ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਕੋਵਿਡ ਵਿਰੁੱਧ ਲੜਾਈ ‘ਚ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਹਿਯੋਗ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਇਸ ਸਬੰਧ ਵਿਚ ਸਤਿਸੰਗ ਦੀਆਂ ਵੱਖ-ਵੱਖ ਸ਼ਾਖਾਵਾਂ ਵਿਚ ਅਧਿਕਾਰਤ ਨੁਮਾਇੰਦਿਆਂ ਨਾਲ ਨੇੜਿਓਂ ਤਾਲਮੇਲ ਕਰਨ ਦੇ ਆਦੇਸ਼ ਦਿੱਤੇ ਹਨ।
ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਲਿਖੇ ਪੱਤਰ ਵਿਚ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕੋਵਿਡ ਮਰੀਜਾਂ ਦੇ ਇਲਾਜ ਲਈ ਸਾਰੀਆਂ ਸ਼ਾਖਾਵਾਂ ਉਪਲਬਧ ਕਰਵਾਉਣ ਅਤੇ ਇਸ ਉਦੇਸ਼ ਲਈ ਅਟੈਡੈਂਟ ਤਾਇਨਾਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਸਤਿਸੰਗ ਦੇ ਮੁਖੀ ਨੂੰ ਸੂਬਾ ਭਰ ਵਿਚ ਕੋਵਿਡ ਪ੍ਰਭਾਵਿਤ ਲੋਕਾਂ ਲਈ ਦਵਾਈਆਂ ਅਤੇ ਹੋਰ ਰਾਹਤ ਸਮੱਗਰੀ ਦੇ ਰੂਪ ਵਿਚ ਸਹਾਇਤਾ ਦੇਣ ਦੀ ਵੀ ਬੇਨਤੀ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ‘ਮਿਸ਼ਨ ਫਤਹਿ’ ਦੇ ਤਹਿਤ ਕੋਵਿਡ ਮਰੀਜਾਂ ਦੇ ਬਿਹਤਰ ਇਲਾਜ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ ਪਰ ਲਗਾਤਾਰ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਧਾਰਮਿਕ ਸੰਸਥਾਵਾਂ, ਗੈਰ-ਸਰਕਾਰੀ ਸੰਸਥਾਵਾਂ ਅਤੇ ਹੋਰ ਅਜਿਹੀਆਂ ਜਥੇਬੰਦੀਆਂ ਦੇ ਵਿਆਪਕ ਸਹਿਯੋਗ ਦੀ ਲੋੜ ਹੈ।