ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਜਪਾ ਨਾਲ ਗੱਠਜੋੜ ਤੋੜਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਘਮਾਸਾਣ ਮੱਚ ਗਿਆ ਹੈ। ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਆਪੋ-ਆਪਣੀਆਂ ਪ੍ਰਤੀਕਿਰਿਆ ਦੇ ਰਹੇ ਹਨ।
ਅਕਾਲੀ-ਭਾਜਪਾ ਲਈ ਆਸਾਨ ਨਹੀਂ ਹੋਣਗੀਆਂ 2022 ਦੀਆਂ ਚੋਣਾਂ ? ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਟੁੱਟਣ ਸਬੰਧੀ ਜਦੋਂ ਈਟੀਵੀ ਭਾਰਤ ਵੱਲੋਂ ਭਾਜਪਾ ਦੇ ਸੀਨੀਅਰ ਆਗੂ ਮਦਨ ਮੋਹਨ ਮਿੱਤਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਸਮਝਾਉਣ ਦੀ ਜ਼ਿੰਮੇਦਾਰੀ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਨੇ ਖੁਦ ਚੁੱਕੀ ਸੀ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਖ਼ੁਦ ਖੇਤੀ ਕਾਨੂੰਨਾਂ ਨੂੰ ਵਧੀਆ ਦੱਸਦੇ ਰਹੇ ਅਤੇ ਹੁਣ ਯੂ-ਟਰਨ ਲੈ ਗਏ।
ਉੱਥੇ ਸ਼੍ਰੋਮਣੀ ਅਕਾਲੀ ਦਲ ਤੋਂ ਅਲੱਗ ਹੋ ਕੇ ਆਪਣਾ ਵੱਖਰਾ ਅਕਾਲੀ ਦਲ(ਡ) ਬਣਾਉਣ ਵਾਲੇ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਇਨ੍ਹਾਂ ਦੋਨਾਂ ਨੂੰ ਨੁਕਸਾਨ ਹੋਵੇਗਾ। ਇਸ ਦੇ ਨਾਲ ਢੀਂਡਸਾ ਨੇ ਕਿਹਾ ਕਿ ਅਕਾਲੀ ਦਲ ਨੂੰ ਭਾਜਪਾ ਨਾਲੋਂ ਜ਼ਿਆਦਾ ਨੁਕਸਾਨ ਹੋਵੇਗਾ।
ਇਸ ਦੇ ਨਾਲ ਹੀ ਅਕਾਲੀ ਦਲ ਦੇ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜੋ ਗਲਤੀਆਂ ਇੰਦਰਾ ਗਾਂਧੀ ਕਰਦੀ ਰਹੀ, ਉਹੀ ਹੁਣ ਐਨਡੀਏ ਸਰਕਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਭਾਜਪਾ ਵੀ ਕਾਂਗਰਸ ਵਾਂਗ ਸੰਘੀ ਢਾਂਚੇ ਨੂੰ ਢਾਹ ਲਾਉਣ 'ਤੇ ਲੱਗੀ ਹੋਈ ਹੈ।