ਪੰਜਾਬ

punjab

ETV Bharat / state

ਸਰਕਾਰ ਕੋਵਿਡ-19 ਕੇਂਦਰਾਂ ਵਿੱਚ ਕੰਮ ਕਰਦੇ ਸਿਹਤ ਸਟਾਫ ਲਈ ਵੱਖਰੀ ਰਿਹਾਇਸ਼ ਦਾ ਪ੍ਰਬੰਧ ਕਰੇ: ਅਕਾਲੀ ਦਲ

ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤੁਰੰਤ ਦਖ਼ਲ ਦੇ ਕੇ ਇਹ ਯਕੀਨੀ ਬਣਾਉਣ ਲਈ ਆਖਿਆ ਹੈ ਕਿ ਕੋਵਿਡ-19 ਕੇਂਦਰਾਂ ਵਿਚ ਕੰਮ ਕਰਦੇ ਡਾਕਟਰਾਂ ਅਤੇ ਮੈਡੀਕਲ ਸਟਾਫ ਲਈ ਸੁਰੱਖਿਅਤ ਰਿਹਾਇਸ਼ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ।

ਕੋਵਿਡ-19 ਕੇਂਦਰ
ਕੋਵਿਡ-19 ਕੇਂਦਰ

By

Published : May 8, 2020, 6:49 PM IST

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤੁਰੰਤ ਦਖ਼ਲ ਦੇ ਕੇ ਇਹ ਯਕੀਨੀ ਬਣਾਉਣ ਲਈ ਆਖਿਆ ਹੈ ਕਿ ਕੋਵਿਡ-19 ਕੇਂਦਰਾਂ ਵਿਚ ਕੰਮ ਕਰਦੇ ਡਾਕਟਰਾਂ ਅਤੇ ਮੈਡੀਕਲ ਸਟਾਫ ਲਈ ਸੁਰੱਖਿਅਤ ਰਿਹਾਇਸ਼ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ ਤਾਂ ਕਿ ਉਨ੍ਹਾਂ ਦੇ ਪਰਿਵਾਰ ਕਿਸੇ ਖ਼ਤਰੇ ਵਿਚ ਨਾ ਪੈਣ।

ਸਾਬਕਾ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਵੇਖ ਕੇ ਬਹੁਤ ਦੁੱਖ ਹੁੰਦਾ ਹੈ ਕਿ ਸਿਹਤ ਵਿਭਾਗ ਨੇ ਕੋਵਿਡ-19 ਦੇ ਮਰੀਜ਼ਾਂ ਦੀ ਦੇਖਭਾਲ ਕਰ ਰਹੇ ਆਪਣੇ ਸਟਾਫ ਦੀ ਰਿਹਾਇਸ਼ ਦਾ ਪ੍ਰਬੰਧ ਹੋਸਟਲਾਂ, ਆਰਾਮ ਘਰਾਂ ਅਤੇ ਹੋਟਲਾਂ ਵਿਚ ਨਾ ਕਰਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਖਤਰੇ ਤੋਂ ਬਚਾਉਣ ਦੀ ਆਪਣੀ ਡਿਊਟੀ ਪੂਰੀ ਨਹੀਂ ਕੀਤੀ ਹੈ।

ਉਨ੍ਹਾਂ ਕਿਹਾ ਕਿ ਸਿਹਤ ਕਾਮਿਆਂ ਵੱਲੋਂ ਵਾਰ-ਵਾਰ ਇਹ ਮੰਗ ਉਠਾਈ ਜਾ ਰਹੀ ਹੈ, ਪਰ ਸਿਹਤ ਮੰਤਰੀ ਬਲਬੀਰ ਸਿੱਧੂ ਇਸ ਪ੍ਰਤੀ ਅਵੇਸਲਾ ਹੋਇਆ ਬੈਠਾ ਹੈ, ਇਸ ਲਈ ਮੁੱਖ ਮੰਤਰੀ ਨੂੰ ਤੁਰੰਤ ਇਸ ਮਾਮਲੇ ਵਿਚ ਦਖ਼ਲ ਦੇਣਾ ਚਾਹੀਦਾ ਹੈ।

ਚੀਮਾ ਨੇ ਕਿਹਾ ਕਿ ਬਹੁਤ ਸਾਰੇ ਸਿਹਤ ਕਾਮਿਆਂ ਕੋਲ ਵੱਖਰੀ ਰਿਹਾਇਸ਼ ਦਾ ਪ੍ਰਬੰਧ ਨਹੀਂ ਹੈ, ਇਸ ਲਈ ਉਹ ਬੱਚਿਆਂ ਅਤੇ ਬਜ਼ੁਰਗਾਂ ਸਮੇਤ ਆਪਣੇ ਪਰਿਵਾਰ ਕੋਲੋਂ ਲੋੜੀਂਦੀ ਸਮਾਜਿਕ ਦੂਰੀ ਬਣਾ ਕੇ ਨਹੀਂ ਰੱਖ ਸਕਦੇ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਸਿਹਤ ਕਾਮੇ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਆਪਣੇ ਪਰਿਵਾਰਾਂ ਤੋਂ ਵੱਖਰੇ ਰਹਿਣ ਲਈ ਤਿਆਰ ਹਨ, ਇਸ ਲਈ ਸਰਕਾਰ ਵੱਲੋਂ ਉਨ੍ਹਾਂ ਲਈ ਵੱਖਰੀ ਰਿਹਾਇਸ਼ ਦਾ ਪ੍ਰਬੰਧ ਕਰਨਾ ਚਾਹੀਦਾ ਹੈ।

ਡਾਕਟਰ ਚੀਮਾ ਨੇ ਕਿਹਾ ਕਿ ਅਜਿਹੀਆਂ ਰਿਪੋਰਟਾਂ ਵੀ ਆਈਆਂ ਹਨ ਕਿ ਪੀਪੀਈ ਕਿਟਾਂ ਪਾ ਕੇ ਕੰਮ ਕਰਦਿਆਂ ਸਹੀ ਹਵਾਦਾਰੀ ਅਤੇ ਏਅਰ ਕੰਡੀਸ਼ਨਿੰਗ ਨਾ ਹੋਣ ਕਰਕੇ ਸਿਹਤ ਕਾਮੇ ਬੇਹੋਸ਼ ਹੋ ਰਹੇ ਹਨ ਅਤੇ ਕੰਮ ਕਰਨ ਤੋਂ ਅਸਮਰੱਥ ਹਨ। ਉਨ੍ਹਾਂ ਕਿਹਾ ਕਿ ਸਾਰੇ ਕੋਵਿਡ-19 ਕੇਂਦਰਾਂ ਅੰਦਰ ਸਹੀ ਹਵਾਦਾਰੀ ਅਤੇ ਢੁੱਕਵਾਂ ਤਾਪਮਾਨ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

ਉਨ੍ਹਾਂ ਨੇ ਸਰਕਾਰ ਨੂੰ ਨਰਸਾਂ ਸਮੇਤ ਸਿਹਤ ਕਾਮਿਆਂ ਦੇ ਬਕਾਏ ਵੀ ਜਾਰੀ ਕਰਨ ਲਈ ਆਖਦਿਆਂ ਕਿਹਾ ਕਿ ਸਰਕਾਰ ਨੂੰ ਹਰਿਆਣਾ ਦੀ ਤਰਜ਼ ਉੱਤੇ ਸਿਹਤ ਕਾਮਿਆਂ ਨੂੰ ਵਾਧੂ ਲਾਭ ਦੇਣੇ ਚਾਹੀਦੇ ਹਨ ਨਾ ਕਿ ਤਨਖਾਹਾਂ ਰੋਕ ਕੇ ਉਨ੍ਹਾਂ ਦਾ ਮਨੋਬਲ ਡੇਗਣਾ ਚਾਹੀਦਾ ਹੈ।

ABOUT THE AUTHOR

...view details