ਚੰਡੀਗੜ੍ਹ :ਜਲੰਧਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹਿਰ ਦੀ ਕਾਇਆ-ਕਲਪ ਕਰਨ ਲਈ ਕੁੱਲ 100 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਅਤੇ ਕਈ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਨੇ 84 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਵੇਰਕਾ ਦਾ ਆਟੋਮੈਟਿਕ ਫਰਮੈਂਟਿਡ ਦੁੱਧ ਉਤਪਾਦਨ ਪਲਾਂਟ ਸ਼ਹਿਰ ਵਾਸੀਆਂ ਨੂੰ ਸਮਰਪਿਤ ਕੀਤਾ। ਇਸੇ ਤਰ੍ਹਾਂ ਉਨ੍ਹਾਂ ਬਸਤੀ ਦਾਨਿਸ਼ਮੰਦਾਂ ਵਿੱਚ 4.83 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਸਮਾਰਟ ਸਕੂਲ ਦਾ ਵਰਚੂਅਲ ਮਾਧਿਅਮ ਰਾਹੀਂ ਉਦਘਾਟਨ ਵੀ ਕੀਤਾ। ਭਗਵੰਤ ਮਾਨ ਨੇ ਸ਼ਹਿਰ ਦੇ ਲੈਦਰ ਕੰਪਲੈਕਸ ਵਿੱਚ ਸੜਕਾਂ ਤੇ ਸਟਰੀਟ ਲਾਈਟਾਂ ਲਾਉਣ ਦੇ ਪ੍ਰਾਜੈਕਟ ਦਾ ਵੀ ਨੀਂਹ ਪੱਥਰ ਰੱਖਿਆ।
ਕਿਸਾਨਾਂ ਦੀ ਭਲਾਈ ਦਾ ਭਰੋਸਾ :ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ ਨੂੰ ਆਉਣ ਵਾਲੇ ਦਿਨਾਂ ਵਿੱਚ ਆਦਰਸ਼ ਸ਼ਹਿਰ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਇਸ ਨੇਕ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਸ਼ਹਿਰ ਵਿੱਚ ਖੇਡ ਸਨਅਤ ਨੂੰ ਵੀ ਗਤੀ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਸੂਬਾ ਸਰਕਾਰ ਨੇ ਫ਼ਸਲ ਦੇ ਖ਼ਰਾਬੇ ਦੇ ਮੁਆਵਜ਼ੇ ਵਿੱਚ 25 ਫੀਸਦੀ ਵਾਧੇ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀ 75 ਫੀਸਦੀ ਤੋਂ ਵੱਧ ਫ਼ਸਲ ਦਾ ਨੁਕਸਨ ਹੋਇਆ ਹੈ, ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ 15 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਦਾ ਮੰਤਵ ਹਰ ਕੀਮਤ ਉਤੇ ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਇਹ ਮੁਆਵਜ਼ਾ 12 ਹਜ਼ਾਰ ਰੁਪਏ ਪ੍ਰਤੀ ਏਕੜ ਸੀ ਪਰ ਸਾਡੀ ਸਰਕਾਰ ਨੇ ਇਸ ਨੂੰ ਵਧਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਮੁਆਵਜ਼ਾ ਦੇਣ ਦੀ ਸਮੁੱਚੀ ਪ੍ਰਕਿਰਿਆ ਢਕਵੰਜ ਸੀ ਕਿਉਂਕਿ ਸਰਕਾਰਾਂ ਕਿਸਾਨਾਂ ਨੂੰ ਨਿਗੂਣਾ ਮੁਆਵਜ਼ਾ ਦੇਣ ਦੀਆਂ ਆਦੀ ਸਨ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਰਾਹਤ ਦੇਣ ਦੀ ਬਜਾਏ ਪਿਛਲੀਆਂ ਸਰਕਾਰਾਂ ਅੰਨਦਾਤਾ ਦੇ ਜ਼ਖ਼ਮਾਂ ਉਤੇ ਲੂਣ ਛਿੜਕਦੀਆਂ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਵੇਰਕਾ ਦੇ 1.25 ਲੱਖ ਲਿਟਰ ਪ੍ਰਤੀ ਦਿਨ ਦੀ ਸਮਰੱਥਾ ਵਾਲੇ ਪੂਰੀ ਤਰ੍ਹਾਂ ਆਟੋਮੇਟਿਡ ਫਰਮੈਂਟਿਡ ਦੁੱਧ ਉਤਪਾਦਨ ਪਲਾਂਟ ਦਾ 84 ਕਰੋੜ ਰੁਪਏ ਦੀ ਲਾਗਤ ਨਾਲ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਵਿੱਚ 50 ਐਮ.ਟੀ. ਪ੍ਰਤੀ ਦਿਨ ਦੀ ਸਮਰੱਥਾ ਵਾਲਾ ਆਟੋਮੇਟਿਡ ਦਹੀਂ ਪਲਾਂਟ ਅਤੇ 1.5 ਲੱਖ ਲਿਟਰ ਪ੍ਰਤੀ ਦਿਨ ਦੀ ਲੱਸੀ ਪ੍ਰਾਸੈਸਿੰਗ ਤੇ ਪੈਕੇਜਿੰਗ ਪਲਾਂਟ ਸ਼ਾਮਲ ਹੈ।