ਚੰਡੀਗੜ੍ਹ ਡੈਸਕ :ਸੰਸਦ ਦਾ ਸਰਦ ਰੁੱਤ ਅੱਜ ਤੋਂ ਸ਼ੁਰੂ ਹੋਏ ਇਜਲਾਸ ਵਿੱਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਰਾਲੀ ਸਾੜਨ ਦਾ ਮੁੱਦਾ ਚੁੱਕਿਆ ਹੈ। ਬਲਬੀਰ ਸਿੰਘ ਨੇ ਇਸ ਮੌਕੇ ਕਿਹਾ ਕਿ ਪਰਾਲੀ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਨੂੰ ਜਾਣਬੁੱਝ ਕੇ ਬਦਨਾਮ ਕੀਤਾ ਜਾ ਰਿਹਾ ਹੈ ਅਤੇ ਪਰਾਲੀ ਦੇ ਧੂੰਏ ਕਾਰਨ ਪ੍ਰਦੂਸ਼ਣ ਨੂੰ ਲੈ ਕੇ ਵੀ ਲਗਾਤਾਰ ਪੰਜਾਬ ਨੂੰ ਸਵਾਲ ਹੋ ਰਹੇ ਹਨ। ਯਾਦ ਰਹੇ ਕਿ ਇਹ ਇਜਲਾਸ 22 ਦਸੰਬਰ ਤੱਕ ਚੱਲੇਗਾ ਅਤੇ 19 ਦਿਨਾਂ ਦੌਰਾਨ ਦੋਵਾਂ ਸਦਨਾਂ ਵਿੱਚ 15 ਮੀਟਿੰਗਾਂ ਕੀਤੀਆਂ ਜਾਣਗੀਆਂ।
ਕੇਂਦਰ ਨੂੰ ਦਿੱਤਾ ਸੀ ਸੁਝਾਅ :ਸੰਸਦ ਨੂੰ ਸੰਬੋਧਨ ਕਰਦਿਆਂ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਨੂੰ ਇਹ ਸੁਝਾਅ ਵੀ ਦਿੱਤਾ ਸੀ ਕਿ ਪੰਜਾਬ ਦੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਦੀ ਲੋੜ ਹੈ ਅਤੇ ਜੇਕਰ ਅਜਿਹਾ ਕੀਤਾ ਜਾਂਦਾ ਹੈ ਤਾਂ ਪੰਜਾਬ ਦੇ ਕਿਸਾਨ ਪਰਾਲੀ ਸਾੜਨ ਤੋਂ ਕਿਨਾਰਾ ਕਰ ਸਕਦੇ ਹਨ। ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ 1500 ਰੁਪਏ ਦੇਣ ਦੀ ਗੱਲ ਕਹੀ ਸੀ ਤੇ ਕਿਹਾ ਸੀ ਕਿ ਉਹ ਆਪਣੇ ਵੱਲੋਂ ਕਿਸਾਨਾਂ ਨੂੰ 500 ਰੁਪਏ ਦੇਣਗੇ। ਇਸ ਨਾਲ ਪਰਾਲੀ ਦੀ ਸਮੱਸਿਆ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।