ਚੰਡੀਗੜ੍ਹ: ਅਕਾਲੀ ਦਲ ਦੇ ਬਾਗ਼ੀ ਸੁਖਦੇਵ ਸਿੰਘ ਢੀਂਡਸਾ ਨੇ ਬੀਤੇ ਦਿਨ ਆਪਣੀ ਨਵੀਂ ਪਾਰਟੀ ਬਣਾ ਲਈ ਹੈ, ਉਨ੍ਹਾਂ ਨੇ ਪਾਰਟੀ ਦਾ ਨਾਂ ਸ਼੍ਰੋਮਣੀ ਅਕਾਲੀ ਦਲ ਹੀ ਰੱਖਿਆ ਹੈ, ਜਿਸ ਨੂੰ ਲੈ ਕੇ ਅਕਾਲੀ ਦਲ ਬਾਦਲ ਦੇ ਧੜੇ ਵੱਲੋਂ ਇਸ ਨੂੰ ਗੈਰ-ਕਾਨੂੰਨੀ ਦੱਸਿਆ ਜਾ ਰਿਹਾ ਹੈ।
ਹੁਣ ਸੂਬੇ ਦੀ ਸਿਆਸਤ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਨੂੰ ਲੈ ਕੇ ਜੰਗ ਛਿੜ ਪਈ ਹੈ, ਜਿਸ ਨੂੰ ਲੈ ਕੇ ਈਟੀਵੀ ਭਾਰਤ ਦੀ ਟੀਮ ਨੇ ਸੁਖਦੇਵ ਸਿੰਘ ਢੀਂਡਸਾ ਨਾਲ ਖਾਸ ਗੱਲਬਾਤ ਕੀਤੀ। ਇਸ ਮੌਕੇ ਢੀਂਡਸਾ ਨੇ ਅਕਾਲੀ ਦਲ ਬਾਦਲ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਦੋਵੇਂ ਰਲੇ ਹੋਏ ਹਨ ਤਾਂ ਕਰਕੇ ਬਾਦਲ ਦੇ ਖ਼ਿਲਾਫ਼ ਕੋਈ ਢੁੱਕਵੀਂ ਕਾਰਵਾਈ ਨਹੀਂ ਹੋ ਰਹੀ। ਢੀਂਡਸਾ ਨੇ ਕਿਹਾ ਕਿ ਸਰਕਾਰ ਬਦਲਣ ਦੇ ਬਾਵਜੂਦ ਬਾਦਲ ਦਾ ਬਿਜ਼ਨਸ ਪਹਿਲਾਂ ਵਾਂਗ ਹੀ ਚੱਲ ਰਹੇ ਹਨ।
ਢੀਂਡਸਾ ਨੇ ਸੁਖਬੀਰ ਬਾਦਲ 'ਤੇ ਨਿਸ਼ਾਨਾ ਸਾਧਦਿਆਂ ਇਹ ਵੀ ਕਿਹਾ ਕਿ ਐਸਜੀਪੀਸੀ ਇਨ੍ਹਾਂ ਦੇ ਕੰਟਰੋਲ ਵਿੱਚ ਹੈ ਅਤੇ ਕਿਹਾ ਕਿ ਐਸਜੀਪੀਸੀ ਵਿੱਚ ਅੱਜ ਕਰੋੜਾਂ ਰੁਪਿਆਂ ਦਾ ਘਪਲਾ ਹੋ ਰਿਹਾ ਹੈ।