ਚੰਡੀਗੜ੍ਹ:ਅੰਮ੍ਰਿਤਪਾਲ ਸਿੰਘ ਉੱਤੇ ਹੋ ਰਹੀ ਕਾਰਵਾਈ ਵਿਚਾਲੇ, ਹਰ ਵੱਡੇ ਸਖ਼ਸ਼ ਦੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਕਾਰਵਾਈ ਹੋ ਰਹੀ ਹੈ। ਇਸ ਲੜੀ ਤਹਿਤ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ਸਰਕਾਰ ਵਲੋਂ ਬੈਨ ਕੀਤਾ ਗਿਆ ਹੈ। SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਟਵਿੱਟਰ 'ਤੇ ਸਿੱਖਾਂ ਦੀ ਆਵਾਜ਼ ਨੂੰ ਦਬਾਉਣ ਲਈ ਭਾਰਤ ਸਰਕਾਰ ਦੀ ਕਾਰਵਾਈ ਦੀ ਸਖ਼ਤ ਆਲੋਚਨਾ ਕੀਤੀ।
ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹੋਈ ਸੀ ਪੰਥਕ ਮੀਟਿੰਗ: ਇਸ ਤੋਂ ਪਹਿਲਾਂ, ਅੰਮ੍ਰਿਤਪਾਲ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਫੜ੍ਹੇ ਗਏ ਸਿੱਖ ਨੌਜਵਾਨਾਂ ਨੂੰ ਛੁੱਡਵਾਉਣ ਨੂੰ ਲੈ ਕੇ ਤੇ ਹੋਰ ਮੁੱਦਿਆਂ ਉੱਤੇ ਚਰਚਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਮੀਟਿੰਗ ਹੋਈ ਸੀ। ਮੀਟਿੰਗ ਤੋਂ ਬਾਅਦ ਜਥੇਦਾਰ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਪੰਜਾਬ ਸਰਕਾਰ ਨੂੰ 24 ਘੰਟਿਆ ਦਾ ਅਲਟੀਮੇਟਮ ਦਿੱਤਾ ਗਿਆ ਹੈ, ਮੰਗ ਹੈ ਕਿ ਫੜ੍ਹੇ ਗਏ ਸਿੱਖ ਨੌਜਵਾਨ ਰਿਹਾਅ ਕੀਤੇ ਜਾਣ। ਅਜਿਹਾ ਨਾ ਹੋਣ ਉੱਤੇ ਪਿੰਡ ਪਿੰਡ ਜਾ ਤੇ ਖਾਲਸਾ ਵਹੀਰ ਕਰਨ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਨੇ ਕੁੱਝ ਨਿੱਜੀ ਚੈਨਲਾਂ ਉੱਤੇ ਸਿੱਖਾਂ ਦਾ ਅਕਸ ਖਰਾਬ ਦਿਖਾਉਣ ਦੇ ਦੋਸ਼ ਲਾਉਂਦੇ ਹੋਏ ਕਨੂੰਨੀ ਕਾਰਵਾਈ ਕਰਨ ਦੀ ਵੀ ਗੱਲ ਕਹੀ ਸੀ।
ਸੀਐਮ ਮਾਨ ਦੀ ਰਿਐਕਸ਼ਨ:ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਵਾਬ ਦਿੱਤਾ। ਉਨ੍ਹਾਂ ਲਿਖਿਆ ਸੀ ਕਿ "ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ। ਸਭ ਨੂੰ ਪਤਾ ਹੈ ਤੁਸੀਂ ਤੇ SGPC ਬਾਦਲਾਂ ਦਾ ਪੱਖ ਪੂਰਦੇ ਰਹੇ ਹੋ। ਇਤਿਹਾਸ ਦੇਖੋ ਕਈ ਜਥੇਦਾਰਾਂ ਨੂੰ ਬਾਦਲਾਂ ਨੇ ਆਪਣੇ ਸੁਆਰਥ ਲਈ ਵਰਤਿਆ। ਚੰਗਾ ਹੁੰਦਾ ਜੇ ਤੁਸੀਂ ਅਲਟੀਮੇਟਮ ਬੇਅਦਬੀ ਅਤੇ ਗਾਇਬ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ ਜਾਰੀ ਕਰਦੇ ਨਾ ਕਿ ਹੱਸਦੇ-ਵੱਸਦੇ ਲੋਕਾਂ ਨੂੰ ਭੜਕਾਉਣ ਲਈ।"