ਵਿਧਾਨ ਸਭਾ ਦੇ ਬਾਹਰ ਧਰਨੇ ਉੱਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਅੱਜ ਤੀਜਾ ਦਿਨ ਹੈ। ਤੀਜੇ ਦਿਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਰਹੂਮ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨੇ ਉੱਤੇ ਬੈਠ ਗਏ। ਇਸ ਦੌਰਾਨ ਉਹਨਾਂ ਦੇ ਨਾਲ ਕਾਂਗਰਸ ਵਿਧਾਇਕ ਪ੍ਰਤਾਪ ਬਾਜਵਾ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਧਾਇਕ ਸੁਖਪਾਲ ਖਹਿਰਾ ਵੀ ਮੌਜੂਦ ਹਨ।
ਇਹ ਵੀ ਪੜੋ :Amit Arora ruckus in police station: ਸ਼ਿਵ ਸੈਨਾ ਆਗੂ ਨੇ ਗੁਆਂਢ 'ਚ ਆਏ ਸਖ਼ਸ਼ 'ਤੇ ਲਾਏ ਇਲਜ਼ਾਮ, ਕਿਹਾ- ਮੈਨੂੰ ਬੰਬ ਨਾਲ ਉਡਾਉਣ ਆਇਆ
ਕੈਬਨਿਟ ਮੰਤਰੀ ਨੇ ਕੀਤੀ ਮੁਲਾਕਾਤ: ਵਿਧਾਨ ਸਭਾ ਦੇ ਬਾਹਰ ਧਰਨੇ ਉੱਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ -ਪਿਤਾ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੁਲਾਕਾਤ ਕੀਤੀ। ਇਸ ਦੌਰਾਨ ਉਹਨਾਂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਪੂਰੇ ਪੰਜਾਬ ਦਾ ਪੁੱਤਰ ਸੀ ਤੇ ਪੰਜਾਬ ਸਰਕਾਰ ਉਹਨਾਂ ਦੇ ਨਾਲ ਹੈ, ਜੋ ਬਾਕੀ ਮੁਲਜ਼ਮ ਰਹਿ ਗਏ ਹਨ, ਉਨ੍ਹਾਂ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਭਰੋਸੇ ਤੋਂ ਬਾਅਦ ਚੁੱਕਿਆ ਧਰਨਾ:ਮੰਤਰੀ ਧਾਲੀਵਾਲ ਦੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਭਰੋਸਾ ਦਿੱਤਾ ਹੈ ਕਿ 20 ਮਾਰਚ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਉਹਨਾਂ ਨਾਲ ਖੁਦ ਮੁਲਾਕਾਤ ਕਰਨਗੇ। ਮੰਤਰੀ ਦੇ ਭਰੋਸੇ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਨੇ ਧਰਨਾ ਖ਼ਤਮ ਕਰ ਦਿੱਤਾ ਤੇ ਵਿਧਾਨ ਸਭਾ ਦੇ ਬਾਹਰੋਂ ਆਪਣੇ ਪਿੰਡ ਲਈ ਰਵਾਨਾ ਹੋ ਗਏ।
ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ ਕਾਰਵਾਈ ਦੀ ਮੰਗ:ਇਸ ਮੌਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਮੇਰਾ ਪੁੱਤ ਦੇ ਕਤਲ ਮਾਮਲੇ ਵਿੱਚ ਸੀਬੀਆਈ ਨੂੰ ਜਾਂਚ ਕਰਨੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੋਈ ਗੈਂਗਸਟਰ ਨਹੀਂ ਸਗੋਂ ਇਹ ਸਿਰਫ ਗੁੰਡੇ ਹਨ, ਜਿਹਨਾਂ ਨੇ ਪੈਸੇ ਲੈ ਕੇ ਮੇਰੇ ਪੁੱਤ ਨੂੰ ਗੋਲੀਆਂ ਮਾਰ ਮਾਰ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਮੇਰੇ ਪੁੱਤ ਨੂੰ ਨਿਸ਼ਾਨਾ ਬਣਾਉਣ ਵਾਲੇ ਮਾਸਟਰ ਮਾਈਂਡ ਗੋਲਡੀ ਬਰਾੜ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।
ਮੈਨੂੰ ਕਈ ਵਾਰ ਮਿਲੀਆ ਧਮਕੀਆਂ:ਸਿੱਧੂ ਮੂਸੇਵਾਲਾ ਦੇ ਪਿਤਾ ਨੇ ਕਿਹਾ ਕਿ ਮੈਂ ਕੀ ਗਲਤ ਕਰ ਰਿਹਾ ਹਾਂ ? ਕੀ ਮੈਨੂੰ ਆਪਣੇ ਪੁੱਤਰ ਦਾ ਕੇਸ ਨਹੀਂ ਲੜਨਾ ਚਾਹੀਦਾ ? ਮੈਨੂੰ ਕਈ ਵਾਰ ਜਾਨੋ ਮਾਰਨ ਦੀਆਂ ਧਮਕੀਆਂ ਮਿਲੀਆ ਹਨ ਤੇ ਕਿਹਾ ਗਿਆ ਹੈ ਕਿ ਮੈਨੂੰ 25 ਅਪ੍ਰੈਲ ਤੋਂ ਪਹਿਲਾਂ ਮਾਰ ਦਿੱਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਮੈਂ ਸਰਕਾਰ ਨੂੰ ਕਹਿਣਾ ਚਾਹੁੰਦਾ ਹਾਂ, ਮੇਰੀ ਸੁਰੱਖਿਆ ਵਾਪਸ ਲੈ ਲਓ, ਕਿਉਂਕਿ ਮੈਂ ਇਨਸਾਫ਼ ਲਈ ਲੜਦਾ ਰਹਾਂਗਾ।
ਮੈਂ ਮਜ਼ਬੂਰ ਹੋ ਇੱਥੇ ਆਇਆ:ਲਕੌਰ ਸਿੰਘ ਨੇ ਕਿਹਾ ਕਿ ਪਿਛਲੇ 10 ਮਹੀਨਿਆਂ ਵਿੱਚ ਮੈਂ ਇਨਸਾਫ ਲਈ ਕਈ ਵਾਰ ਪੁਲਿਸ ਅਤੇ ਪ੍ਰਸ਼ਾਸਨ ਕੋਲ ਗਿਆ ਹਾਂ ਤੇ ਮੈਨੂੰ ਭਰੋਸਾ ਦਿੱਤਾ ਗਿਆ ਸੀ, ਪਰ ਇੱਥੇ ਜੋ ਕੁਝ ਹੋ ਰਿਹਾ ਹੈ ਉਹ ਮੇਰੇ ਬੱਚੇ ਦੇ ਕਤਲ ਮਾਮਲੇ ਨੂੰ ਦਬਾਉਣ ਲਈ ਕੀਤਾ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਕੁਝ ਵੀ ਮੇਰੇ ਹੱਕ ਵਿੱਚ ਨਹੀਂ ਹੋ ਰਿਹਾ ਹੈ, ਜਿਸ ਕਾਰਨ ਮੈਨੂੰ ਵਿਧਾਨ ਸਭਾ ਦੇ ਬਾਹਰ ਆਉਣਾ ਪਿਆ ਹੈ।
ਇਹ ਵੀ ਪੜੋ:Arms License Cancel: ਅਜਨਾਲਾ ਹਿੰਸਾ ਤੋਂ ਬਾਅਦ ਵੱਡਾ ਐਕਸ਼ਨ, ਅੰਮ੍ਰਿਤਪਾਲ ਦੇ 9 ਸਾਥੀਆਂ ਦੇ ਅਸਲਾ ਲਾਇਸੈਂਸ ਰੱਦ !
ਪੱਕੇ ਧਰਨੇ ਦੀ ਦਿੱਤੀ ਸੀ ਚਿਤਾਵਨੀ:ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਹਨਾਂ ਨੂੰ ਜਲਦ ਤੋਂ ਜਲਦ ਇਨਸਾਫ਼ ਨਾ ਮਿਲਿਆ ਤਾਂ ਉਹ ਵਿਧਾਨ ਸਭਾ ਦੇ ਬਾਹਰ ਹੀ ਪੱਕੇ ਧਰਨੇ ਉੱਤੇ ਬੈਠੇ ਰਹਿਣਗੇ। ਦੱਸ ਦਈਏ ਕਿ ਮਾਨਸਾ ਦੇ ਪਿੰਡ ਜਵਾਹਕੇ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਸੀ ਤੇ ਇਸ ਕਤਲ ਦੀ ਜ਼ਿੰਮੇਵਾਰੀ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ।