ਚੰਡੀਗੜ੍ਹ : ਭਾਜਪਾ ਆਗੂ ਸੁਨੀਲ ਕੁਮਾਰ ਜਾਖੜ ਨੇ, ਸਮੇਂ ਸਿਰ ਚਿਤਾਵਨੀਆਂ ਦੇ ਬਾਵਜੂਦ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਲੈ ਕੇ ਨਿਰਾਸ਼ਾਜਨਕ ਜਵਾਬ ਦੇਣ ਲਈ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਸੱਤਾਧਾਰੀ ਧਿਰ ਡਰਾਮੇ ਕਰ ਰਹੀ ਹੈ, ਜਦਕਿ ਸੂਬੇ ਵਿੱਚ ਲੋਕ ਆਪਣੇ ਘਰ ਗੁਆਉਣ ਅਤੇ ਬਚਾਅ ਲਈ ਲੜ ਰਹੇ ਹਨ। ਸੁਨੀਲ ਜਾਖੜ ਨੇ ਕਿਹਾ ਕਿ ਲੋਕਾਂ ਨੂੰ ਅੱਜ ਫੌਰੀ ਰਾਹਤ ਦੀ ਲੋੜ ਹੈ ਨਾ ਕਿ 'ਆਪ' ਆਗੂਆਂ ਦੇ ਫੋਟੋ ਸਟੰਟ ਦੀ, ਜੋ ਕਿ ਔਨਲਾਈਨ ਸਰਗਰਮ ਰਹਿਣ ਦੇ ਸ਼ੌਕੀਨ ਹਨ। ਜਾਖੜ ਨੇ ਕਿਹਾ ਕਿ ਸੂਬਾ ਸਰਕਾਰ ਗਿਰਦਾਵਰੀ ਦੀ ਉਡੀਕ ਨਾ ਕਰੇ ਅਤੇ ਨੁਕਸਾਨ ਝੱਲਣ ਵਾਲੇ ਸਾਰੇ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕਰੇ।
ਮੁੱਖ ਮੰਤਰੀ ਨੇ ਸਮੇਂ ਸਿਰ ਜਾਇਜ਼ਾ ਲਿਆ ਹੁੰਦਾ ਤਾਂ ਅੱਜ ਸਥਿਤੀ ਚਿੰਤਾਜਨਕ ਨਾ ਹੁੰਦੀ :ਜਾਖੜ ਨੇ ਮੁੱਖ ਮੰਤਰੀ ਨੂੰ ਸਰਹੱਦੀ ਖੇਤਰਾਂ ਦੇ ਕਿਸਾਨਾਂ, ਜਿਨ੍ਹਾਂ ਕੋਲ ਗਿਰਦਾਵਰੀ ਦੇ ਦਸਤਾਵੇਜ਼ ਨਹੀਂ ਹਨ, ਉਨਾਂ ਨੂੰ ਵੀ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਯਕੀਨੀ ਬਣਾਉਣ ਦੀ ਅਪੀਲ ਕੀਤੀ। ਸੁਨੀਲ ਜਾਖੜ ਨੇ ਸਥਿਤੀ ਦਾ ਜਾਇਜ਼ਾ ਲੈਣ ਅਤੇ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਗੱਲਬਾਤ ਕਰਨ ਲਈ ਪਹਿਲਾਂ ਫਿਰੋਜ਼ਪੁਰ, ਜ਼ੀਰਾ ਅਤੇ ਸ਼ਾਹਕੋਟ ਖੇਤਰਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਸੂਬਾ ਸਰਕਾਰ ਨਾਲ ਪ੍ਰਭਾਵੀ ਅਤੇ ਸਮੇਂ ਸਿਰ ਮੁਆਵਜ਼ੇ ਲਈ ਆਪਣੀ ਲੜਾਈ ਲੜਨਗੇ ਤੇ ਸੁੱਤੀ ਪਈ ਸਰਕਾਰ ਨੂੰ ਜਗਾਉਣਗੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਮੁੱਖ ਮੰਤਰੀ ਤੋਂ ਪੁੱਛ ਰਹੇ ਹਨ ਕਿ ਜਦੋਂ 4 ਜੁਲਾਈ ਨੂੰ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤੇ ਗਏ ਸਨ ਤਾਂ ਉਨ੍ਹਾਂ ਨੇ ਹੜ੍ਹ ਦੀਆਂ ਤਿਆਰੀਆਂ ਦਾ ਜਾਇਜ਼ਾ ਕਿਉਂ ਨਹੀਂ ਲਿਆ? 6 ਜੁਲਾਈ ਨੂੰ ਆਰੇਂਜ ਅਲਰਟ ਜਾਰੀ ਕੀਤਾ ਸੀ, ਪਰ ਮੁੱਖ ਮੰਤਰੀ ਦੂਜੇ ਸੂਬਿਆਂ ਦੇ ਦੌਰੇ 'ਤੇ ਰੁੱਝੇ ਰਹੇ। ਜਾਖੜ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਨੇ ਸਮੇਂ ਸਿਰ ਸਥਿਤੀ ਦਾ ਜਾਇਜ਼ਾ ਲਿਆ ਹੁੰਦਾ ਅਤੇ ਉਪਾਅ ਕਰਨ ਦੇ ਆਦੇਸ਼ ਦਿੱਤੇ ਹੁੰਦੇ ਤਾਂ ਅੱਜ ਸਥਿਤੀ ਇੰਨੀ ਚਿੰਤਾਜਨਕ ਨਾ ਹੁੰਦੀ।
ਡਰੇਨਾਂ ਦੀ ਸਫ਼ਾਈ ਨਾ ਹੋਣ ਕਾਰਨ ਸਥਿਤੀ ਵਿਗੜੀ :ਸੁਨੀਲ ਜਾਖੜ ਨੇ ਕਿਹਾ ਕਿ ਇਸ ਸਾਲ ਡਰੇਨਾਂ ਦੀ ਸਫ਼ਾਈ ਨਾ ਹੋਣ ਕਾਰਨ ਸਥਿਤੀ ਵਿਗੜ ਗਈ ਹੈ। ਜਾਖੜ ਨੇ ਸਾਲਾਨਾ ਪ੍ਰਬੰਧ ਕਰਨ ਵਿੱਚ ਅਸਫਲ ਰਹਿਣ ਲਈ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ, ਜਿਸ ਨੂੰ ਮੁੱਖ ਮੰਤਰੀ ਨੇ ਬਰਸਾਤ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਯਕੀਨੀ ਬਣਾਉਣਾ ਚਾਹੀਦਾ ਸੀ। ਸਾਰੇ ਪ੍ਰਭਾਵਿਤ ਲੋਕਾਂ ਨੂੰ ਹਰ ਤਰ੍ਹਾਂ ਦੀ ਮਦਦ ਅਤੇ ਸਮਰਥਨ ਦੇਣ ਲਈ ਭਾਜਪਾ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਜਾਖੜ ਨੇ ਪੰਜਾਬੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਲੋੜੀਂਦੀਆਂ ਸ਼ਰਤਾਂ ਤੋਂ ਛੋਟ ਦੇ ਕੇ 218.40 ਕਰੋੜ ਰੁਪਏ ਸਮੇਂ ਸਿਰ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ।
ਇਸ ਮੌਕੇ ਜਾਖੜ ਦੇ ਨਾਲ ਰਾਣਾ ਗੁਰਮੀਤ ਸਿੰਘ ਸੋਢੀ, ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ, ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਜ਼ੀਰਾ, ਜ਼ਿਲ੍ਹਾ ਜਲੰਧਰ ਦਿਹਾਤੀ ਦੇ ਪ੍ਰਧਾਨ ਪੰਕਜ ਢੀਂਗਰਾ, ਸਾਬਕਾ ਵਿਧਾਇਕ ਤੇ ਜਲੰਧਰ ਤੋਂ ਲੋਕ ਸਭਾ ਉਮੀਦਵਾਰ ਇੰਦਰ ਇਕਬਾਲ ਅਟਵਾਲ ਸਮੇਤ ਕਈ ਸੀਨੀਅਰ ਆਗੂ ਹਾਜ਼ਰ ਸਨ।