ਚੰਡੀਗੜ੍ਹ ਡੈਸਕ :ਨਾਨਕਸ਼ਾਹੀ ਕੈਲੰਡਰ ਨੂੰ ਲੈ ਕੇ ਇੱਕ ਵਾਰ ਫਿਰ ਭੰਬਲਭੂਸੇ ਵਾਲੀ ਸਥਿਤੀ ਬਣੀ ਹੋਈ ਹੈ। ਪਹਿਲਾਂ ਵੀ ਇਸ ਵਿੱਚ ਕੀਤੀਆਂ ਗਈਆਂ ਸੋਧਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋਇਆ ਸੀ। ਜਾਣਕਾਰੀ ਮੁਤਾਬਿਕ ਅੱਜ ਭਾਰਤ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਮਨਾਇਆ ਜਾ ਰਿਹਾ ਹੈ ਜਦੋਂ ਕਿ ਦੂਜੇ ਪਾਸੇ 22 ਸਤੰਬਰ ਵਾਲੇ ਦਿਨ ਹੀ ਪਾਕਿਸਤਾਨ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਰਸੀ ਮਨਾਈ ਜਾ ਰਹੀ ਹੈ।
ਇਹ ਹੈ ਗੜਬੜੀ :ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਜੀ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਜਾਣੇ ਹਨ। ਇਹ ਉਹ ਪਵਿੱਤਰ ਥਾਂ ਹੈ, ਜਿੱਥੇ ਬਾਬਾ ਜੀ ਨੇ ਆਪਣੇ (Death anniversary in Pakistan) ਜੀਵਨ ਦੇ ਆਖਰੀ 18 ਸਾਲ ਬਿਤਾਏ ਸਨ ਪਰ ਹੁਣ ਤੱਕ ਵੱਖ-ਵੱਖ ਸਿੱਖ ਧਾਰਮਿਕ ਸਮਾਗਮਾਂ ਦੀਆਂ ਤਰੀਕਾਂ ਨੂੰ ਲੈ ਕੇ ਸਹਿਮਤੀ ਬਣਾਉਣ ਵਿੱਚ ਅਸਫਲਤਾ ਹੱਥ ਲੱਗੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛਾਪੇ ਗਏ ਨਾਨਕ ਸ਼ਾਹੀ ਕੈਲੰਡਰ ਅਨੁਸਾਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ-ਜੋਤਿ ਸਮਾਉਣ ਦੀ ਤਰੀਕ 23 ਅੱਸੂ (ਭਾਵ ਇਸ ਸਾਲ 9 ਅਕਤੂਬਰ) ਅਤੇ ਵਿਆਹ ਪੁਰਬ 6 ਅੱਸੂ (ਭਾਵ ਇਸ ਸਾਲ 22 ਸਤੰਬਰ) ਨੂੰ ਹੈ।