ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਵਿਵਾਦ ਵਧਦਾ ਜਾ ਰਿਹਾ ਹੈ। ਬੀਤੇ ਦਿਨੀ ਸਿੰਗਾਪੁਰ ਭੇਜੇ ਗਏ ਪ੍ਰਿੰਸੀਪਲਾਂ ਦੇ ਮਸਲੇ ਨੂੰ ਲੈ ਕੇ ਰਾਜਪਾਲ ਅਤੇ ਸੀਐੱਮ ਆਹਮੋ ਸਾਹਮਣੇ ਹੋ ਗਏ ਹਨ। ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਵੱਲੋਂ ਸਿੰਗਾਪੁਰ ਭੇਜੇ ਗਏ ਪ੍ਰਿੰਸੀਪਲਾਂ ਦੀ ਚੋਣ ਬਾਰੇ ਸਵਾਲ ਚੁੱਕੇ ਹਨ। ਇਸ ਮਾਮਲੇ ਨੂੰ ਲੈਕੇ ਬਨਵਾਰੀ ਲਾਲ ਪੁਰੋਹਿਤ ਨੇ ਬਕਾਇਦਾ ਸੂਬਾ ਸਰਕਾਰ ਨੂੰ ਪੱਤਰ ਭੇਜਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਰਾਜਪਾਲ ਨੇ ਪੰਜਾਬ ਸੂਚਨਾ ਅਤੇ ਕੰਪਨੀ ਅਤੇ ਸੰਚਾਰ ਤਕਨਾਲੋਜੀ ਕਾਰਪੋਰੇਸ਼ਨ ਦੇ ਚੇਅਰਮੈਨ ਦੀ ਨਿਯੁਕਤੀ 'ਤੇ ਵੀ ਸਵਾਲ ਖੜ੍ਹੇ ਕੀਤੇ ਹਨ।
ਸੱਤਿਆ ਪਾਲ ਜੈਨ ਨੇ ਮੁੱਖ ਮੰਤਰੀ ਨੂੰ ਉਤੇ ਸਾਧੇ ਨਿਸ਼ਾਨੇ: ਜਿਸ ਤੋਂ ਬਾਅਦ ਹੁਣ ਭਾਰਤ ਸਰਕਾਰ ਦੇ ਐਡੀਸ਼ਨਲ ਸਾਲਿਸਟਰ ਜਨਰਲ ਸੱਤਿਆ ਪਾਲ ਜੈਨ ਨੇ ਰਾਜਪਾਲ ਨੂੰ ਲਿਖੇ ਪੱਤਰ 'ਤੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਸੱਤਿਆਪਾਲ ਜੈਨ ਨੇ ਕਿਹਾ ਕਿ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਕੁਝ ਜਾਣਕਾਰੀ ਮੰਗੀ ਹੈ। ਇਹ ਤਾਂ ਸਿਰਫ਼ ਜਾਣਕਾਰੀ ਦੀ ਗੱਲ ਹੈ ਕਿ ਸਿੰਗਾਪੁਰ ਭੇਜੇ ਗਏ ਪ੍ਰਿੰਸੀਪਲਾਂ ਦੀ ਚੋਣ ਦੀ ਪ੍ਰਕਿਰਿਆ ਕੀ ਸੀ। ਸੱਤਿਆਪਾਲ ਜੈਨ ਨੇ ਸੰਵਿਧਾਨ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੂੰ ਕਿਹਾ ਕਿ ਧਾਰਾ 167 ਤਹਿਤ ਮੁੱਖ ਮੰਤਰੀ ਸਰਕਾਰ ਨਾਲ ਸਬੰਧਤ ਸਾਰੀ ਜਾਣਕਾਰੀ ਰਾਜਪਾਲ ਨੂੰ ਦੇਣ ਲਈ ਪਾਬੰਦ ਹੈ ਪਰ ਪੰਜਾਬ ਸਰਕਾਰ ਰਾਜਪਾਲ ਨੂੰ ਕੋਈ ਜਵਾਬ ਨਹੀਂ ਦੇਣਾ ਚਾਹੁੰਦੀ।
ਮੁੱਖ ਮੰਤਰੀ ਦੀ ਟਿੱਪਣੀ ਨੂੰ ਦੱਸਿਆ ਸ਼ਰਮਨਾਕ: ਸੱਤਿਆਪਾਲ ਜੈਨ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਜਿਸ ਤਰ੍ਹਾਂ ਦੀਆਂ ਟਿੱਪਣੀਆਂ ਕਰ ਰਹੇ ਹਨ, ਉਹ ਸ਼ਰਮਨਾਕ ਹੈ। ਇਹ ਭਗਵੰਤ ਵੱਲੋਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ ਦੀ ਵੀ ਉਲੰਘਣਾ ਹੈ। ਸੱਤਿਆਪਾਲ ਜੈਨ ਨੇ ਕਿਹਾ ਮੈਂ ਪੰਜਾਬ ਸਰਕਾਰ ਨੂੰ ਅਪੀਲ ਕਰਦਾ ਹਾਂ ਕਿ ਇਹ ਬਚਕਾਨਾ ਕਾਰਾ ਬੰਦ ਕੀਤਾ ਜਾਵੇ। ਰਾਜਪਾਲ ਆਪਣਾ ਹਰ ਕਦਮ ਸੰਵਿਧਾਨ ਦੇ ਤਹਿਤ ਚੁੱਕ ਰਹੇ ਹਨ।