ਚੰਡੀਗੜ੍ਹ: ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਵਿਦਿਅਕ ਅਦਾਰਿਆਂ ਅਤੇ ਸੰਸਥਾ ਨਾਲ ਸਬੰਧਤ ਹੋਰ ਸਖਾਵਾਂ ਦੇ 30 ਸਤੰਬਰ 2020 ਤੱਕ ਦੇ ਹੋਣ ਵਾਲੇ ਖਰਚਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
ਗੁਰੂ ਘਰਾਂ 'ਚ ਲੰਗਰ ਚਾਲੂ ਰਹਿਣਗੇ: ਭਾਈ ਗੋਬਿੰਦ ਸਿੰਘ ਲੌਂਗੋਵਾਲ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰੈੱਸ ਕਾਨਫ਼ਰੰਸ ਰਾਹੀਂ ਦੱਸਿਆ ਕਿ ਉਨ੍ਹਾਂ ਦੀ ਅਪੀਲ ਤੋਂ ਬਾਅਦ ਕੇਂਦਰ ਸਰਕਾਰ ਨੇ ਸਾਰੇ ਧਾਰਮਿਕ ਸਥਾਨ ਖੋਲ੍ਹ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਹ ਕੇਂਦਰ ਵੱਲੋਂ ਦਿੱਤੀਆਂ ਹਦਾਇਤਾਂ ਦਾ ਪਾਲਣ ਕਰ ਰਹੇ ਹਨ। ਇਸ ਦੇ ਨਾਲ ਹੀ ਗੁਰੂ ਘਰਾਂ ਵਿੱਚ ਵਰਤਾਏ ਜਾ ਰਹੇ ਲੰਗਰ ਅਤੇ ਕੜਾਹ ਪ੍ਰਸ਼ਾਦ ਬਾਰੇ ਬੋਲਦਿਆ ਕਿਹਾ ਕਿ ਲੰਗਰ ਅਤੇ ਕੜਾਹ ਪ੍ਰਸ਼ਾਦ ਗੁਰਦੁਆਰਾ ਸਾਹਿਬ ਦੀ ਮਰਯਾਦਾ ਦਾ ਅਹਿਮ ਅੰਗ ਹੈ, ਜਿਸ ’ਤੇ ਮਨਾਹੀ ਜਾਇਜ਼ ਨਹੀਂ ਹੈ। ਇਸ ਲਈ ਗੁਰੂ ਘਰਾਂ ਵਿੱਚ ਲੰਗਰ ਚਾਲੂ ਰਹਿਣਗੇ। ਇਸ ਦੇ ਨਾਲ ਹੀ ਲੌਂਗੋਵਾਲ ਪੰਜਾਬ ਦੇ ਵਿੱਚ ਉੱਠ ਰਹੇ ਖਾਲਿਸਤਾਨ ਦੇ ਮੁੱਦੇ 'ਤੇ ਕੁਝ ਵੀ ਬੋਲਣ ਤੋਂ ਭੱਜਦੇ ਨਜ਼ਰ ਆਏ।
ਕੋਰੋਨਾ ਮਹਾਂਮਾਰੀ ਕਾਰਨ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ ਨਹੀਂ ਹੋ ਸਕਿਆ ਸੀ। ਇਸ ਤੋਂ ਪਹਿਲਾਂ ਅੰਤ੍ਰਿੰਗ ਕਮੇਟੀ ਨੇ 1 ਅਪ੍ਰੈਲ ਤੋਂ 90 ਦਿਨਾਂ ਦੇ ਖ਼ਰਚਿਆਂ ਨੂੰ ਪ੍ਰਵਾਨਗੀ ਦਿੱਤੀ ਸੀ। ਸੋਮਵਾਰ ਨੂੰ ਹੋਈ ਬੈਠਕ ਦੌਰਾਨ ਮੁੜ 1 ਜੁਲਾਈ ਤੋਂ 30 ਸਤੰਬਰ ਤੱਕ ਦੇ ਖਰਚਿਆਂ ਨੂੰ ਪ੍ਰਵਾਨ ਕੀਤਾ ਗਿਆ ਹੈ। ਸ਼੍ਰੋਮਣੀ ਕਮਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੋਰੋਨਾ ਕਾਰਨ ਬਣੇ ਹਾਲਾਤਾਂ ਦੇ ਚੱਲਦਿਆਂ ਇਜਲਾਸ ਕਰਨਾ ਸੰਭਵ ਨਹੀਂ ਹੈ। ਇਸ ਕਰਕੇ ਮਹੀਨਾਵਾਰ ਖਰਚਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਤਾਂ ਜੋ ਸੰਸਥਾ ਦਾ ਕੰਮ-ਕਾਜ ਨਿਰਵਿਘਨ ਚੱਲਦਾ ਰਹੇ। ਹੋਰ ਫੈਸਲਿਆਂ ਸਬੰਧੀ ਭਾਈ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਨੂੰ ਵਿਸ਼ਾਲ ਪੱਧਰ ’ਤੇ ਮਨਾਉਣ ਲਈ ਵਿਉਂਤਬੰਦੀ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਸਥਾਪਨਾ ਦਿਵਸ ਸਬੰਧੀ 15 ਨਵੰਬਰ 2020 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮੁੱਖ ਸਮਾਗਮ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਦੇ ਇਤਿਹਾਸਕ ਪਿਛੋਕੜ, ਵਿਕਾਸ, ਯੋਗਦਾਨ ਅਤੇ ਪ੍ਰਾਪਤੀਆਂ ਬਾਰੇ ਡਾਕੂਮੈਂਟਰੀ ਫਿਲਮ ਤਿਆਰ ਕੀਤੀ ਜਾਵੇਗੀ ਅਤੇ ਇਸ ਤੋਂ ਇਲਾਵਾ 100 ਸਾਲਾ ਇਤਿਹਾਸ ਨਾਲ ਸਬੰਧਤ ਪੁਸਤਕਾਂ ਤਿਆਰ ਕੀਤੀਆਂ ਜਾਣਗੀਆਂ। ਸੰਸਥਾ ਦੇ ਸ਼ਾਨਾਮੱਤੇ ਇਤਿਹਾਸ ਬਾਰੇ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਸੈਮੀਨਾਰ ਆਯੋਜਿਤ ਕੀਤੇ ਜਾਣਗੇ।
ਭਾਈ ਲੌਂਗੋਵਾਲ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਕੌਮਾਂਤਰੀ ਪੱਧਰ ’ਤੇ ਮਨਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ। ਇਸ ਸਬੰਧ ਵਿੱਚ ਵੀ ਅਕਾਦਮਿਕ ਕਾਰਜਾਂ ਦੇ ਨਾਲ-ਨਾਲ ਸੈਮੀਨਾਰ ਅਤੇ ਸਮਾਗਮਾਂ ਦਾ ਪ੍ਰਬੰਧ ਕੀਤਾ ਜਾਵੇਗਾ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਵੀ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ। ਮੁੱਖ ਸਮਾਗਮ ਸ੍ਰੀ ਅੰਮ੍ਰਿਤਸਰ ਵਿਖੇ 1 ਮਈ 2021 ਨੂੰ ਹੋਵੇਗਾ। ਉਨ੍ਹਾਂ ਦੱਸਿਆ ਕਿ ਹਰ ਸ਼ਤਾਬਦੀ ਸਬੰਧੀ ਵੱਖ-ਵੱਖ ਜਥੇਬੰਦੀਆਂ, ਸਭਾ-ਸੁਸਾਇਟੀਆਂ ਅਤੇ ਸੰਗਤਾਂ ਦ ਸਹਿਯੋਗ ਨਾਲ ਸਮਾਗਮ ਹੋਣਗੇ। ਸ਼ਤਾਬਦੀਆਂ ਲਈ ਉੱਚਤਾਕਤੀ ਸਬ-ਕਮੇਟੀਆਂ ਦਾ ਜਲਦ ਗਠਨ ਕੀਤਾ ਜਾਵੇਗਾ, ਤਾਂ ਜੋ ਉੱਚਿਤ ਰੂਪ ਰੇਖਾ ਤਿਆਰ ਕੀਤੀ ਜਾ ਸਕੇ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਅੰਦਰ ਇਕ-ਇਕ ਏਕੜ ਵਿਚ ਵਿਰਾਸਤੀ ਦਰੱਖ਼ਤ ਲਗਾਏ ਜਾਣਗੇ, ਤਾਂ ਜੋ ਵਾਤਾਵਰਨ ਦੀ ਸ਼ੁੱਧਤਾ ਦੇ ਨਾਲ-ਨਾਲ ਪੰਛੀਆਂ ਨੂੰ ਵੀ ਰੈਣ-ਬਸੇਰੇ ਬਣਾਉਣ ਵਿਚ ਮਦਦ ਮਿਲ ਸਕੇ।
ਭਾਈ ਲੌਂਗੋਵਾਲ ਨੇ ਕਿਹਾ ਕਿ ਕੋਰੋਨਾ ਦੇ ਚੱਲਦਿਆਂ ਗੁਰਦੁਆਰਾ ਸਾਹਿਬਾਨ ਤੋਂ ਲੋੜਵੰਦਾਂ ਲਈ ਲੰਗਰ ਸੇਵਾ ਦਿੱਤੀ ਗਈ ਹੈ। ਇਸ ਵਿੱਚ ਵੱਡੇ ਪੱਧਰ ’ਤੇ ਸੰਗਤਾਂ ਵੱਲੋਂ ਸਹਿਯੋਗ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਸ੍ਰੀ ਗੁਰੂ ਰਾਮਦਾਸ ਲੰਗਰ ਲਈ ਵਿਸ਼ਾਲ ਪੱਧਰ ’ਤੇ ਕਣਕ ਅਤੇ ਹੋਰ ਰਸਦਾਂ ਭੇਜੀਆਂ ਗਈਆਂ ਹਨ, ਜਿਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਉਹ ਸਭ ਦਾ ਧੰਨਵਾਦ ਕਰਦੇ ਹਨ।