ਪੰਜਾਬ

punjab

By

Published : Sep 7, 2019, 11:13 PM IST

ETV Bharat / state

ਪ੍ਰਕਾਸ਼ ਪੁਰਬ ਮੌਕੇ 8 ਤੋਂ 11 ਨਵੰਬਰ ਤੱਕ ਕਰਵਾਇਆ ਜਾਵੇਗਾ ਡੇਰਾ ਬਾਬਾ ਨਾਨਕ ਉਤਸਵ: ਰੰਧਾਵਾ

ਡੇਰਾ ਬਾਬਾ ਨਾਨਕ ਉਤਸਵ ਦੀ ਅਧਿਕਾਰਤ ਵੈਬਸਾਈਟ ਤੇ ਸੋਸ਼ਲ ਮੀਡੀਆ ਪਲੇਟਫਾਰਮ ਵੀ ਕੀਤਾ ਗਿਆ ਲਾਂਚ, ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਆਉਣ ਵਾਲੇ ਸ਼ਰਧਾਲੂਆਂ ਦੀ ਆਓ ਭਗਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਦੀ ਵੱਡੀ ਆਮਦ ਨੂੰ ਦੇਖਦਿਆਂ 8 ਤੋਂ 11 ਨਵੰਬਰ ਨੂੰ ਡੇਰਾ ਬਾਬਾ ਨਾਨਕ ਉਤਸਵ ਕਰਵਾਇਆ ਜਾਵੇਗਾ। ਉਤਸਵ ਦੌਰਾਨ ਰਾਗ ਦਰਬਾਰ, ਸ਼ਬਦ ਕੀਰਤਨ, ਢਾਡੀ ਵਾਰਾਂ, ਕਵੀਸ਼ਰੀ ਤੋਂ ਇਲਾਵਾ ਸਾਹਿਤ ਤੇ ਕਵੀ ਸੰਮੇਲਨ ਕਰਵਾਇਆ ਜਾਵੇਗਾ। ਸਾਰੇ ਸਮਾਗਮਾਂ ਦਾ ਵਿਸ਼ਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਉਪਦੇਸ਼ਾਂ ਦੁਆਲੇ ਕੇਂਦਰਿਤ ਹੋਵੇਗਾ ਅਤੇ ਪ੍ਰਦਰਸ਼ਨੀਆਂ ਰਾਹੀਂ ਗੁਰੂ ਸਾਹਿਬ ਦੇ ਜੀਵਨ, ਉਦਾਸੀਆਂ ਤੇ ਸਾਖੀਆਂ ਨੂੰ ਦਿਖਾਇਆ ਜਾਵੇਗਾ।

ਇਹ ਖੁਲਾਸਾ ਸਹਿਕਾਰਤਾ ਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਸੈਕਟਰ 35 ਸਥਿਤ ਮਾਰਕਫੈਡ ਦੇ ਮੁੱਖ ਦਫਤਰ ਵਿਖੇ ਉਤਸਵ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੱਦੀ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ। ਅੱਜ ਦੀ ਮੀਟਿੰਗ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਵੱਖ-ਵੱਖ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨੇ ਹਿੱਸਾ ਲਿਆ ਅਤੇ ਮੰਤਰੀ ਨੂੰ ਦੱਸਿਆ ਕਿ ਸਾਰੇ ਪ੍ਰਬੰਧ ਅਤੇ ਤਿਆਰੀਆਂ ਅਕਤੂਬਰ ਦੇ ਆਖਰੀ ਹਫਤੇ ਤੱਕ ਮੁਕੰਮਲ ਹੋ ਜਾਣਗੇ। ਮੀਟਿੰਗ ਦੌਰਾਨ ਸ. ਰੰਧਾਵਾ ਵੱਲੋਂ ਡੇਰਾ ਬਾਬਾ ਨਾਨਕ ਉਤਸਵ ਦੀ ਅਧਿਕਾਰਤ ਵੈਬਸਾਈਟ ਅਤੇ ਫੇਸਬੁੱਕ, ਟਵਿੱਟਰ, ਇੰਸਟਾਗਰਾਮ ਆਦਿ ਦੇ ਸੋਸ਼ਲ ਮੀਡੀਆ ਪਲੇਟਫਾਰਮ ਵੀ ਲਾਂਚ ਕੀਤੇ ਗਏ।

ਰੰਧਾਵਾ ਨੇ ਕਿਹਾ ਕਿ ਅਸੀਂ ਸਾਰੇ ਭਾਗਾਂ ਵਾਲੇ ਹਾਂ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਦਾ ਮੌਕਾ ਮਿਲਿਆ ਹੈ। ਇਸ ਮੌਕੇ ਕਰਤਾਰਪੁਰ ਲਾਂਘਾ ਖੁੱਲ੍ਹਣ ਦੇ ਨਾਲ ਨਾਨਕ ਨਾਮ ਲੇਵਾ ਸੰਗਤ ਦੀ ਵਰ੍ਹਿਆਂ ਤੋਂ ਕੀਤੀ ਜਾ ਰਹੀ ਅਰਦਾਸ ਵੀ ਪੂਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਲਈ ਡੇਰਾ ਬਾਬਾ ਨਾਨਕ ਦਰਸ਼ਨੀ ਢਿਉਡੀ ਸਮਾਨ ਹੈ। ਉਨ੍ਹਾਂ ਕਿਹਾ ਕਿ ਲਾਂਘਾ ਖੁੱਲ੍ਹਣ ਦੇ ਨਾਲ ਡੇਰਾ ਬਾਬਾ ਨਾਨਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਦਾ ਧੁਰਾ ਹੋਵੇਗਾ ਜਿਸ ਲਈ ਸਥਾਨਕ ਪ੍ਰਸ਼ਾਸ਼ਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸ਼ਰਧਾਲੂਆਂ ਦੀ ਆਓ ਭਗਤ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

ABOUT THE AUTHOR

...view details