ਚੰਡੀਗੜ੍ਹ ਡੈਸਕ :ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਗੁਰਦੁਆਰਾ ਸੋਧ ਐਕਟ 1925 ਵਿੱਚ ਕੀਤੇ ਬਦਲਾਅ ਤੇ ਹੋਰ ਸਿੱਖ ਮਸਲੇ ਵਿਚਾਰਨ ਵਾਸਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਕਿਆਸ ਲਾਏ ਜਾ ਰਹੇ ਹਨ ਕਿ ਇਸ ਇਜਲਾਸ ਵਿੱਚ ਕਈ ਅਹਿਮ ਫੈਸਲਿਆਂ ਉਤੇ ਮੋਹਰ ਲਾਈ ਗਈ ਹੈ। ਇਸ ਇਜਲਾਸ ਤੇ ਸਰਕਾਰ ਵੱਲੋਂ ਗੁਰਦੁਆਰਾ ਐਕਟ ਵਿੱਚ ਕੀਤੀ ਗਈ ਸੋਧ ਨੂੰ ਲੈ ਕੇ ਬੀਤੇ ਕੱਲ੍ਹ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਭਾਈ ਸੁਲਤਾਨ ਸਿੰਘ ਦੀ ਦਸਤਾਰ ਬੰਦੀ ਦੇ ਮੱਦੇਨਜ਼ਰ ਕਰਵਾਏ ਗਏ ਸਮਾਗਮ ਵਿੱਚ ਸਮੂਹ ਸਿੱਖ, ਨਿਹੰਗ ਤੇ ਟਕਸਾਲ ਦੀਆਂ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ ਸੀ।
ਗੁਰਦੁਆਰਾ ਸੋਧ ਐਕਟ ਮੁਕੰਮਲ ਤੌਰ ਉਤੇ ਰੱਦ :ਅੱਜ ਦੇ ਇਜਲਾਸ ਵਿੱਚ ਸਮੂਹ ਸਿੱਖ ਜਥੇਬੰਦੀਆਂ ਵੱਲੋਂ ਗੁਰਦੁਆਰਾ ਐਕਟ ਸੋਧ ਨੂੰ ਮੁਕੰਮਲ ਤੌਰ ਉਤੇ ਰੱਦ ਕੀਤਾ ਗਿਆ ਹੈ। ਹੰਗਾਮੀ ਮੀਟਿੰਗ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਮਤਾ ਪੇਸ਼ ਕੀਤਾ, ਜਿਸ ਨੂੰ ਸਮੂਹ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ। ਇਸ ਦੌਰਾਨ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਤਕ ਤੌਰ ਉਤੇ ਮਾਫ਼ੀ ਮੰਗਣ ਲਈ ਕਿਹਾ ਹੈ। ਉਨ੍ਹਾਂ ਨਾਲ ਹੀ ਇਸ ਐਕਟ ਨੂੰ ਸਿੱਖ ਕੌਮ ਦੇ ਅੰਦਰੂਨੀ ਮਸਲਿਆਂ ਵਿੱਚ ਸਰਕਾਰ ਦੀ ਦਖਲ ਅੰਦਾਜ਼ੀ ਦੱਸਿਆ ਹੈ। ਧਾਮੀ ਨੇ ਤਖਤ ਅੰਦਾਜ਼ ਵਿੱਚ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਤੁਰੰਤ ਇਹ ਬਿੱਲ ਵਾਪਸ ਲਵੇ ਨਹੀਂ ਤਾਂ ਐਸਜੀਪੀਸੀ ਵੱਲੋਂ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਮੋਰਚਾ ਖੋਲ੍ਹਿਆ ਜਾਵੇਗਾ।
ਸਿੱਖ ਕੌਮ ਚੁਣੌਤੀਆਂ ਨਾਲ ਨਜਿੱਠਦੀ ਆਈ :ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਨੂੰ ਸਿੱਖ ਕੌਮ ਦੇ ਮਸਲਿਆਂ ਵਿੱਚ ਦਖ਼ਲ ਨਹੀਂ ਦੇਣਾ ਚਾਹੀਦਾ। ਨਾਲ ਹੀ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਤਲਖ ਤੇਵਰ ਵਿੱਚ ਕਿਹਾ ਸੀ ਕਿ ਸਿੱਖ ਕੌਮ ਚੁਣੌਤੀਆਂ ਨਾਲ ਨਜਿੱਠਦੀ ਆਈ ਹੈ। ਹੁਣ ਵੀ ਕੌਮ ਇਸ ਚੁਣੌਤੀ ਨੂੰ ਨਜਿੱਠੇਗੀ, ਚਾਹੇ ਇਸ ਲਈ ਕਿਸੇ ਸਖਤ ਪੁਰਾਤਣ ਰਿਵਾਇਤਾਂ ਦੀ ਪਾਲਣਾ ਕਰਨੀ ਪਈ ਤਾਂ ਕਰਾਂਗੇ।
ਸ਼੍ਰੋਮਣੀ ਕਮੇਟੀ ਦੀ ਮੀਟਿੰਗ ਮਹਿਜ਼ ਖਾਨਾਪੂਰਤੀ :ਇਸ ਸਪੈਸ਼ਲ ਸੈਸ਼ਨ ਉਤੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਆਕਾਵਾਂ ਦੇ ਨਿਰਦੇਸ਼ਾਂ ਅਨੁਸਾਰ ਸੋਮਵਾਰ ਨੂੰ ਆਪਣੇ ਪੂਰਵ-ਨਿਰਧਾਰਤ ਫੈਸਲੇ ਦਾ ਐਲਾਨ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਸਿੱਖਾਂ ਦੀ ਪ੍ਰਮੁੱਖ ਸੰਸਥਾ ਹੁਣ ਆਪਣੇ ਆਕਾਵਾਂ ਦੇ ਹੱਥਾਂ ਦੀ ਕਠਪੁਤਲੀ ਬਣ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮੀਟਿੰਗ ਸਿਰਫ਼ ਦਿਖਾਵਾ ਸੀ ਕਿਉਂਕਿ ਇਸ ਸਬੰਧੀ ਪਹਿਲਾਂ ਹੀ ਅਕਾਲੀ ਲੀਡਰਸ਼ਿਪ ਵੱਲੋਂ ਫ਼ੈਸਲਾ ਲਿਆ ਜਾ ਚੁੱਕਾ ਹੈ।
ਕਮੇਟੀ ਦਾ ਐਲਾਨ ਸਿਰਫ਼ ਦਿਖਾਵੇ ਲਈ :ਭਗਵੰਤ ਮਾਨ ਨੇ ਕਿਹਾ ਕਿ ਇਸ ਸਬੰਧੀ ਫੈਸਲਾ ਲਿਆ ਗਿਆ ਹੈ ਅਤੇ ਇਹ ਐਲਾਨ ਸਿਰਫ ਦਿਖਾਵੇ ਲਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਗੱਲ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਪਹਿਲਾਂ ਹੀ ਅਕਾਲੀ ਦਲ ਦੇ ਦਫਤਰ ਤਲਬ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਹਾਜ਼ਰ ਅਕਾਲੀ ਆਗੂਆਂ ਮਲੂਕਾ, ਚੰਦੂਮਾਜਰਾ, ਭੂੰਦੜ, ਚੀਮਾ, ਗਾਬੜੀਆ ਤੇ ਹੋਰਾਂ ਵੱਲੋਂ ਪ੍ਰਧਾਨ ਨੂੰ ਹੀ ਬਾਦਲ ਪਰਿਵਾਰ ਦੇ ਫੈਸਲੇ ਤੋਂ ਜਾਣੂ ਕਰਵਾਇਆ ਗਿਆ। ਭਗਵੰਤ ਮਾਨ ਨੇ ਕਿਹਾ ਕਿ ਇਹ ਆਗੂ ਸਿੱਖ ਗੁਰਦੁਆਰਾ ਸੋਧ ਬਿੱਲ 2023 ਦੇ ਵਿਰੋਧ ਨੂੰ ਲੈ ਕੇ ਬਾਦਲ ਪਰਿਵਾਰ ਦੇ ਫੈਸਲੇ ਤੋਂ ਮੁੱਖ ਮੰਤਰੀ ਨੂੰ ਜਾਣੂ ਕਰਵਾ ਰਿਹਾ ਹੈ।