ਚੰਡੀਗੜ੍ਹ:ਸੁਪਰੀਮ ਕੋਰਟ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਉਨ੍ਹਾਂ ਦੀ ਮੌਤ ਦੇ ਦੋ ਦਿਨ ਬਾਅਦ ਧੋਖਾਧੜੀ ਦੇ ਮਾਮਲੇ ਵਿੱਚ ਕਲੀਨ ਚਿੱਟ ਦੇ ਦਿੱਤੀ ਹੈ। ਦੱਸ ਦਈਏ ਇਸ ਮਾਮਲੇ ਵਿੱਚ ਸੁਖਬੀਰ ਬਾਦਲ ਅਤੇ ਸੀਨੀਅਰ ਕਾਲੀ ਆਗੂ ਦਲਜੀਤ ਸਿੰਘ ਚੀਮਾ ਦੇ ਨਾਂ ਵੀ ਸ਼ਾਮਲ ਸੀ। ਹੁਣ ਸਿਖਰਲੀ ਅਦਾਲਤ ਨੇ ਕੇਸ ਨੂੰ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਹੁਸ਼ਿਆਰਪੁਰ ਦੀ ਅਦਾਲਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਨੂੰ ਲੈ ਕੇ ਪਿਓ-ਪੁੱਤ ਵਿਰੁੱਧ ਧੋਖਾਧੜੀ ਦੇ ਇਲਜ਼ਾਮਾਂ ਨਾਲ ਸਬੰਧਤ ਕੇਸ ਵਿੱਚ ਜਾਰੀ ਕੀਤੇ ਸੰਮਨ ਨੂੰ ਵੀ ਰੱਦ ਕਰ ਦਿੱਤਾ ।
ਕਾਨੂੰਨ ਦੀ ਦੁਰਵਰਤੋਂ :ਜਸਟਿਸ ਐਮਆਰ ਸ਼ਾਹ ਅਤੇ ਸੀਟੀ ਰਵੀਕੁਮਾਰ ਦੇ ਬੈਂਚ ਨੇ 11 ਅਪ੍ਰੈਲ ਨੂੰ ਬਾਦਲ ਪਿਓ-ਪੁੱਤ ਅਤੇ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਵੱਲੋਂ ਦਾਇਰ ਪਟੀਸ਼ਨਾਂ ਦੇ ਬੈਚ ’ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ, ਜਿਸ ਵਿੱਚ ਪੰਜਾਬ ਦੀ ਹੁਸ਼ਿਆਰਪੁਰ ਹੇਠਲੀ ਅਦਾਲਤ ਵੱਲੋਂ ਜਾਰੀ ਸੰਮਨਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਹਰਿਆਣਾ ਹਾਈਕੋਰਟ ਬੈਂਚ ਦੀ ਤਰਫੋਂ ਫੈਸਲਾ ਸੁਣਾਉਣ ਵਾਲੇ ਜਸਟਿਸ ਸ਼ਾਹ ਨੇ ਕਿਹਾ, "ਅਪੀਲ ਕਰਨ ਵਾਲਿਆਂ ਦੇ ਖਿਲਾਫ ਹੇਠਲੀ ਅਦਾਲਤ ਵੱਲੋਂ ਸੰਮਨ ਜਾਰੀ ਕਰਨ ਦਾ ਹੁਕਮ ਕਾਨੂੰਨ ਦੀ ਪ੍ਰਕਿਰਿਆ ਦੀ ਦੁਰਵਰਤੋਂ ਤੋਂ ਇਲਾਵਾ ਕੁਝ ਨਹੀਂ ਹੈ।"
ਇਹ ਸੀ ਮਾਮਲਾ: 2009 ਵਿੱਚ ਸਮਾਜ ਸੇਵੀ ਬਲਵੰਤ ਸਿੰਘ ਖੇੜਾ ਵੱਲੋਂ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਧੋਖਾਧੜੀ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਜਿਸ ਵਿੱਚ ਇਲਜ਼ਾਮ ਲਾਇਆ ਗਿਆ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੇ 2 ਸੰਵਿਧਾਨ ਹਨ- ਇੱਕ ਨੇ ਗੁਰਦੁਆਰਿਆਂ ਦੇ ਪ੍ਰਬੰਧ ਲਈ ਗੁਰਦੁਆਰਾ ਚੋਣ ਕਮਿਸ਼ਨ ਨੂੰ ਰਜਿਸਟਰਡ ਕੀਤਾ ਹੋਇਆ ਹੈ, ਜਦਕਿ ਦੂਜੇ ਨੇ ਚੋਣ ਕਮਿਸ਼ਨ ਨੂੰ ਸਿਆਸੀ ਪਾਰਟੀ ਵਜੋਂ ਰਜਿਸਟਰ ਕੀਤਾ ਹੋਇਆ ਹੈ। ਉਸ ਨੇ ਦਲੀਲ ਦਿੱਤੀ ਸੀ ਕਿ ਇਹ ਧੋਖਾਧੜੀ ਦੇ ਬਰਾਬਰ ਹੈ। ਇਸ ਤੋਂ ਪਹਿਲਾਂ ਹੇਠਲੀ ਅਦਾਲਤ ਵੱਲੋਂ ਸੰਮਨ ਜਾਰੀ ਕੀਤੇ ਜਾਣ ਤੋਂ ਬਾਅਦ ਬਾਦਲ ਪਰਿਵਾਰ ਅਤੇ ਚੀਮਾ ਨੇ ਪੰਜਾਬ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ। ਹਾਈ ਕੋਰਟ ਨੇ ਹੇਠਲੀ ਅਦਾਲਤ ਦੇ ਹੁਕਮਾਂ ਨੂੰ ਬਰਕਰਾਰ ਰੱਖਿਆ। ਜਿਸ ਤੋਂ ਬਾਅਦ ਬਾਦਲ ਪਰਿਵਾਰ ਅਤੇ ਚੀਮਾ ਨੇ ਅਗਸਤ 2021 ਵਿੱਚ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ ਅਤੇ ਹੁਣ ਸਿਖ਼ਰਲੀ ਅਦਾਲਤ ਨੇ ਮਾਮਲੇ ਵਿੱਚ ਮਰਹੂਮ ਪ੍ਰਕਾਸ਼ ਸਿੰਘ ਬਾਦਲ ਸਮੇਤ ਸੁਖਬੀਰ ਸਿੰਘ ਬਾਦਲ ਅਤੇ ਦਲਜੀਤ ਚੀਮਾ ਨੂੰ ਰਾਹਤ ਦਿੱਤੀ ਹੈ। ਦੱਸ ਦਈਏ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਸਿਖ਼ਰਲੀ ਅਦਾਲਤ ਤੋਂ ਇਹ ਰਾਹਤ ਉਦੋਂ ਮਿਲੀ ਹੈ ਜਦੋਂ ਉਹ 2 ਦਿਨ ਪਹਿਲਾਂ ਹੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਕੇ ਅਕਾਲ ਪੁਰਖ ਦੇ ਚਰਨਾ ਵਿੱਚ ਜਾ ਬਿਰਾਜੇ ਹਨ।
ਇਹ ਵੀ ਪੜ੍ਹੋ:ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਕੁਲਵੰਤ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ