ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਭਾਜਪਾ ਦੀ ਕੇਂਦਰ ਸਰਕਾਰ ਦੇਸ਼ ਵਿੱਚੋਂ ਗਰੀਬੀ ਖਤਮ ਕਰਨ, ਗਰੀਬਾਂ ਦਾ ਜੀਵਨ ਪੱਧਰ ਉੱਚਾ ਚੁੱਕਣ, ਉਹਨਾਂ ਨੂੰ ਸਿੱਖਿਆ, ਰੋਜ਼ਗਾਰ, ਭੋਜਨ ਅਤੇ ਹੋਰ ਕਈ ਸਾਰੀਆਂ ਬੁਨਿਆਦੀ ਸਹੂਲਤਾਂ ਉਪਲੱਬਧ ਕਰਵਾਉਣ ਲਈ ਨਿਰੰਤਰ ਕੰਮ ਕਰ ਰਹੀ ਹੈ।
'ਕੇਂਦਰ ਸਰਕਾਰ ਇਸ ਸਾਲ 2 ਲੱਖ ਕਰੋੜ ਰੁਪਏ ਕਰੇਗੀ ਖਰਚ':ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇਸ ਬਾਰੇ ਜਾਰੀ ਆਪਣੇ ਪ੍ਰੇਸ ਬਿਆਨ ਵਿੱਚ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਇਸ ਸਾਲ ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ ਤਹਿਤ ਦੇਸ਼ ਦੇ 81.35 ਕਰੋੜ ਲਾਭਪਾਤਰੀਆ ਨੂੰ ਇਸ ਸਾਲ ਵੀ ਮੁਫ਼ਤ ਅਨਾਜ ਮੁਹੱਈਆ ਕਰਵਾਇਆ ਜਾਏਗਾ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਸ ਲਈ ਕੇਂਦਰ ਸਰਕਾਰ ਇਸ ਸਾਲ 31 ਦਸੰਬਰ 2023 ਤੱਕ ਇਸ ਸਭ ਤੇ 2 ਲੱਖ ਕਰੋੜ ਰੁਪਏ ਖਰਚ ਕਰੇਗੀ।
'ਪੰਜਾਬ ਵਿੱਚ ਅਮਨ ਕਾਨੂੰਨ ਦੀ ਹਾਲਤ ਬਦਤਰ':ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਦੀ ਤਿੱਖੀ ਆਲੋਚਨਾ ਕਰਦੇ ਹੋਏ ਕਿਹਾ ਕਿ ਜਦੋਂ ਤੋਂ ਇਹ ਸਰਕਾਰ ਬਣੀ ਹੈ। ਲੋਕ ਭਲਾਈ ਦੀਆਂ ਸਾਰੀਆਂ ਸਕੀਮਾਂ ਬੰਦ ਹੋ ਚੁੱਕੀਆਂ ਹਨ। ਉਹਨਾਂ ਪੰਜਾਬ ਸਰਕਾਰ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਇਸ਼ਤਿਹਾਰਾਂ 'ਤੇ ਹਰ ਰੋਜ ਕਰੋੜਾਂ ਰੁਪਏ ਬਰਬਾਦ ਕਰਨ ਦੀ ਬਜਾਏ ਲੋਕ ਭਲਾਈ ਸਕੀਮਾਂ ‘ਤੇ ਅਤੇ ਲੋਕਾਂ ਨਾਲ ਕੀਤੇ ਹੋਏ ਵਾਅਦਿਆਂ ਨੂੰ ਪੂਰਾ ਕਰਨ ਉੱਤੇ ਖਰਚ ਕਰੇ। ਭਗਵੰਤ ਮਾਨ ਸਰਕਾਰ ਪੰਜਾਬ ਦੀ ਜਨਤਾ ਤੇ ਟੈਕਸਾਂ ਦਾ ਨਵਾਂ ਬੋਝ ਵਧਾਉਣਾ ਬੰਦ ਕਰੇ। ਉਹਨਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਹਾਲਤ ਬਦਤਰ ਹੈ, ਪੰਜਾਬ ਸਰਕਾਰ ਦਾ ਇਸ ਵੱਲ ਕੋਈ ਧਿਆਨ ਨਹੀਂ ਹੈ।
'ਸਾਰੇ ਧਰਨਾਕਾਰੀਆਂ ਦੇ ਮਸਲੇ ਹੱਲ ਕਰੇ ਪੰਜਾਬ ਸਰਕਾਰ':ਉਹਨਾਂ ਕਿਹਾ ਕਿ ਪੰਜਾਬ ਦੀ ਜੀਐਸਟੀ ਤੋਂ ਕਮਾਈ ਦਿਨੋ ਦਿਨ ਘੱਟ ਰਹੀ ਹੈ, ਜੋ ਕਿ ਬਹੁਤ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਜੋ ਥਾਂ-ਥਾਂ ਧਰਨੇ ਲੱਗੇ ਹੋਏ ਹਨ, ਪੰਜਾਬ ਸਰਕਾਰ ਉਹਨਾਂ ਸਾਰੇ ਧਰਨਾਕਾਰੀਆਂ ਦੇ ਮਸਲੇ ਹੱਲ ਕਰੇ ਅਤੇ ਧੱਕੇਸ਼ਾਹੀ ਕਰਨੀ ਬੰਦ ਕਰੇ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ ,ਖੇਤੀਬਾੜੀ ਲਈ ਪਾਣੀ ਦੀ ਸਿੰਚਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇਸ ਸਾਲ 70 ਹਜ਼ਾਰ ਕਰੋੜ ਰੁਪਏ ਖਰਚ ਕਰ ਰਹੀ ਹੈ।ਉਹਨਾਂ ਪੰਜਾਬ ਸਰਕਾਰ ਨੂੰ ਬੇਨਤੀ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਡਿਪੂ ਹੋਲਡਰਾਂ ਦੀਆਂ ਸਾਰੀਆਂ ਸਮੱਸਿਆਵਾਂ ਵੱਲ ਧਿਆਨ ਦੇਵੇ ਤੇ ਤੁਰੰਤ ਹੱਲ ਕਰੇ।
ਇਹ ਵੀ ਪੜ੍ਹੋ:ਵਿਵਾਦਾਂ ਵਿੱਚ ਘਿਰੇ ਹਰਿਆਣਾ ਦੇ ਖੇਡ ਮੰਤਰੀ ਨੇ ਮੁੱਖ ਮੰਤਰੀ ਨੂੰ ਸੌਂਪਿਆ ਆਪਣਾ ਵਿਭਾਗ