ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਕਿਸਾਨਾਂ ਦੀ ਸਥਿਤੀ 'ਤੇ ਮਗਰਮੱਛ ਦੇ ਹੰਝੂ ਵਹਾਉਣੇ ਬੰਦ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਸਮਰਥਨ ਨਾਲ ਕੇਂਦਰ ਸਰਕਾਰ ਵੱਲੋਂ ਪਾਸੇ ਕੀਤੇ ਖੇਤੀ ਆਰਡੀਨੈਂਸਾਂ ਨੇ ਕਿਸਾਨਾਂ ਦੀ ਜਾਨ ਸੂਲੀ ਉੱਤੇ ਟੰਗੀ ਹੋਈ ਹੈ।
ਕੈਪਟਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਨ੍ਹਾਂ ਆਰਡੀਨੈਂਸਾਂ, ਜੋ ਸਪੱਸ਼ਟ ਤੌਰ 'ਤੇ ਘੱਟੋ-ਘੱਟ ਸਮਰਥਨ ਮੁੱਲ ਦਾ ਅੰਤ ਕਰ ਦੇਣ ਵੱਲ ਪਹਿਲਾ ਕਦਮ ਹੈ, ਦੇ ਹੱਕ ਵਿੱਚ ਭੁਗਤਣ ਨਾਲ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਦੇ ਢਕਵੰਜ ਤੋਂ ਪਰਦਾ ਚੱਕ ਦਿੱਤਾ ਹੈ, ਜਦਕਿ ਇਨ੍ਹਾਂ ਦੇ ਸ਼ਾਸਨਕਾਲ ਦੌਰਾਨ ਕਿਸਾਨਾਂ ਦੀ ਸਥਿਤੀ ਨਿੱਘਰ ਚੁੱਕੀ ਸੀ। ਉਨ੍ਹਾਂ ਕਿਹਾ ਕਿ ਸੁਖਬੀਰ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਉਸ ਦੀ ਪਤਨੀ ਅਤੇ ਅਕਾਲੀ ਲੀਡਰ ਹਰਸਿਮਰਤ ਬਾਦਲ ਵੀ ਕੇਂਦਰੀ ਮੰਤਰੀ ਵਜੋਂ ਇਨ੍ਹਾਂ ਆਰਡੀਨੈਂਸਾਂ ਦੀ ਪ੍ਰਵਾਨਗੀ 'ਤੇ ਮੋਹਰ ਲਾਉਣ ਵਾਲੀ ਵਜ਼ਾਰਤ ਵਿੱਚ ਸ਼ਾਮਲ ਸੀ।
ਘੱਟੋ-ਘੱਟ ਸਮਰਥਨ ਮੁੱਲ 'ਤੇ ਕੇਂਦਰ ਸਰਕਾਰ ਪਾਸੋਂ ਸਪੱਸ਼ਟੀਕਰਨ ਲੈਣ ਲਈ ਸੁਖਬੀਰ ਬਾਦਲ ਵੱਲੋਂ ਕਿਸਾਨ ਜਥੇਬੰਦੀਆਂ ਦੇ ਵਫ਼ਦ ਦੀ ਅਗਵਾਈ ਕਰਨ ਦੀ ਕੀਤੀ ਪੇਸ਼ਕਸ਼ ਦੀ ਖਿੱਲੀ ਉਡਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੱਥੋਂ ਪਤਾ ਲਗਦਾ ਹੈ ਕਿ ਸੁਖਬੀਰ ਬਾਦਲ ਜ਼ਮੀਨੀ ਹਕੀਕਤ ਤੋਂ ਪੂਰੀ ਤਰ੍ਹਾਂ ਅਣਜਾਣ ਹੈ।