ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant maan) ਦੇ ਹੁਕਮਾਂ 'ਤੇ ਟਰਾਂਸਪੋਰਟ ਵਿਭਾਗ ਨੇ ਸੂਬੇ ਦੀ ਪੰਜਾਬ ਰੋਡਵੇਜ਼, ਪਨਬੱਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀਆਂ ਪ੍ਰਮੁੱਖ ਮੰਗਾਂ ਨੂੰ ਪ੍ਰਵਾਨ ਕਰ ਲਿਆ ਹੈ।
ਮੁੱਖ ਮੰਤਰੀ ਦਫ਼ਤਰ ਵਿਖੇ ਹੋਈ ਮੀਟਿੰਗ:ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਲਿਆ ਗਿਆ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਅਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਅਮਨਦੀਪ ਕੌਰ ਨੇ ਯੂਨੀਅਨ ਦੇ ਵਫ਼ਦ, ਜਿਸ ਵਿੱਚ ਸੂਬਾ ਪ੍ਰਧਾਨ ਰੇਸ਼ਮ ਸਿੰਘ, ਸ਼ਮਸ਼ੇਰ ਸਿੰਘ ਢਿੱਲੋਂ, ਹਰਕੇਸ਼ ਕੁਮਾਰ, ਜਗਤਾਰ ਸਿੰਘ ਅਤੇ ਦਲਜੀਤ ਸਿੰਘ ਮੌਜੂਦ ਸਨ, ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ।
ਮੁਅੱਤਲ ਕੀਤੇ ਕੰਡਕਟਰ ਵਿਰੁੱਧ ਸਮਾਂਬੱਧ ਢੰਗ ਨਾਲ ਕੀਤੀ ਜਾਵੇਗੀ ਜਾਂਚ:ਇਸ ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਮੁਅੱਤਲ ਕੀਤੇ ਕੰਡਕਟਰ ਪ੍ਰਿਤਪਾਲ ਸਿੰਘ ਵਿਰੁੱਧ ਜਾਂਚ ਸਮਾਂਬੱਧ ਢੰਗ ਨਾਲ ਕੀਤੀ ਜਾਵੇਗੀ ਅਤੇ ਤਿੰਨ ਦਿਨ੍ਹਾਂ ਵਿੱਚ ਮੁਕੰਮਲ ਕੀਤੀ ਜਾਵੇਗੀ। ਯੂਨੀਅਨ ਵੱਲੋਂ ਇਸ ਮਾਮਲੇ ਦੀ ਸਮਾਂਬੱਧ ਜਾਂਚ ਦੀ ਮੰਗ ਕੀਤੀ ਗਈ ਸੀ ਜਿਸ ਨੂੰ ਸੂਬਾ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ।