਰਕਾਰ 'ਤੇ ਤੇਲ ਕੀਮਤਾਂ ਘਟਾਉਣ ਲਈ ਦਬਾਅ ਬਣਾਉਣਾ ਚਾਹੀਦਾ ਹੈ ਕਿਉਂਕਿ ਦੇਸ਼ ਵਿੱਚ ਅਨਲੌਕ 1.0 ਦੀ ਸ਼ੁਰੂਆਤ ਤੋਂ ਹੀ ਕੇਂਦਰ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਕੀਮਤਾਂ ਵਿੱਚ ਕਈ ਗੁਣਾ ਵਾਧਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਵਾਧਾ ਦੇਸ਼ ਵਾਸੀਆਂ ਨੂੰ ਹੋਰ ਵੀ ਰੜਕਦਾ ਹੈ ਕਿਉਂਕਿ ਇਹ ਵਾਧਾ ਕੌਮਾਂਤਰੀ ਮੰਡੀ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਆਈ ਵਰਣਨਯੋਗ ਗਿਰਾਵਟ ਦੇ ਬਾਵਜੂਦ ਕੀਤਾ ਗਿਆ।
ਮੁੱਖ ਮੰਤਰੀ ਨੇ ਦੱਸਿਆ ਕਿ ਸਾਲ 2016 ਤੋਂ ਐਨ.ਡੀ.ਏ. ਸਰਕਾਰ ਜਿਸ ਵਿੱਚ ਅਕਾਲੀ ਦਲ ਵੀ ਭਾਈਵਾਲ ਹੈ, ਨੇ ਡੀਜ਼ਲ 'ਤੇ ਟੈਕਸਾਂ ਵਿੱਚ 900 ਫੀਸਦੀ ਅਤੇ ਪੈਟਰੋਲ 'ਤੇ 700 ਫੀਸਦੀ ਵਾਧਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਭਾਰਤ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਹੁਣ ਵਿਸ਼ਵ ਵਿੱਚ ਸਭ ਤੋਂ ਉਪਰ ਪਹੁੰਚ ਗਈਆਂ ਹਨ। ਕੈਪਟਨ ਨੇ ਕਿਹਾ ਕਿ ਭਾਵੇਂ ਹੋਰ ਸਾਰੇ ਕੇਂਦਰੀ ਕਰਾਂ ਵਿੱਚ ਸੂਬੇ ਦਾ 42 ਫੀਸਦੀ ਹਿੱਸਾ ਹੈ ਜਦਕਿ ਪੈਟਰੋਲੀਅਮ ਉਤਪਾਦਾਂ 'ਤੇ ਆਬਕਾਰੀ ਨਹੀਂ ਸੈੱਸ ਜ਼ਰੀਏ ਟੈਕਸ ਵਧਾਇਆ ਜਾਂਦਾ ਹੈ, ਜਿਸ ਕਰਕੇ ਸੂਬੇ ਆਪਣੇ ਹਿੱਸੇ ਤੋਂ ਵਿਰਵੇ ਰਹਿ ਜਾਂਦੇ ਹਨ ਅਤੇ ਜੂਨ, 2020 ਵਿੱਚ ਤੇਲ ਵਾਧੇ ਦੇ ਲਗਾਤਾਰ 22 ਦਿਨਾਂ ਤੋਂ ਇਕੱਤਰ ਹੋਏ 2 ਲੱਖ ਕਰੋੜ ਤੋਂ ਵੱਧ ਦਾ ਸਮੁੱਚਾ ਮਾਲੀਆ ਕੇਂਦਰ ਦੇ ਖਜ਼ਾਨੇ ਵਿੱਚ ਜਾ ਰਿਹਾ ਸੀ।