ਚੰਡੀਗੜ੍ਹ ਡੈਸਕ : ਪੰਜਾਬ ਸਰਕਾਰ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਬੰਬੀਹਾ ਗੈਂਗ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਾਲ ਹੀ ਵਿੱਚ ਏਜੀਟੀਐਫ ਨੇ ਅੰਮ੍ਰਿਤਸਰ ਦੇ ਸਠਿਆਲਾ ਵਿੱਚ ਜਰਨੈਲ ਸਿੰਘ ਦੇ ਕਤਲ ਕੇਸ ਵਿੱਚ 10 ਮੁਲਜ਼ਮਾਂ ਦੀ ਪਛਾਣ ਕੀਤੀ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਬੰਬੀਹਾ ਗੈਂਗ ਦੇ ਸ਼ੂਟਰ ਗੁਰਵੀਰ ਸਿੰਘ ਉਰਫ਼ ਗੁਰੀ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। AGTF ਵੱਲੋਂ ਮਿਲੀ ਸਫਲਤਾ ਤੋਂ ਬਾਅਦ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਪਿਸਤੌਲ .32 ਕੈਲੀਬਰ ਅਤੇ 7 ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਗੁਰੀ ਮ੍ਰਿਤਕ ਜਰਨੈਲ ਸਿੰਘ ਦੇ ਕਤਲ ਵਿੱਚ ਸ਼ਾਮਲ ਸੀ, ਜਿਸ ਨੂੰ 24 ਮਈ ਨੂੰ ਚਾਰ ਹਥਿਆਰਬੰਦ ਵਿਅਕਤੀਆਂ ਨੇ ਮਾਰ ਦਿੱਤਾ ਸੀ।
ਵਿਓਂਤ ਵਿੱਚ ਸ਼ਾਮਲ ਸੀ ਗੁਰਵੀਰ ਗੁਰੀ :ਡੀਜੀਪੀ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਮੁਲਜ਼ਮ ਗੁਰਵੀਰ ਨੇ ਮਨਪ੍ਰੀਤ ਸਿੰਘ ਉਰਫ਼ ਮੰਨੂ (ਮੌਜੂਦਾ ਪੁਰਤਗਾਲ) ਅਤੇ ਬਲਵਿੰਦਰ ਸਿੰਘ ਉਰਫ਼ ਡੋਨੀ ਨਾਲ ਮਿਲ ਕੇ ਜਰਨੈਲ ਦਾ ਕਤਲ ਕਰਨ ਦੀ ਸਾਜ਼ਿਸ਼ ਰਚੀ ਸੀ। ਗੁਰਵੀਰ ਗੁਰੀ ਨੇ ਕਤਲਕਾਂਡ ਵਿੱਚ ਸ਼ਾਮਲ ਸ਼ੂਟਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹਥਿਆਰ ਮੁਹੱਈਆ ਕਰਵਾਏ। ਮਨਪ੍ਰੀਤ ਮਨੂੰ ਹੋਰ ਕੋਈ ਨਹੀਂ ਸਗੋਂ ਫਰਾਰ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਗੋਪੀ ਘਨਸ਼ਾਮਪੁਰੀਆ ਦਾ ਭਰਾ ਹੈ।