ਚੰਡੀਗੜ੍ਹ :ਪੰਜਾਬ ਸਰਕਾਰ ਵਲੋਂ ਸਰਕਾਰੀ ਦਫ਼ਤਰਾਂ ਦੇ ਖੁੱਲ੍ਹਣ ਅਤੇ ਬੰਦ ਹੋਣ ਦੇ ਸਮੇਂ ਸਬੰਧੀ ਇਕ ਵਿਸ਼ੇਸ਼ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਸਰਕਾਰ ਵਲੋਂ ਇਹ ਫੈਸਲਾ ਗਰਮੀਆਂ ਵਿਚ ਬਿਜਲੀ ਦੀ ਖਪਤ ਘਟਾਉਣ ਲਈ ਲਿਆ ਗਿਆ ਹੈ। ਜਾਣਕਾਰੀ ਮੁਤਾਬਿਕ ਲੰਘੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਸਰਕਾਰੀ ਦਫ਼ਤਰਾਂ 'ਚ ਸਮਾਂ ਬਦਲਣ ਦਾ ਐਲਾਨ ਕੀਤਾ ਗਿਆ ਸੀ। ਹੁਣ ਬਕਾਇਦਾ ਇਸ ਸੰਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਬਿਜਲੀ ਦੀ ਮੰਗ ਨੂੰ ਦੇਖਦਿਆਂ ਫੈਸਲਾ :ਸਰਕਾਰ ਵਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਸਾਰੇ ਹੀ ਸੰਬੰਧਿਤ ਵਿਭਾਗਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਪੰਜਾਬ ਅਤੇ ਚੰਡੀਗੜ੍ਹ ਵਿਚ ਸਥਿਤ ਸੂਬਾ ਸਰਕਾਰ ਦੇ ਸਾਰੇ ਦਫ਼ਤਰ 2 ਮਈ ਤੋਂ 15 ਜੁਲਾਈ ਤੱਕ ਸਵੇਰੇ 7.30 ਵਜੇ ਤੋਂ 2 ਵਜੇ ਤਕ ਖੁੱਲ੍ਹਿਆ ਕਰਨਗੇ। ਸਰਕਾਰ ਨੇ ਹੁਕਮਾਂ ਨੂੰ ਇੰਨ ਬਿੰਨ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਜ਼ਿਕਰਯੋਗ ਹੈ ਕਿ ਗਰਮੀਆਂ ਵਿੱਚ ਬਿਜਲੀ ਦੀ ਮੰਗ ਆਮ ਦਿਨਾਂ ਨਾਲੋਂ ਵਧੇਰੇ ਰਹਿੰਦੀ ਹੈ। ਇਸਦੇ ਨਾਲ ਹੀ ਝੋਨੇ ਦੀ ਫ਼ਸਲ ਮੌਕੇ ਬਿਜਲੀ ਦੀ ਮੰਗ ਕਿਸਾਨਾਂ ਵਲੋਂ ਵੱਡੇ ਪੱਧਰ ਉੱਤੇ ਕੀਤੀ ਜਾਂਦੀ ਹੈ। ਇਸੇ ਨੂੰ ਪੂਰਾ ਕਰਨ ਲਈ ਸਰਕਾਰ ਨੂੰ ਹੋਰਾਂ ਸੂਬਿਆਂ ਤੋਂ ਬਿਜਲੀ ਖਰੀਦਣੀ ਪੈਂਦੀ ਹੈ। ਦੂਜੇ ਪਾਸੇ ਪੰਜਾਬ ਸਰਕਾਰ ਨੇ ਇਸ ਸਮੱਸਿਆ ਨਾਲ ਨਿੱਬੜਨ ਲਈ ਪਹਿਲਾਂ ਹੀ ਵੱਖਰੇ ਪ੍ਰਬੰਧ ਕਰ ਲਏ ਹਨ ਅਤੇ ਸਰਕਾਰੀ ਦਫਤਰਾਂ ਦਾ ਸਮਾਂ ਬਦਲਿਆ ਗਿਆ ਹੈ।