ਚੰਡੀਗੜ੍ਹ: ਸੀਬੀਆਈ ਦੀ ਕਲੋਜ਼ਰ 'ਤੇ ਚੱਲ ਰਹੀ ਸਿਆਸਤ ਨੇ ਇੱਕ ਹੋਰ ਸਿਆਸਤੀ ਮੋੜ ਲੈ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੇਅਦਬੀ ਮਾਮਲੇ 'ਤੇ ਆਪਣੇ ਦਿੱਤੇ ਬਿਆਨ 'ਤੇ ਬੋਲਦਿਆਂ ਕਿਹਾ ਕਿ ਸੀਬੀਆਈ ਦੀ ਕਲੋਜ਼ਰ ਰਿਪੋਰਟ ਬਾਰੇ ਉਨ੍ਹਾਂ ਦੇ ਬਿਆਨ ਨੂੰ ਬਿਲਕੁਲ ਹੀ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਨੇ ਬੇਅਦਬੀ ਮਾਮਲੇ ਵਿੱਚ ਕਦੇ ਵੀ ਕਿਸੇ ਨੂੰ ਕਲੀਨ ਚਿਟ ਨਹੀਂ ਦਿੱਤੀ ਤੇ ਨਾ ਹੀ ਡੇਰਾ ਪ੍ਰੇਮੀਆਂ ਦੀ ਗ੍ਰਿਫਤਾਰੀ ਨੂੰ ਗ਼ਲਤ ਕਰਾਰ ਦਿੱਤਾ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਸੀ ਕਿ ਅਕਾਲੀ ਦਲ ਇਸ ਕਲੋਜ਼ਰ ਰਿਪੋਰਟ ਦਾ ਸਖ਼ਤ ਵਿਰੋਧ ਕਰਦਾ ਹੈ ਤੇ ਚਾਹੁੰਦਾ ਹੈ ਕਿ ਇਸ ਕੇਸ ਨੂੰ ਕਿਸੇ ਸਿੱਟੇ 'ਤੇ ਪਹੁੰਚਾਇਆ ਜਾਵੇ।
ਸੁਖਬੀਰ ਨੇ ਕਿਹਾ ਕਿ ਕਲੋਜ਼ਰ ਰਿਪੋਰਟ ਦੀ ਜਾਂਚ ਨੂੰ ਬੰਦ ਕੀਤੇ ਜਾਣ ਵਿਰੁੱਧ ਉਹ ਪੂਰੀ ਦ੍ਰਿੜਤਾ ਨਾਲ ਆਪਣਾ ਅਤੇ ਆਪਣੀ ਪਾਰਟੀ ਦਾ ਸਟੈਂਡ ਦੁਹਰਾਉਂਦੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਕਲੋਜ਼ਰ ਰਿਪੋਰਟ ਨੂੰ ਵਾਪਸ ਲਏ ਜਾਣ ਦੇ ਹੱਕ ਵਿਚ ਹਾਂ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸੀਬੀਆਈ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਘਿਨੌਣੇ ਕੇਸ ਦੀ ਜਾਂਚ ਨੂੰ ਅੰਤਿਮ ਸਿੱਟੇ 'ਤੇ ਪਹੁੰਚਾਉਣ ਦਾ ਨਿਰਦੇਸ਼ ਦੇਵੇ।