ਚੰਡੀਗੜ੍ਹ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਛੇਤੀ ਹੀ 100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰੇਗੀ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਦੀ ਕਾਇਆਕਲਪ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 664 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਹਨ ਜਿੱਥੇ 84 ਜ਼ਰੂਰੀ ਦਵਾਈਆਂ ਅਤੇ 40 ਤੋਂ ਵੱਧ ਟੈਸਟਾਂ ਦੀ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ 100 ਹੋਰ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਨਾਲ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣਗੀਆਂ।
80 ਲੱਖ ਤੋਂ ਵੱਧ ਲੋਕਾਂ ਨੇ ਲਾਭ ਲਿਆ :ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਵਿੱਚ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦਾ ਹੁਣ ਤੱਕ 80 ਲੱਖ ਤੋਂ ਵੱਧ ਲੋਕਾਂ ਨੇ ਲਾਭ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ ਹੈ ਜਿਸ ਨਾਲ ਆਮ ਆਦਮੀ ਨੂੰ ਬਹੁਤ ਫਾਇਦਾ ਹੋਇਆ ਹੈ।
ਇੱਕ ਹੋਰ ਮੁੱਦੇ 'ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਵਿੱਚ ਨਵੇਂ ਬਣ ਰਹੇ ਮੈਡੀਕਲ ਕਾਲਜਾਂ ਨੂੰ ਚਾਲੂ ਕਰਨ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 75 ਸਾਲਾਂ ਬਾਅਦ ਸੂਬੇ ਵਿੱਚ ਸਿਰਫ਼ ਤਿੰਨ ਮੈਡੀਕਲ ਕਾਲਜ ਖੁੱਲ੍ਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਆਉਂਦੇ ਇੱਕ ਸਾਲ ਵਿੱਚ ਸੂਬੇ ਵਿੱਚ ਪੰਜ ਹੋਰ ਮੈਡੀਕਲ ਕਾਲਜ ਖੋਲ੍ਹੇ ਜਾਣਗੇ।