ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਤਿੰਨ ਸਾਲਾਂ ਤੋਂ ਵੀ ਘੱਟ ਸਮੇਂ ਦੌਰਾਨ ਬਿਜਲੀ ਦਰਾਂ ਵਿਚ 18ਵੀਂ ਵਾਰ ਵਾਧਾ ਕਰਨ ਲਈ ਕਾਂਗਰਸ ਸਰਕਾਰ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਸ ਨਾਲ ਆਮ ਆਦਮੀ ਦੀਆਂ ਮੁਸੀਬਤਾਂ ਵਿਚ ਭਾਰੀ ਵਾਧਾ ਹੋਵੇਗਾ ਅਤੇ ਕਾਰੋਬਾਰੀਆਂ ਲਈ ਸੂਬੇ ਅੰਦਰ ਵਪਾਰ ਕਰਨਾ ਮੁਸ਼ਕਿਲ ਹੋ ਜਾਵੇਗਾ।
ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਬਿਜਲੀ ਦਰਾਂ ਵਿਚ ਕੀਤੇ ਤਾਜ਼ਾ 36 ਪੈਸੇ ਪ੍ਰਤੀ ਯੂਨਿਟ ਦੇ ਵਾਧੇ 'ਚ ਬਿਜਲੀ ਡਿਊਟੀ ਜੋੜਣ ਮਗਰੋਂ ਘਰੇਲੂ ਖਪਤਕਾਰਾਂ ਨੂੰ ਹੁਣ 8.37 ਰੁਪਏ ਪ੍ਰਤੀ ਯੂਨਿਟ ਬਿਜਲੀ ਮਿਲੇਗੀ ਅਤੇ ਇੰਡਸਟਰੀ ਕੋਲੋਂ ਪ੍ਰਤੀ ਯੂਨਿਟ 7. 85 ਰੁਪਏ ਵਸੂਲੇ ਜਾਣਗੇ।
ਇਹ ਟਿੱਪਣੀ ਕਰਦਿਆਂ ਕਿ ਇਹ ਵਾਅਦੇ ਕਰਕੇ ਲੋਕਾਂ ਨਾਲ ਕੀਤਾ ਵਿਸ਼ਵਾਸ਼ਘਾਤ ਹੈ, ਸਰਦਾਰ ਮਲੂਕਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦਾ ਸੰਭਾਲਣ ਮਗਰੋਂ ਘਰੇਲੂ ਬਿਜਲੀ ਦਰਾਂ ਘਟਾਉਣ ਦਾ ਵਾਅਦਾ ਕੀਤਾ ਸੀ। ਉਸ ਨੇ ਇੰਡਸਟਰੀ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ।
ਉਹਨਾਂ ਕਿਹਾ ਕਿ ਜਦੋਂ ਦੀ ਸਰਕਾਰ ਨੇ ਸੱਤਾ ਸੰਭਾਲੀ ਹੈ, ਬਿਜਲੀ ਦਰਾਂ ਵਿਚ 30 ਫੀਸਦੀ ਤੋਂ ਵੱਧ ਵਾਧਾ ਕੀਤਾ ਜਾ ਚੁੱਕਿਆ ਹੈ। ਉਹਨਾਂ ਕਿਹਾ ਕਿ ਆਮ ਆਦਮੀ ਇਸ ਬੋਝ ਨੂੰ ਬਰਦਾਸ਼ਤ ਨਹੀਂ ਕਰ ਪਾਵੇਗਾ। ਉਹ ਕਿਹਾ ਕਿ ਬਿਜਲੀ ਦਰਾਂ ਵਿਚ ਵਾਰ ਵਾਰ ਹੋਏ ਵਾਧਿਆਂ ਨੇ ਪੰਜਾਬ ਅੰਦਰ ਵਪਾਰ ਕਰਨਾ ਮੁਸ਼ਕਿਲ ਬਣਾ ਦਿੱਤਾ ਹੈ, ਜਿਸ ਕਰਕੇ ਹੁਣ ਸੂਬੇ ਅੰਦਰ ਤਾਜ਼ਾ ਨਿਵੇਸ਼ ਹੋਣ ਦੀ ਕੋਈ ਉਮੀਦ ਨਹੀਂ ਬਚੀ ਹੈ।