ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਅੱਤਵਾਦ ਦੇ ਦੌਰ ਸਮੇਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਦੋਸ਼ ਵਿੱਚ ਸੂਬੇ ਦੀਆਂ ਵੱਖ-ਵੱਖ ਜੇਲਾਂ 'ਚ ਬੰਦ ਪੁਲਿਸ ਦੇ 5 ਮੁਲਾਜ਼ਮਾਂ ਨੂੰ ਮਾਨਵੀ ਆਧਾਰ 'ਤੇ ਰਿਹਾਅ ਕਰਨ ਦੇ ਫੈਸਲੇ ਤੋਂ ਬਾਅਦ ਹੁਣ ਇਸ ਮੁੱਦੇ 'ਤੇ ਸਿਆਸਤ ਭੱਖਣ ਲੱਗ ਪਈ ਹੈ। ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਵੱਲੋਂ ਇਸ ਦੀ ਸਖ਼ਤ ਨਿਖੇਧੀ ਕੀਤੀ ਗਈ ਹੈ।
ਖਹਿਰਾ ਨੇ ਕਿਹਾ ਕਿ 5 ਪੁਲਿਸ ਮੁਲਾਜ਼ਮ ਜਸਵੰਤ ਸਿੰਘ ਖਾਲੜਾ ਮਾਮਲੇ ਨਾਲ ਸਬੰਧ ਰੱਖਣ ਵਾਲੇ ਹਨ। ਜੇਕਰ ਸੂਬਾ ਸਰਕਾਰ ਦੀ ਸਿਫਾਰਿਸ਼ਾਂ 'ਤੇ ਉਨ੍ਹਾਂ ਨੂੰ ਛੱਡਿਆ ਗਿਆ ਤਾਂ ਖਾਲੜਾ ਪਰਿਵਾਰ ਨਾਲ ਮਜ਼ਾਕ ਹੋਵੇਗਾ, ਕਿਉਂਕਿ 1984 ਦੇ ਸਮੇਂ ਜੋ ਭੂਮਿਕਾ ਖਾਲੜਾ ਨੇ ਨਿਭਾਈ ਸੀ, ਉਸ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਛੱਡ ਕੇ ਸੂਬਾ ਸਰਕਾਰ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਦੇ ਜਖ਼ਮਾਂ 'ਤੇ ਲੁਣ ਛਿੜਕ ਰਹੀ ਹੈ। ਉਨ੍ਹਾਂ ਕਿਹਾ ਕਿ ਖਾਲੜਾ ਨੂੰ ਮਾਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਕੇਂਦਰ ਵੱਲੋਂ, ਜੇ ਰਿਹਾਅ ਕੀਤਾ ਜਾਂਦਾ ਹੈ, ਤਾਂ ਇਹ ਭਾਰਤੀ ਨਿਆਂ ਪ੍ਰਣਾਲੀ 'ਤੇ ਕਾਲਾ ਧੱਬਾ ਹੋਵੇਗਾ।