ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਸਥਾਨਕ ਸਰਕਾਰ ਵਿਭਾਗ ਵੱਲੋਂ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ 15 ਕਰੋੜ ਰੁਪਏ ਪਟਿਆਲਾ ਇੰਪਰੂਵਮੈਂਟ ਟਰੱਸਟ ਨੂੰ ਭੇਜਣ ਦੇ ਫੈਸਲੇ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ। ਇਸ ਨਾਲ ਪਵਿੱਤਰ ਨਗਰੀ ਦੇ ਵਿਕਾਸ 'ਤੇ ਉਲਟ ਅਸਰ ਪਵੇਗਾ ਅਤੇ ਪਾਰਟੀ ਨੇ ਇਸ ਫੈਸਲੇ ਨੂੰ ਤੁਰੰਤ ਖਾਰਜ ਕੀਤੇ ਜਾਣ ਦੀ ਮੰਗ ਕੀਤੀ। ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਕੀਮਤ 'ਤੇ ਅੰਮ੍ਰਿਤਸਰ ਨਾਲ ਅਨਿਆਂ ਨਹੀਂ ਕੀਤਾ ਜਾਵੇਗਾ।
ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਨੇ ਪੈਂਡਿੰਗ ਪਏ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਵਾਸਤੇ ਆਪਣੀਆਂ ਜਾਇਦਾਦਾਂ ਵੇਚ ਕੇ ਇਹ 15 ਕਰੋੜ ਰੁਪਏ ਇਕੱਠੇ ਕੀਤੇ ਸਨ। ਉਨ੍ਹਾਂ ਕਿਹਾ ਕਿ ਇਹ ਪੈਸਾ ਪਟਿਆਲਾ ਇੰਪਰੂਵਮੈਂਟ ਟਰੱਸਟ ਨੂੰ ਤਬਦੀਲ ਕਰਨ ਨਾਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਤ ਹੋ ਜਾਵੇਗਾ ਤੇ ਇਹ ਬੇਲੋੜਾ ਹੋ ਕੇ ਰਹਿ ਜਾਵੇਗਾ ਤੇ ਟਰੱਸਟ ਵੱਲੋਂ ਕੀਤੇ ਜਾ ਰਹੇ ਸਾਰੇ ਕੰਮ ਰੁਕ ਜਾਣਗੇ।
ਮਜੀਠੀਆ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਪਟਿਆਲਾ ਟਰੱਸਟ ਨੂੰ ਫੰਡ ਦੇਣਾ ਚਾਹੁੰਦੀ ਤਾਂ ਇਸ ਲਈ ਸਰਕਾਰੀ ਖ਼ਜ਼ਾਨੇ ਵਿਚੋਂ ਫੰਡ ਨਿਸ਼ਚਿਤ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿਚ ਜਾਇਦਾਦ ਦੀ ਵਿਕਰੀ ਤੋਂ ਮਿਲੇ ਫੰਡ ਪਟਿਆਲਾ ਲਈ ਨਹੀਂ ਵਰਤੇ ਜਾ ਸਕਦੇ। ਉਨ੍ਹਾਂ ਨੇ ਸਥਾਨਕ ਸਰਕਾਰ ਮੰਤਰੀ ਬ੍ਰਹਮ ਮਹਿੰਦਰਾ ਦੇ ਇਸ ਸਪਸ਼ਟੀਕਰਨ ਨੂੰ ਰੱਦ ਕਰ ਦਿੱਤਾ ਕਿ ਇਹ ਨਰਮ ਕਰਜ਼ਾ ਹੈ ਜੋ ਡੇਢ ਸਾਲ ਮਗਰੋਂ ਵਿਆਜ਼ ਸਮੇਤ ਵਾਪਸ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਪਟਿਆਲਾ ਟਰੱਸਟ ਲਈ ਫੰਡ ਜੁਟਾਉਣ ਵਾਸਤੇ ਤਿੰਨ ਸਾਲ ਤੋਂ ਵੱਧ ਸਮਾਂ ਸੀ ਪਰ ਉਸਨੇ ਅਜਿਹਾ ਨਹੀਂ ਕੀਤਾ। ਉਹਨਾਂ ਕਿਹਾ ਕਿ ਹੁਣ ਜਦੋਂ 2020 ਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਚੋਣ ਜ਼ਾਬਤਾ ਲੱਗਣ ਨੂੰ ਸਿਰਫ ਡੇਢ ਸਾਲ ਦਾ ਸਮਾਂ ਰਹਿ ਗਿਆ ਹੈ ਤਾਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਪੈਸਾ ਚੋਣਾਂ ਤੋਂ ਇਕ ਮਹੀਨਾ ਪਹਿਲਾਂ ਮੁੜ ਆਵੇਗਾ ਪਰ ਇਸ 'ਤੇ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ।
ਮਜੀਠੀਆ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਦਖਲ ਦੇਣ ਅਤੇ ਯਕੀਨੀ ਬਣਾਉਣ ਕਿ ਪਵਿੱਤਰ ਨਗਰੀ ਨਾਲ ਕਿਸੇ ਵੀ ਕੀਮਤ 'ਤੇ ਅਨਿਆਂ ਨਾ ਹੋਵੇ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਦੀ ਕੀਮਤ 'ਤੇ ਆਪਣੇ ਹਲਕੇ ਲਈ ਫੰਡ ਤਬਦੀਲ ਕਰਨ ਵਾਸਤੇ ਅਧਿਕਾਰੀਆਂ 'ਤੇ ਦਬਾਅ ਪਾਉਣ ਲਈ ਆਪਣੇ ਮੰਤਰਾਲੇ ਦੀ ਵਰਤੋਂ ਕਰਨ ਦੀ ਕਿਸੇ ਵੀ ਮੰਤਰੀ ਨੂੰ ਆਗਿਆ ਨਹੀਂ ਹੋਣੀ ਚਾਹੀਦੀ।