ਚੰਡੀਗੜ੍ਹ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਨੀਰਜ ਕੁਮਾਰ ਨਾਮ ਦੇ ਵਿਅਕਤੀ 'ਤੇ ਗੋਲੀਆਂ ਚਲਾਉਣ ਦੇ ਮਾਮਲੇ ਵਿੱਚ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਕਾਰਕੁਨਾਂ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।
ਪੁਲਿਸ ਮੁਖੀ ਨੇ ਦਿੱਤੀ ਜਾਣਕਾਰੀ :ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਜੱਗੂ ਭਗਵਾਨਪੁਰੀਆ ਗੈਂਗ ਨਾਲ ਸਬੰਧਤ ਫੜੇ ਗਏ ਦੋ ਮੁਲਜ਼ਮਾਂ ਦੀ ਪਛਾਣ ਸਾਰਥਕ ਅਤੇ ਅਨਮੋਲ ਸ਼ਰਮਾ ਦੋਵੇਂ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ, ਜਦਕਿ ਗ੍ਰਿਫ਼ਤਾਰ ਤੀਜੇ ਮੁਲਜ਼ਮ ਦੀ ਪਛਾਣ ਖਜ਼ਾਨਾ ਗੇਟ ਅੰਮ੍ਰਿਤਸਰ ਦੇ ਅਲਤਮਿਸ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਅਪਰਾਧ ਵਿੱਚ ਵਰਤੀ ਗਈ ਚਿੱਟੇ ਰੰਗ ਦੀ ਵਰਨਾ ਕਾਰ, ਜਿਸ ਦਾ ਰਜਿਸਟ੍ਰੇਸ਼ਨ ਨੰਬਰ ਪੀਬੀ 02 ਈਐਚ 0009 ਹੈ, ਵੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਰਣਜੀਤ ਐਵੀਨਿਊ ਗੋਲੀ ਕਾਂਡ ਦੇ ਚੌਥੇ ਮੁਲਜ਼ਮ ਦੀਪਕ ਅਰੋੜਾ ਨੂੰ ਪੰਜਾਬ ਪੁਲਿਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ।