ਚੰਡੀਗੜ੍ਹ :ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਥਾਣਾ ਮਲੌਦ, ਜ਼ਿਲ੍ਹਾ ਖੰਨਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਜਗਜੀਤ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ (Sub-inspector Caught Taking Bribe) ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਹਰਦੀਪ ਸਿੰਘ ਵਾਸੀ ਪਿੰਡ ਸ਼ੇਖਾਂ ਤਹਿਸੀਲ ਪਾਇਲ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦਫ਼ਤਰ ਲੁਧਿਆਣਾ ਵਿਖੇ ਸ਼ਿਕਾਇਤ ਦਰਜ ਕਰਵਾਈ ਸੀ ਕਿ 28 ਸਤੰਬਰ, 2023 ਨੂੰ ਉਸਦਾ ਭਰਾ ਜਗਤਾਰ ਸਿੰਘ ਆਪਣੇ ਮੋਟਰਸਾਈਕਲ (Registration No. PB-10-HY-4663) 'ਤੇ ਸਿਵਲ ਹਸਪਤਾਲ ਮਲੌਦ ਵਿਖੇ ਨਸ਼ਾ ਛੁਡਾਊ ਕੇਂਦਰ ਤੋਂ ਦਵਾਈ ਲੈਣ ਗਿਆ ਸੀ। ਦੁਪਹਿਰ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਉਸ ਦੇ ਭਰਾ ਜਗਤਾਰ ਸਿੰਘ ਖਿਲਾਫ਼ ਥਾਣਾ ਮਲੌਦ ਵਿਖੇ ਨਾਰਕੋਟਿਕ ਡਰੱਗਸ ਐਂਡ ਸਾਇਕੋਟ੍ਰੋਪਿਕ ਸਬਟਾਂਸਿਸ (NDPS) ਦਾ ਮਾਮਲਾ ਦਰਜ ਕੀਤਾ ਗਿਆ। ਇਸ ਤੋਂ ਬਾਅਦ ਸ਼ਿਕਾਇਤਕਰਤਾ ਆਪਣੇ ਪਿੰਡ ਵਾਸੀ ਪਰਮਜੀਤ ਸਿੰਘ ਨਾਲ ਥਾਣੇ ਗਿਆ ਅਤੇ ਉਕਤ ਐਸ.ਆਈ. ਨੂੰ ਮਿਲਿਆ, ਜਿਸ ਨੇ ਉਨ੍ਹਾਂ ਨੂੰ ਦੱਸਿਆ ਕਿ ਜਗਤਾਰ ਸਿੰਘ ਵਿਰੁੱਧ ਐਨ.ਡੀ.ਪੀ.ਐਸ. ਐਕਟ ਦੀ ਧਾਰਾ 22 ਤਹਿਤ 28 ਸਤੰਬਰ 2023 ਨੂੰ ਐੱਫਆਈਆਰ 101 ਦਰਜ ਕੀਤੀ ਗਈ ਹੈ।