ਚੰਡੀਗੜ੍ਹ:ਪੰਜਾਬ ਸਰਕਾਰ ਨੇ ਬੀਤੇ ਦਿਨੀ ਸਰਕਾਰੀ ਮੁਲਜ਼ਮਾਂ ਨਾਲ ਵਾਅਦਾ ਕਰਦਿਆਂ ਉਨ੍ਹਾਂ ਨੂੰ ਬੁਢਾਪੇ ਦਾ ਸਹਾਰਾ ਪੁਰਾਣੀ ਪੈਨਸ਼ਨ ਸਕੀਮ ਦਾ ਲਾਹਾ ਦੇਣ ਲਈ ਕਿਹਾ ਸੀ। ਹੁਣ ਆਪਣੇ ਇਸ ਵਾਅਦੇ ਨੂੰ ਪੰਜਾਬ ਸਰਕਾਰ ਨੇ ਅਮਲੀ ਜਾਮਾ ਪਹਿਨਾਉਣ ਦੀ ਤਿਆਰੀ ਕਰ ਲਈ ਹੈ। ਦਰਅਸਲ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਤਿਆਰੀ ਕਰ ਰਹੇ ਹਨ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ 5 ਅਧਿਕਾਰੀਆਂ ਦੀ ਵਿੱਤ ਪ੍ਰਬੰਧਨ ਕਮੇਟੀ ਦਾ ਗਠਨ ਕੀਤਾ ਹੈ। ਗਠਿਤ ਕਮੇਟੀ ਆਪਣੇ ਸੁਝਾਵਾਂ ਸਮੇਤ ਆਪਣੀ ਰਿਪੋਰਟ ਪੰਜਾਬ ਮੰਤਰੀ ਮੰਡਲ ਦੀ ਸਬ-ਕਮੇਟੀ ਨੂੰ ਪੇਸ਼ ਕਰੇਗੀ। ਇਹ ਕਮੇਟੀ ਪੁਰਾਣੀ ਪੈਨਸ਼ਨ ਸਕੀਮ ਲਈ ਵਿੱਤ ਦੇ ਸਰੋਤਾਂ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਏਗੀ।
ਇਹ ਹਨ ਕਮੇਟੀ ਮੈਂਬਰ:ਪੰਜਾਬ ਸਰਕਾਰ ਨੇ ਇਸ ਪੂਰੇ ਕੰਮ ਨੂੰ ਪੂਰਾ ਕਰ ਲਈ ਮੁੱਖ ਸਕੱਤਰ ਵੀਕੇ ਜੰਜੂਆ ਨੂੰ ਇਸ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਇਸ ਕਮੇਟੀ ਦੀ ਟੀਮ ਵਿੱਚ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ, ਮਿਸ਼ਨ ਡਾਇਰੈਕਟਰ ਐਨਐਚਐਮ ਅਭਿਨਵ ਤ੍ਰਿਖਾ ਅਤੇ ਮਾਲ ਵਿਭਾਗ ਦੇ ਵਧੀਕ ਮੁੱਖ ਸਕੱਤਰ ਕੇਏਪੀ ਸਿਨਹਾ ਨੂੰ ਨਿਯੁਕਤ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਕਮੇਟੀ ਜਲਦੀ ਹੀ ਆਪਣੀ ਰਿਪੋਰਟ ਸੌਂਪਣ ਜਾ ਰਹੀ ਹੈ।