ਚੰਡੀਗੜ੍ਹ (ਡੈਸਕ) :ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਪੰਜਾਬੀ ਦੇ ਸੀਨੀਅਰ ਪੱਤਰਕਾਰ ਡਾ: ਬਰਜਿੰਦਰ ਸਿੰਘ ਹਮਦਰਦ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਜਾਣਕਾਰੀ ਮੁਤਾਬਿਕ ਕੋਰਟ ਨੇ ਹੁਕਮ ਦਿੱਤਾ ਹੈ ਕਿ ਬਰਜਿੰਦਰ ਸਿੰਘ ਹਮਦਰਦ ਨੂੰ ਗ੍ਰਿਫ਼ਤਾਰ ਕਰਨ ਤੋਂ ਵਿਜੀਲੈਂਸ ਬਿਊਰੋ ਨੂੰ ਸੱਤ ਦਿਨਾਂ ਦਾ ਨੋਟਿਸ ਦੇਣਾ ਪੈਣਾ ਹੈ। ਯਾਦ ਰਹੇ ਕਿ ਹਾਈ ਕੋਰਟ ਦੇ ਜਸਟਿਸ ਵਿਨੋਦ ਐਸ ਭਾਰਦਵਾਜ ਨੇ ਇਸ ਮਾਮਲੇ ਵਿੱਚ ਅੱਜ ਸੁਣਵਾਈ ਕੀਤੀ ਹੈ। ਇਸ ਤੋਂ ਬਾਅਦ ਉਨ੍ਹਾਂ ਵਲੋਂ ਇਹ ਹੁਕਮ ਜਾਕੀ ਕੀਤਾ ਗਿਆ ਹੈ।
ਹਾਈਕੋਰਟ ਤੋਂ ਬਰਜਿੰਦਰ ਸਿੰਘ ਹਮਦਰਦ ਨੂੰ ਮਿਲੀ ਵੱਡੀ ਰਾਹਤ, ਵਿਜੀਲੈਂਸ ਨੂੰ ਗ੍ਰਿਫਤਾਰੀ ਤੋਂ ਪਹਿਲਾਂ ਦੇਣਾ ਪਵੇਗਾ ਨੋਟਿਸ - ਪੰਜਾਬ ਵਿਜੀਲੈਂਸ ਬਿਊਰੋ
ਪੰਜਾਬੀ ਦੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਨੂੰ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ। ਉਨ੍ਹਾਂ ਦੀ ਗ੍ਰਿਫਤਾਰੀ ਤੋਂ ਪਹਿਲਾਂ ਵਿਜੀਲੈਂਸ ਨੂੰ ਨੋਟਿਸ ਦੇਣਾ ਪਵੇਗਾ।
ਸਰਕਾਰ ਉੱਤੇ ਲਗਾਏ ਇਲਜਾਮ :ਦਰਅਸਲ ਬਰਜਿੰਦਰ ਸਿੰਘ ਹਮਦਰਦ ਵਲੋਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਪਟੀਸ਼ਨ ਵਿੱਚ ਹਮਦਰਦ ਨੇ ਜੰਗ-ਏ-ਆਜ਼ਾਦੀ ਯਾਦਗਾਰ ਦੀ ਚੱਲ ਰਹੀ ਜਾਂਚ ਨੂੰ ਰੋਕਣ ਦਾ ਜਿਕਰ ਕੀਤਾ ਸੀ। ਇਸਦੇ ਨਾਲ ਹੀ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ। ਪਟੀਸ਼ਨ ਵਿੱਚ ਸੂਬਾ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਾਰਟੀ ਬਣਾਇਆ ਗਿਆ ਹੈ। ਹਮਦਰਦ ਵਲੋਂ ਦਾਇਰ ਕੀਤੀ ਗਈ ਇਸ 250 ਪੰਨਿਆਂ ਦੀ ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸਰਕਾਰ ਵਲੋਂ ਉਨ੍ਹਾਂ ਨੂੰ ਨਿਸ਼ਾਨਾਂ ਬਣਾਇਆ ਗਿਆ ਹੈ। ਉਨ੍ਹਾਂ ਕਈ ਇਲ਼ਜਾਮ ਵੀ ਲਗਾਏ ਹਨ।
ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਵਲੋਂ ਜਲੰਧਰ ਤੋਂ 18 ਕਿਲੋਮੀਟਰ ਦੂਰ ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਲਈ ਫੰਡਾਂ ਦੀ ਵਰਤੋਂ ਦੀ ਉਚੇਚੀ ਜਾਂਚ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਵਿਜੀਲੈਂਸ ਵਲੋਂ ਹਮਦਰਦ ਨੂੰ ਸੰਮਨ ਵੀ ਭੇਜੇ ਗਏ ਸਨ। ਇਹ ਜੰਗੇ ਆਜਾਦੀ ਪ੍ਰੋਜੈਕਟ ਭਾਜਪਾ-ਅਕਾਲੀ ਸਰਕਾਰ ਵੇਲੇ ਬਣਾਇਆ ਗਿਆ ਸੀ। ਇਹ ਵੀ ਕਿਹਾ ਜਾ ਰਿਹਾ ਹੈ ਕਿ ਇਹ ਪ੍ਰਕਾਸ਼ ਸਿੰਘ ਬਾਦਲ ਦਾ ਦਿਲੀ ਇੱਛਾ ਵਾਲਾ ਸਮਾਰਕ ਹੈ। ਇਸ ਇਲਾਵਾ ਸ਼ਿਕਾਇਤਾਂ ਦੇ ਆਧਾਰ ਉੱਤੇ ਪ੍ਰਬੰਧਕੀ ਕਮੇਟੀ ਦੇ ਸਕੱਤਰ ਲਖਵਿੰਦਰ ਸਿੰਘ ਜੌਹਲ ਨੂੰ ਵੀ ਇਸ ਮਾਮਲੇ ਵਿੱਚ ਬੁਲਾਇਆ ਗਿਆ ਸੀ।