ਨਵੀਂ ਦਿੱਲੀ: ਪਾਕਿਸਤਾਨ 'ਚ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਹੋਏ ਹਮਲੇ ਤੋਂ ਬਾਅਦ ਉਥੇ ਰਹਿ ਰਹੇ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਅਕਾਲੀ ਦਲ ਦੇ ਵਫਦ ਨੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਵਫਦ ਦੀ ਅਗਵਾਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕਰ ਰਹੇ ਸਨ।
ਇਸ ਮੁਲਾਕਾਤ 'ਚ ਅਕਾਲੀ ਦਲ ਨੇ ਪਾਕਿਸਤਾਨ 'ਚ ਰਹਿ ਰਹੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਏ ਜਾਣ ਦੀ ਮੰਗ ਪਾਕਿਸਤਾਨ ਕੋਲ ਚੁੱਕਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਨਨਕਾਣਾ ਸਾਹਿਬ ਦੇ ਮਾਮਲੇ ਸਬੰਧੀ ਵੀ ਗੱਲਬਾਤ ਕੀਤੀ ਗਈ।
ਪਾਕਿਸਤਾਨ 'ਚ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਕਾਲੀ ਦਲ ਨੇ ਇਹ ਮੁੱਦਾ ਯੂ.ਐਨ. 'ਚ ਵੀ ਚੁੱਕਣ ਦੀ ਮੰਗ ਕੀਤੀ।
ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸੁਖਬੀਰ ਬਾਦਲ ਨੇ ਟਵੀਟ ਕਰਕੇ ਇਸ ਮੁਲਾਕਾਤ ਬਾਰੇ ਜਾਣਕਾਰੀ ਦਿੱਤੀ ਸੀ।
ਦੱਸ ਦਈਏ ਕਿ ਸ਼ੁੱਕਰਵਾਰ ਨੂੰ ਭੀੜ ਨੇ ਗੁਰਦੁਆਰਾ ਨਨਕਾਣਾ ਸਾਹਿਬ 'ਤੇ ਪਥਰਾਅ ਕਰ ਦਿੱਤਾ ਸੀ। ਭੀੜ ਦੀ ਅਗਵਾਈ ਮੁਹੰਮਦ ਹਸਨ ਦੇ ਪਰਿਵਾਰ ਵੱਲੋਂ ਕੀਤੀ ਜਾ ਰਹੀ ਸੀ।
ਇਸ ਮਾਮਲੇ ਦੇ ਮੁੱਖ ਦੋਸ਼ੀ ਇਮਰਾਨ ਚਿਸ਼ਤੀ ਨੇ ਹਮਲੇ ਦੇ ਅਗਲੇ ਹੀ ਦਿਨ, ਸੋਸ਼ਲ ਮੀਡੀਆ 'ਤੇ ਆਪਣੀ ਗ਼ਲਤੀ ਦੀ ਮੁਆਫ਼ੀ ਵੀ ਮੰਗੀ ਸੀ।
ਇਸ ਤੋਂ ਬਾਅਦ ਐਤਵਾਰ ਨੂੰ ਪੇਸ਼ਾਵਰ ਵਿੱਚ ਅਣਪਛਾਤੇ ਲੋਕਾਂ ਨੇ ਇੱਕ ਸਿੱਖ ਨੌਜਵਾਨ ਦਾ ਕਤਲ ਕਰ ਦਿੱਤਾ। ਨੌਜਵਾਨ ਦੀ ਲਾਸ਼ ਚਮਕਣੀ ਥਾਣੇ ਨੇੜੇ ਮਿਲੀ ਸੀ। ਇਸੇ ਲਈ ਪਾਕਿਸਤਾਨ ਵਿੱਚ ਸਿੱਖਾਂ ਦੀ ਸੁਰੱਖਿਆ ਲਈ ਅਕਾਲੀ ਦਲ ਦੇ ਵਫਦ ਨੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕੀਤੀ।