ਜ਼ੀਰਕਪੁਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੇਂਦਰੀ ਰਾਸ਼ਨ ਘੁਟਾਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਤੇ ਕਿਹਾ ਕਿ ਕਾਂਗਰਸੀਆਂ ਜਿਨ੍ਹਾਂ ਨੇ ਗਰੀਬਾਂ ਲਈ ਆਏ ਰਾਸ਼ਨ ਦਾ ਘੁਟਾਲਾ ਕੀਤਾ, ਖ਼ਿਲਾਫ਼ ਕੇਸ ਦਰਜ ਹੋਣਾ ਚਾਹੀਦਾ ਹੈ ਤੇ ਉਨ੍ਹਾਂ ਨੇ ਕਾਂਗਰਸ ਸਰਕਾਰ ਨੂੰ ਪੈਟਰੋਲ ਤੇ ਡੀਜ਼ਲ ਦੀ ਕੀਮਤ ਵਿੱਚ 10 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰਨ ਲਈ ਵੀ ਆਖਿਆ।
ਜ਼ੀਰਕਪੁਰ ਵਿੱਚ ਇੱਕ ਵਿਸ਼ਾਲ ਧਰਨੇ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਐਲਾਨ ਕੀਤਾ ਕਿ ਇੱਕ ਵਾਰ ਪੰਜਾਬ ਸਰਕਾਰ ਤੇਲ ਕੀਮਤਾਂ ਵਿੱਚ 10 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰੇ, ਇਸ ਮਗਰੋਂ ਉਹ ਕੇਂਦਰ ਨੂੰ ਵੀ ਅਜਿਹਾ ਹੀ ਕਰਨ ਵਾਸਤੇ ਆਖਾਂਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਇਸ ਸਬੰਧ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖ ਕੇ ਪੈਟਰੋਲ ਅਤੇ ਡੀਜ਼ਲ 'ਤੇ ਆਬਕਾਰੀ ਡਿਊਟੀ ਘਟਾਉਣ ਦੀ ਮੰਗ ਕੀਤੀ ਸੀ।
ਉਨ੍ਹਾਂ ਨੇ ਇਹ ਵੀ ਮੰਗ ਕੀਤੀ ਕਿ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪ੍ਰਾਈਵੇਟ ਸਕੂਲਾਂ ਵਿੱਚ ਕੋਈ ਵੀ ਵਿਦਿਆਰਥੀ ਇਸ ਲਈ ਨਿਸ਼ਾਨਾ ਨਾ ਬਣਾਇਆ ਜਾਵੇ ਕਿਉਂਕਿ ਉਸਦੇ ਮਾਪੇ ਕੋਰੋਨਾ ਸੰਕਟ ਕਾਰਨ ਉਨ੍ਹਾਂ ਦੀ ਆਮਦਨ ਵਿੱਚ ਕਟੌਤੀ ਕਾਰਨ ਫੀਸਾਂ ਭਰਨ ਵਿੱਚ ਅਸਮਰਥ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੂੰ ਅਜਿਹੇ ਵਿਦਿਆਰਥੀਆਂ ਦੀ ਛੇ ਮਹੀਨੇ ਦੀ ਫੀਸ ਪੇਸ਼ਗੀ ਅਦਾ ਕਰ ਕੇ ਇਨ੍ਹਾਂ ਪ੍ਰਾਈਵੇਟ ਸਕੂਲਾਂ ਨੂੰ ਮੁਆਵਜ਼ਾ ਅਦਾ ਕਰਨਾ ਚਾਹੀਦਾ ਹੈ।