ਚੰਡੀਗੜ੍ਹ: ਸੂਬੇ ਵਿਚ ਕੋਵਿਡ 19 ਦੇ ਵੱਧ ਰਹੇ ਖ਼ਤਰੇ ਨਾਲ ਨਜਿੱਠਣ ਲਈ ਅੱਜ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ਹੇਠ ਸੱਤ ਮੰਤਰੀਆਂ ਦੇ ਸਮੂਹ (ਜੀਓਐਮ) ਦੀ ਮੀਟਿੰਗ ਹੋਈ। ਸੂਬੇ ਵਿੱਚ ਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਲੋਕਾਂ ਨੂੰ ਅਹਿਤਿਆਤ ਅਤੇ ਸਾਵਧਾਨੀਆਂ ਬਾਰੇ ਜਾਗਰੂਕ ਕਰਨ ਲਈ ਮੰਤਰੀ ਸਮੂਹ ਨੇ ਵਿਆਪਕ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਹੈ।
ਡਿਪਟੀ ਕਮਿਸ਼ਨਰਾਂ ਨੂੰ ਵੱਡੇ ਇਕੱਠਾਂ ਲਈ ਪ੍ਰਵਾਨਗੀ ਨਾ ਦੇਣ ਸਬੰਧੀ ਹਦਾਇਤ ਕੀਤੀ ਗਈ ਹੈ ਅਤੇ ਧਾਰਮਿਕ ਲੀਡਰਾਂ ਤੇ ਡੇਰਾ ਮੁਖੀਆਂ ਨੂੰ ਵੀ ਆਪਣੇ ਧਾਰਮਿਕ ਸਮਾਗਮਾਂ ਨੂੰ ਵੀ ਮੁਲਤਵੀ ਕਰਨ ਦੀ ਅਪੀਲ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪ੍ਰਧਾਨਗੀ ਹੇਠ ਇਸ ਉੱਚ ਪੱਧਰੀ ਸਮੂਹ ਦਾ ਗਠਨ ਕੀਤਾ ਹੈ, ਜਿਸ ਵਿੱਚ ਓਮ ਪ੍ਰਕਾਸ਼ ਸੋਨੀ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਰਜ਼ੀਆ ਸੁਲਤਾਨਾ, ਬਲਬੀਰ ਸਿੰਘ ਸਿੱਧੂ, ਵਿਜੇ ਇੰਦਰ ਸਿੰਗਲਾ ਅਤੇ ਭਾਰਤ ਭੂਸ਼ਣ ਆਸ਼ੂ ਸ਼ਾਮਲ ਹਨ।
ਮੰਤਰੀਆਂ ਦਾ ਸਮੂਹ ਰੋਜ਼ਾਨਾ ਅਧਾਰ 'ਤੇ ਸਥਿਤੀ ਦਾ ਜਾਇਜ਼ਾ ਲਵੇਗਾ ਅਤੇ ਲੋੜੀਂਦੀਆਂ ਦਵਾਈਆਂ ਦੀ ਉਪਲੱਬਧਤਾ, ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਦੀ ਉਪਲੱਬਧਤਾ ਅਤੇ ਸੂਬੇ ਭਰ ਵਿੱਚ ਆਈਸੋਲੇਸ਼ਨ ਵਾਰਡ ਸਥਾਪਤ ਕਰਨ ਨੂੰ ਯਕੀਨੀ ਬਣਾਏਗਾ ਤਾਂ ਜੋ ਕੋਵਿਡ-19 ਦੇ ਸ਼ੱਕੀ ਮਰੀਜ਼ਾਂ ਨੂੰ ਵੱਖ ਰੱਖਿਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਸੂਬੇ ਦੀ ਪ੍ਰਬੰਧਕੀ ਅਮਲੇ ਨੇ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਤੁਰੰਤ ਕਾਰਵਾਈ ਕੀਤੀ ਅਤੇ ਇਸ ਸਮੇਂ ਸੂਬੇ ਭਰ ਵਿੱਚ ਕੋਵਿਡ 19 ਦੇ ਮਰੀਜਾਂ ਨੂੰ ਵੱਖਰੇ ਰੱਖਣ ਲਈ 2200 ਬੈੱਡ ਤਿਆਰ ਹਨ। ਇਸ ਤੋਂ ਇਲਾਵਾ ਪ੍ਰਾਇਵੇਟ ਹਸਪਤਾਲਾਂ ਵਿੱਚ 250 ਵੈਂਟੀਲੇਟਰ ਹਨ, ਜਦਕਿ ਅੰਮ੍ਰਿਤਸਰ ਅਤੇ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ 20-20 ਵੈਂਟੀਲੇਟਰ ਤਿਆਰ ਹਨ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਆਪਣੇ-ਆਪ ਨੂੰ ਕੋਵਿਡ-19 ਤੋਂ ਬਚਾਉਣ ਲਈ ਹੱਥ ਮਿਲਾਉਣ, ਭੀੜ ਵਾਲੀਆਂ ਥਾਵਾਂ 'ਤੇ ਜਾਣ, ਧਾਰਮਿਕ ਇਕੱਠ ਵਿੱਚ ਜਾਣ ਤੋਂ ਗੁਰੇਜ਼ ਕਰਨ ਸਬੰਧੀ ਜਾਗਰੂਕ ਕਰਨ ਲਈ ਸਾਰੇ ਸਰਕਾਰੀ ਵਿਭਾਗਾਂ, ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.), ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਅਤੇ ਐਨ.ਜੀ.ਓਜ਼ ਦੇ ਨਾਲ ਸਾਂਝੇ ਤੌਰ 'ਤੇ ਜਾਗਰੂਕਤਾ ਮੁਹਿੰਮ ਚਲਾਈ ਜਾਏਗੀ।
ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰ, ਡੀਡੀਪੀਓਜ਼ / ਬੀਡੀਪੀਓਜ਼ ਅਤੇ ਪੰਚਾਇਤ ਸੱਕਤਰ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਨਿੱਜੀ ਤੌਰ 'ਤੇ ਜਾਗਰੂਕ ਕਰਨਗੇ। ਇਸੇ ਤਰ੍ਹਾਂ ਡੀਈਓਜ਼ ਇਹ ਯਕੀਨੀ ਬਣਾਉਣਗੇ ਕਿ ਸਵੇਰ ਦੀ ਸਭਾ ਵਿੱਚ ਇਕੱਠੇ ਹੋਏ ਸਕੂਲੀ ਵਿਦਿਆਰਥੀ ਇੱਕ ਦੂਜੇ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖਣ। ਸ੍ਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਮੰਤਰੀ ਸਮੂਹ ਇਸ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਅਤੇ ਪ੍ਰਗਤੀ ਦੀ ਜਾਇਜਾ ਲੈਣ ਲਈ ਕਾਰਵਾਈ ਰਿਪੋਰਟ ਦੀ ਸਮੀਖਿਆ ਕਰੇਗਾ।