ਚੰਡੀਗੜ੍ਹ: ਪਨਬਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਮੋਰਚਾ ਖੋਲਣ ਦਾ ਐਲਾਨ ਕਰ ਦਿੱਤਾ ਹੈ। ਚੰਡੀਗੜ੍ਹ ਵਿੱਚ ਕੀਤੀ ਇੱਕ ਪ੍ਰੈਸ ਕਾਨਫਰੰਸ ਦੌਰਾਨ ਉਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਆਪਣੇ ਵਾਅਦੇ ਮੁਤਾਬਿਕ ਉਹਨਾਂ ਨੂੰ ਪੱਕਾ ਕਰੇ ਅਤੇ ਉਹਨਾਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾਣ। ਵੱਡਾ ਇਲਜ਼ਾਮ ਲਗਾਉਂਦਿਆਂ ਉਹਨਾਂ ਕਿਹਾ ਕਿ ਮੁੱਖ ਮੰਤਰੀ ਦੇ ਹੁਕਮਾਂ ਦੇ ਉਲਟ ਟਰਾਂਸਪੋਰਟ ਵਿਭਾਗ ਕੰਮ ਕਰ ਰਿਹਾ ਹੈ।
ਸਰਕਾਰ ਕੋਈ ਪਾਲਿਸੀ ਨਹੀਂ ਬਣਾ ਰਹੀ:ਸਰਕਾਰੀ ਬੱਸਾਂ ਦੇ ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਪਿਛਲੀਆਂ ਸਰਕਾਰਾਂ ਵਾਂਗ ਸਿਰਫ਼ ਬਿਆਨ ਹੀ ਦੇ ਰਹੀ ਹੈ। ਉਹਨਾਂ ਕਿਹਾ ਸਰਕਾਰ ਰੋਡਵੇਜ਼ ਅਤੇ ਪੀਆਰਟੀਸੀ ਦੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਕੋਈ ਵੀ ਪਾਲਿਸੀ ਨਹੀਂ ਲੈ ਕੇ ਆ ਰਹੀ। ਦੂਜੀਆਂ ਸਰਕਾਰਾਂ ਵਾਂਗ ਸਿਰਫ਼ ਲਾਰੇ ਹੀ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਮੇਟੀਆਂ ਬਣਾ ਕੇ ਹਮੇਸ਼ਾ ਕੱਚੇ ਕਾਮਿਆਂ ਨੂੰ ਉਲਝਾ ਕੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਹ ਨਵੀਂ ਸਰਕਾਰ ਨੇ ਵੀ ਕਮੇਟੀਆਂ ਬਣਾ ਕੇ ਉਲਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਸਰਕਾਰ ਨੂੰ ਲੱਗਦਾ ਹੈ ਕਿ ਮੁਲਾਜ਼ਮ ਕਮੇਟੀਆਂ ਵਿੱਚ ਹੀ ਉਲਝੇ ਰਹਿਣ ਅਤੇ ਆਪਣੇ ਹੱਕ ਨਾ ਮੰਗ ਸਕਣ। ਕੱਚੇ ਕਾਮਿਆਂ ਨੇ ਸਰਕਾਰ ਅੱਗੇ ਮੰਗ ਕੀਤੀ ਹੈ ਕਿ ਆਊਟਸੋਰਸਿੰਗ ਅਤੇ ਕੱਚੇ ਮੁਲਾਜ਼ਮਾਂ ਲਈ ਸਿਰਫ਼ ਇਕੋ ਹੀ ਪਾਲਿਸੀ ਬਣਾਈ ਜਾਵੇ ਅਤੇ ਤਰੁੰਤ ਉਸ ਪਾਲਿਸੀ ਨੂੰ ਲਾਗੂ ਕੀਤਾ ਜਾਵੇ ਤਾਂ ਕਿ ਕਿਸੇ ਮੁਲਾਜ਼ਮ ਨੂੰ ਸੰਘਰਸ਼ ਨਾ ਕਰਨਾ ਪਵੇ।