ਚੰਡੀਗੜ੍ਹ: ਹੁਸ਼ਿਆਰਪੁਰ ਜੇਲ੍ਹ ਵਿੱਚ ਇੱਕ ਕੈਦੀ ਮਨੀ ਪ੍ਰਤਾਪ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਵਾਲਿਆਂ ਨੇ ਜੇਲ੍ਹ ਪ੍ਰਸ਼ਾਸਨ ’ਤੇ ਇਲਜ਼ਾਮ ਲਗਾਇਆ ਹੈ ਕਿ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਅਤੇ ਇਹ ਸਾਰਾ ਕੁਝ ਇਕ ਸੋਚੀ ਸਮਝੀ ਸਾਜ਼ਿਸ਼ ਤਹਿਤ ਕੀਤਾ ਗਿਆ। ਇਸ ਘਟਨਾ ਤੋਂ ਬਾਅਦ ਹੁਣ ਉਨ੍ਹਾਂ ਨੂੰ ਡਰ ਹੈ ਕਿ ਉਨ੍ਹਾਂ ਦੇ ਵੱਡੇ ਲੜਕੇ ਸੌਰਭ ਪ੍ਰਤਾਪ ਨੂੰ ਵੀ ਨਾਭਾ ਜੇਲ੍ਹ ਵਿੱਚ ਮਾਰ ਦਿੱਤਾ ਜਾਵੇਗਾ।
ਜਿਸ ਨੂੰ ਲੈ ਕੇ ਉਨ੍ਹਾਂ ਵੱਲੋਂ ਵਿਜੀਲੈਂਸ ਅਧਿਕਾਰੀ ਨੂੰ ਵੀ ਪ੍ਰੈਜ਼ੈਂਟੇਸ਼ਨ ਦਿੱਤੀ ਗਈ ਹੈ ਜਿਸ ’ਤੇ ਕੋਈ ਕਾਰਵਾਈ ਨਹੀਂ ਹੋਈ ਹੈ ਤੇ ਜੇਕਰ ਕੋਈ ਕਾਰਵਾਈ ਹੁਣ ਵੀ ਨਹੀਂ ਹੁੰਦੀ ਤਾਂ ਪੀੜ੍ਹਤ ਪਰਿਵਾਰ ਵੱਲੋਂ ਹਾਈ ਕੋਰਟ ਦਾ ਰੁਖ ਕੀਤਾ ਗਿਆ ਹੈ।
ਛੋਟੇ ਬੇਟੇ ਦੀ ਪਹਿਲਾਂ ਹੁਸ਼ਿਆਰਪੁਰ ਜੇਲ੍ਹ ’ਚ ਹੋ ਚੁੱਕੀ ਹੈ ਮੌਤ
ਪੰਜਾਬ ਹਰਿਆਣਾ ਹਾਈ ਕੋਰਟ ਦੀ ਵਕੀਲ ਆਰ ਕਾਰਤਿਕ ਨੇ ਦੱਸਿਆ ਕਿ ਹੁਸ਼ਿਆਰਪੁਰ ਦੇ ਜੇਲ੍ਹ ਵਿੱਚ ਮਨੀ ਪ੍ਰਤਾਪ ਦੀ ਮੌਤ 11 ਐਪਰਲ ਨੂੰ ਹੋਈ, ਜਦ ਕਿ ਉਹ ਭਲਾ ਚੰਗਾ ਸੀ। ਜੇਲ੍ਹ ਵਿੱਚ ਮਨੀ ਪ੍ਰਤਾਪ ਨਾਲ ਰਹਿ ਰਹੇ ਕੈਦੀਆਂ ਨੇ ਦੱਸਿਆ ਕਿ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ ਉਸ ਨੂੰ ਬਾਈ ਬਾਈ ਘੰਟੇ ਜੇਲ੍ਹ ਵਿਚ ਬੰਦ ਰੱਖਿਆ ਜਾਂਦਾ ਸੀ, ਉਸ ਨੂੰ ਮਾਨਸਿਕ ਰੂਪ ਤੋਂ ਪ੍ਰੇਸ਼ਾਨ ਕੀਤਾ ਜਾਂਦਾ ਸੀ। ਪਰ ਉਸ ਦੀ ਕੋਈ ਵੀ ਸੁਣਵਾਈ ਨਹੀਂ ਸੀ ਹੋ ਰਹੀ, ਇਕ ਦਿਨ ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਕਿ ਉਸ ਦੀ ਮੌਤ ਹੋ ਗਈ।
ਪੀੜ੍ਹਤ ਨੌਜਵਾਨ ਦੀ ਮਾਂ ਪ੍ਰਵੀਨ ਕੁਮਾਰੀ ਨੇ ਦੱਸਿਆ ਕਿ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਉਨ੍ਹਾਂ ਵੱਲੋਂ ਪਟੀਸ਼ਨ ਦਾਇਰ ਕੀਤੀਆਂ ਗਈਆਂ ਜਿਸ ’ਚ ਦੱਸਿਆ ਗਿਆ ਕਿ ਉਨ੍ਹਾਂ ਦੇ ਬੇਟਿਆਂ ਨੂੰ ਜੇਲ੍ਹਾਂ ਵਿੱਚ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਵਿਚ ਹਾਈ ਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖਿਆ ਹੋਇਆ ਹੈ।