ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਣਕ ਤੇ ਝੋਨੇ ਦੇ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਣ ਨਾਲ ਕੋਈ ਵੀ ਛੇੜਛਾੜ ਨਹੀਂ ਹੋਣ ਦੇਵੇਗਾ।
MSP ਨਾਲ ਛੇੜਛਾੜ ਨਹੀਂ ਹੋਣ ਦੇਵੇਗਾ: ਸੁਖਬੀਰ ਬਾਦਲ ਅਕਾਲੀ ਦਲ ਦੇ ਪ੍ਰਧਾਨ ਨੇ ਕਾਂਗਰਸ ਪਾਰਟੀ ਵੱਲੋਂ ਮੱਕੀ ਉਤਪਾਦਕ ਕਿਸਾਨਾਂ ਦੀ ਜਿਣਸ ਖ਼ਰੀਦਣ ਵਿੱਚ ਅਸਫਲ ਰਹਿਣ 'ਤੇ ਕਾਂਗਰਸ ਪਾਰਟੀ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਪ੍ਰਾਈਵੇਟ ਕੰਪਨੀਆਂ ਤੋਂ ਮਹਿੰਗੇ ਭਾਅ ਖੇਤੀਬਾੜੀ ਮਸ਼ੀਨਰੀ ਖ਼ਰੀਦੇ ਜਾਣ ਦੇ ਮਾਮਲੇ ਦੀ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਕੀਤੀ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਚੋਣ ਮਨੋਰਥ ਪੱਤਰ ਵਿੱਚ ਏਪੀਐਮਸੀ ਐਕਟ ਵਿੱਚ ਸੋਧ ਕਰਨ ਦਾ ਵਾਅਦਾ ਕਰਨ ਦੇ ਬਾਵਜੂਦ ਕਾਂਗਰਸ ਪਾਰਟੀ ਹੁਣ ਇਸ ਮਾਮਲੇ 'ਤੇ ਰਾਜਨੀਤੀ ਕਰਕੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ ਕਿ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਣ ਦੀ ਵਿਵਸਥਾ ਖ਼ਤਮ ਹੋ ਜਾਵੇਗੀ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ। ਉਹ ਕਿਸਾਨਾਂ ਦੀਆਂ ਮੁਸ਼ਕਿਲਾਂ ਸਮਝਦੇ ਹਨ ਤੇ ਹਮੇਸ਼ਾ ਉਨ੍ਹਾਂ ਦੇ ਹੱਕਾਂ ਲਈ ਲੜੇ ਹਾਂ। ਉਨ੍ਹਾਂ ਕਿਹਾ ਕਿ ਉਹ ਦਲੇਰ ਕਿਸਾਨਾਂ ਨੂੰ ਭਰੋਸਾ ਦੁਆਉਂਦਾ ਹਨ ਕਿ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਖ਼ਿਲਾਫ਼ ਕੋਈ ਵੀ ਵਿਤਕਰਾ ਨਹੀਂ ਹੋਣ ਦੇਵੇਗਾ। ਅਸੀਂ ਕਿਸੇ ਨੂੰ ਵੀ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਣ ਨਾਲ ਨਾ ਸਿਰਫ ਹੁਣ ਬਲਕਿ ਭਵਿੱਖ ਵਿਚ ਵੀ ਛੇੜਖਾਨੀ ਨਹੀਂ ਕਰਨ ਦਿਆਂਗੇ।
ਸੁਖਬੀਰ ਬਾਦਲ ਨੇ ਇਹ ਵੀ ਐਲਾਨ ਕੀਤਾ ਕਿ ਉਹ ਸੰਸਦ ਵਿੱਚ ਇਹ ਮਾਮਲਾ ਉਠਾਉਣਗੇ ਤੇ ਕੇਂਦਰ ਤੋਂ ਭਰੋਸਾ ਲੈਣਗੇ ਕਿ ਕਣਕ ਅਤੇ ਝੋਨੇ ਦੇ ਘੱਟੋ ਘੱਟ ਸਮਰਥਨ ਮੁੱਲ ਅਤੇ ਯਕੀਨੀ ਮੰਡੀਕਰਣ ਨਾਲ ਕਿਸੇ ਵੀ ਤਰੀਕੇ ਛੇੜਖਾਨੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੈਂ ਕਿਸਾਨ ਸੰਗਠਨਾਂ ਦੇ ਨਾਲ ਚਲ ਕੇ ਉਨ੍ਹਾਂ ਨੂੰ ਜੋ ਵੀ ਸਪਸ਼ਟੀਕਰਨ ਚਾਹੀਦਾ ਹੈ ਕੇਂਦਰੀ ਖੇਤੀਬਾੜੀ ਮੰਤਰੀ ਤੋਂ ਲੈ ਕੇ ਦੇਣ ਲਈ ਤਿਆਰ ਹਾਂ।
ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਨੇ ਸੂਬੇ ਵਿਚ ਮੱਕੀ ਉਤਪਾਦਕ ਕਿਸਾਨਾਂ ਦੀ ਦੁਰਦਸ਼ਾ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿੱਧੇ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ ਅਤੇ ਕਿਹਾ ਕਿ 1825 ਰੁਪਏ ਪ੍ਰਤੀ ਕੁਇੰਟਲ ਦਾ ਘੱਟੋ ਘੱਟ ਸਮਰਥਨ ਮੁੱਲ ਨਿਸ਼ਚਿਤ ਹੋਣ ਦੇ ਬਾਵਜੂਦ ਸੂਬੇ ਦੇ ਦੁਆਬਾ ਖੇਤਰ ਵਿੱਚ ਮੱਕੀ 600 ਤੋਂ 800 ਰੁਪਏ ਕੁਇੰਟਲ ਦੇ ਹਿਸਾਬ ਨਾਲ ਵਿਕੀ ਹੈ। ਉਨ੍ਹਾਂ ਨੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਆਖਿਆ ਕਿ ਉਹ ਮੁੱਖ ਮੰਤਰੀ ਨੂੰ ਗੂੜੀ ਨੀਂਦ ਵਿੱਚੋਂ ਜਗਾਉਣ ਤੇ ਸਰਕਾਰ ਮੱਕੀ ਨੂੰ ਜਨਤਕ ਵੰਡ ਪ੍ਰਣਾਲੀ ਦੀ ਵਿਵਸਥਾ ਵਿੱਚ ਸ਼ਾਮਲ ਕਰੇ ਤੇ ਘੱਟੋ ਘੱਟ ਸਮਰਥਨ ਮੁੱਲ 'ਤੇ ਮੱਕੀ ਦੀ ਖਰੀਦ ਕਰੇ। ਉਨ੍ਹਾਂ ਕਿਹਾ ਕਿ ਦੁਆਬਾ ਖੇਤਰ ਦੇ ਮੱਕੀ ਉਤਪਾਦਕਾਂ ਨੂੰ ਹੋਰ ਤਬਾਹੀ ਤੋਂ ਬਚਾਉਣ ਲਈ ਅਜਿਹਾ ਤੁਰੰਤ ਕੀਤਾ ਜਾਣਾ ਚਾਹੀਦਾ ਹੈ।