ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਦੇ ਨਾਲ ਗੱਠਜੋੜ ਤੋੜ ਦਿੱਤਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਿਸਾਨ ਤੇ ਪੰਜਾਬੀ ਪ੍ਰਤੀ ਨੀਤੀਆਂ ਦੇ ਚਲਦਿਆਂ ਹੁਣ ਅਕਾਲੀ ਦਲ, ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਦਾ ਹਿੱਸਾ ਨਹੀਂ ਰਹਿ ਸਕਦਾ।
ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲ ਤੋੜਿਆ ਗੱਠਜੋੜ ਦੱਸ ਦੇਈਏ ਇਸ ਤੋਂ ਪਹਿਲਾਂ ਖੇਤੀ ਬਿੱਲਾਂ ਦਾ ਵਿਰੋਧ ਕਰਦੇ ਹੋਏ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅਸਤੀਫਾ ਦੇ ਦਿੱਤਾ ਸੀ ਅਤੇ ਉਸ ਤੋਂ ਬਾਅਦ ਹੁਣ ਅਕਾਲੀ ਦਲ ਨੇ ਇਹ ਵੱਡਾ ਐਲਾਨ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲ ਤੋੜਿਆ ਗੱਠਜੋੜ ਸ਼੍ਰੋਮਣੀ ਅਕਾਲੀ ਦਲ ਦੀ ਫ਼ੈਸਲੇ ਲੈਣ ਵਾਲੀ ਸਰਵਉਚ ਕੋਰ ਕਮੇਟੀ ਨੇ ਦੇਰ ਰਾਤ ਹੋਈ ਹੰਗਾਮੀ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਕਿ ਉਹ ਭਾਜਪਾ ਦੀ ਅਗਵਾਈ ਵਾਲੇ ਐਨਡੀਏ ਗਠਜੋੜ ਤੋਂ ਬਾਹਰ ਹੋਵੇਗੀ, ਕਿਉਂਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਜਿਣਸਾਂ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦ ਨੂੰ ਕਾਨੂੰਨੀ ਰੂਪ ਦੇਣ ਅਤੇ ਪੰਜਾਬੀ ਤੇ ਸਿੱਖ ਮਸਲਿਆਂ ਨੂੰ ਜਿਵੇਂ ਪੰਜਾਬੀ ਨੂੰ ਜੰਮੂ-ਕਸ਼ਮੀਰ ਵਿੱਚ ਪੰਜਾਬੀ ਭਾਸ਼ਾ ਨੂੰ ਸਰਕਾਰੀ ਭਾਸ਼ਾ ਦੇ ਦਰਜੇ ਵਿਚੋਂ ਬਾਹਰ ਰੱਖਣ ਵਰਗੇ ਫ਼ੈਸਲਿਆਂ ’ਤੇ ਅੜਬ ਰੁੱਖ ਅਪਣਾਇਆ ਹੋਇਆ ਹੈ।
ਪਾਰਟੀ ਮੁੱਖ ਦਫ਼ਤਰ ਵਿੱਚ ਤਿੰਨ ਘੰਟੇ ਤੋਂ ਵੱਧ ਸਮਾਂ ਚੱਲੀ ਮੀਟਿੰਗ ਮਗਰੋਂ ਇਹ ਫ਼ੈਸਲੇ ਲਏ ਗਏ ਹਨ। ਮੀਟਿੰਗ ਉਪਰੰਤ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਫ਼ੈਸਲਾ ਪੰਜਾਬ ਦੇ ਲੋਕਾਂ ਖਾਸ ਤੌਰ ’ਤੇ ਪਾਰਟੀ ਵਰਕਰਾਂ, ਕਿਸਾਨਾਂ, ਖੇਤ ਮਜ਼ਦੂਰਾਂ, ਵਪਾਰੀਆਂ, ਆੜ੍ਹਤੀਆਂ ਤੇ ਸਮਾਜ ਦੇ ਹੋਰ ਗਰੀਬ ਵਰਗਾਂ ਨਾਲ ਡੂੰਘਾਈ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਲਿਆ ਗਿਆ ਹੈ।
ਕਿਸਾਨਾਂ, ਸਿੱਖਾਂ, ਪੰਜਾਬ ਤੇ ਪੰਜਾਬੀ ਭਾਸ਼ਾ ਨਾਲ ਅਨਿਆਂ ’ਚ ਭਾਈਵਾਲ ਨਹੀਂ ਹੋ ਸਕਦੇ : ਸੁਖਬੀਰ ਬਾਦਲ
ਬਾਦਲ ਨੇ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਖੇਤੀਬਾੜੀ ਮੰਡੀਕਰਣ ਬਾਰੇ ਲਿਆਂਦੇ ਗਏ ਬਿੱਲ, ਪਹਿਲਾਂ ਹੀ ਕਸੂਤੀ ਫਸੀ ਕਿਸਾਨੀ ਵਾਸਤੇ ਤਬਾਹਕੁੰਨ ਹਨ। ਉਨ੍ਹਾਂ ਕਿਹਾ ਕਿ ਇਹ ਕਾਲੇ ਕਾਨੂੰਨ ਹਨ ਤੇ ਅਕਾਲੀ ਦਲ ਨੇ ਇਨ੍ਹਾਂ ਵਿਰੁੱਧ ਪਹਿਲਾਂ ਹੀ ਸਰਕਾਰ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਦੀ ਪਾਰਟੀ ਅਜਿਹੀ ਕਿਸੇ ਵੀ ਸਰਕਾਰ ਤੇ ਗਠਜੋੜ ਦਾ ਹਿੱਸਾ ਨਹੀਂ ਹੋ ਸਕਦੀ, ਜਿਨ੍ਹਾਂ ਦਾ ਵਿਰੋਧ ਕਿਸਾਨ, ਖੇਤ ਮਜ਼ਦੂਰ, ਆੜ੍ਹਤੀਏ ਤੇ ਸਮਾਜ ਦੇ ਹੋਰ ਦੱਬੇ-ਕੁਚਲੇ ਵਰਗ ਕਰ ਰਹੇ ਹੋਣ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੋਂ ਅਸਤੀਫਾ ਦੇਣ ਤੋਂ ਬਾਅਦ ਵੀ ਅਕਾਲੀ ਦਲ ਨੂੰ ਆਸ ਸੀ ਕਿ ਕੇਂਦਰ ਸਰਕਾਰ ਗਰੀਬ ਕਿਸਾਨਾਂ ਤੇ ਖੇਤੀਬਾੜੀ ਤੇ ਵਪਾਰ ’ਤੇ ਨਿਰਭਰ ਹੋਰ ਕਮਜ਼ੋਰ ਵਰਗਾਂ ਦੇ ਕਤਲ ਵਰਗੇ ਹਮਲੇ ਕਰਨ ਵੱਲ ਸੇਧਤ ਬਿੱਲਾਂ ਨੂੰ ਪਾਸ ਕਰਨ ’ਤੇ ਜ਼ੋਰ ਨਹੀਂ ਦੇਵੇਗੀ ਪਰ ਅਜਿਹਾ ਜਾਪਦਾ ਹੈ ਕਿ ਭਾਜਪਾ ਜ਼ਮੀਨੀ ਹਕੀਕਤਾਂ ਤੋਂ ਬਹੁਤ ਦੂਰ ਹੈ।
ਸ਼ਾਂਤੀ ਤੇ ਫਿਰਕੂ ਸਦਭਾਵਨਾ ਪ੍ਰਤੀ ਵਚਨਬੱਧਤਾ ਨੂੰ ਦੁਹਰਾਇਆ
ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਭਾਜਪਾ ਦੀ ਸਭ ਤੋਂ ਪੁਰਾਣੀ ਸਹਿਯੋਗੀ ਪਾਰਟੀ ਹੈ ਪਰ ਸਰਕਾਰ ਤੇ ਗਠਜੋੜ ਨੂੰ ਚਲਾਉਣ ਲਈ ਮੁੱਖ ਸਿਧਾਂਤ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਦੀ ਸ਼ਾਂਤੀ ਤੇ ਫ਼ਿਰਕੂ ਸਦਭਾਵਨਾ ਨੂੰ ਬਣਾਈ ਰੱਖਣ ਤੇ ਪੰਜਾਬੀਆਂ ਖ਼ਾਸ ਤੌਰ ’ਤੇ ਸਿੱਖਾਂ ਦੇ ਮਾਣ-ਸਨਮਾਨ ਨੂੰ ਬਹਾਲ ਰੱਖਣ ਪ੍ਰਤੀ ਵਚਨਬੱਧਤਾ ਹੈ, ਜੋ ਬਹੁਤ ਜ਼ਰੂਰੀ ਹੈ। ਮੌਜੂਦਾ ਸਰਕਾਰ ਨੇ ਲਗਾਤਾਰ ਫ਼ੈਸਲੇ ਲੈ ਕੇ ਘੱਟ ਗਿਣਤੀਆਂ ਦੀਆਂ ਭਾਵਨਾਵਾਂ ਪ੍ਰਤੀ ਬੇਰੁਖੀ ਵਿਖਾਈ ਤੇ ਉਹ ਦੇਸ਼ ਖਾਸ ਤੌਰ ’ਤੇ ਪੰਜਾਬ ਵਿੱਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਦੀ ਲੋੜ ਪ੍ਰਤੀ ਵੀ ਬੇਰੁਖ ਵਿਖਾਈ ਦਿੱਤੀ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਬਹੁਤ ਯਤਨਾਂ ਦੇ ਬਾਵਜੂਦ ਭਾਜਪਾ ਸਰਕਾਰ ਨੇ ਕਿਸਾਨਾਂ ਦੀਆਂ ਭਾਵਨਾਵਾਂ ਦਾ ਸਨਮਾਨ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੇ ਅਰਥਚਾਰੇ ਦੀ ਰੀੜ੍ਹ ਦੀ ਹੱਡੀ ਹਨ ਅਤੇ ਇਹ ਕੌਮੀ ਹਿੱਤਾਂ ਵਿੱਚ ਸਰਕਾਰ ਨੂੰ ਇਨ੍ਹਾਂ ਦੇ ਨਾਲ ਡੱਟਣਾ ਚਾਹੀਦਾ ਸੀ ਪਰ ਮੌਜੂਦਾ ਸਰਕਾਰ ਦੀਆਂ ਨੀਤੀਆਂ ਕੌਮੀ ਹਿੱਤਾਂ ਦੇ ਖਿਲਾਫ਼ ਹਨ।
ਕੋਰ ਕਮੇਟੀ ਦੀ ਮੀਟਿੰਗ ਵਿੱਚ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਚਰਨਜੀਤ ਸਿੰਘ ਅਟਵਾਲ, ਨਿਰਮਲ ਸਿੰਘ ਕਾਹਲੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਬਿਕਰਮ ਸਿੰਘ ਮਜੀਠੀਆ ਆਦਿ ਨੇ ਸ਼ਮੂਲੀਅਤ ਕੀਤੀ।