ਚੰਡੀਗੜ੍ਹ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਅਤੇ ਉਨ੍ਹਾਂ ਦੀ ਪਤਨੀ ਰਚਨਾ ਸਿੰਗਲਾ ਖ਼ਿਲਾਫ਼ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮ ਹੇਠ ਕੇਸ ਦਰਜ ਕੀਤਾ ਹੈ। ਇਸ ਦੇ ਨਾਲ ਹੀ ਵਿਜੀਲੈਂਸ ਬਿਊਰੋ ਵੱਲੋਂ ਫਰਾਰ ਸਿੰਗਲਾ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਸੀਬੀਆਈ ਅਤੇ ਇੰਟਰਪੋਲ, ਨਵੀਂ ਦਿੱਲੀ ਨੂੰ ਵੀ ਪੱਤਰ ਭੇਜਿਆ ਗਿਆ ਹੈ।
ਰਿਸ਼ਵਤ ਇਕੱਠੀ ਕੀਤੀ ਅਤੇ ਕਈ ਜਾਇਦਾਦਾਂ ਬਣਾਈਆਂ:ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਫ਼ਤੀਸ਼ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ ਕਿ ਮੁੱਖ ਮੁਲਜ਼ਮ ਰਾਕੇਸ਼ ਕੁਮਾਰ ਸਿੰਗਲਾ, ਜੋ ਕਿ ਵਿਭਾਗੀ ਵਿਜੀਲੈਂਸ ਸੈੱਲ ਦਾ ਚੇਅਰਮੈਨ ਵੀ ਸੀ, ਨੇ ਆਪਣੀ ਤਾਇਨਾਤੀ ਦੌਰਾਨ ਵੱਡੀ ਰਕਮ ਰਿਸ਼ਵਤ ਇਕੱਠੀ ਕੀਤੀ ਅਤੇ ਕਈ ਜਾਇਦਾਦਾਂ ਬਣਾਈਆਂ। ਉਨ੍ਹਾਂ ਅੱਗੇ ਦੱਸਿਆ ਕਿ ਤਫਤੀਸ਼ ਦੌਰਾਨ ਪਤਾ ਲੱਗਾ ਕਿ ਮੁਲਜ਼ਮ ਨੇ ਆਪਣੇ ਅਤੇ ਆਪਣੀ ਪਤਨੀ ਰਚਨਾ ਸਿੰਗਲਾ ਦੇ ਨਾਂ 'ਤੇ ਜਾਇਦਾਦਾਂ ਬਣਾਈਆਂ ਅਤੇ ਇਹ ਜਾਇਦਾਦਾਂ ਉਸ ਦੀ ਕੁੱਲ ਆਮਦਨ ਦੇ ਸਰੋਤਾਂ ਤੋਂ 1,36,56,005 ਰੁਪਏ ਤੋਂ ਵੱਧ ਸਨ।
5 ਕੀਮਤੀ ਜਾਇਦਾਦਾਂ ਖਰੀਦੀਆਂ:ਬੁਲਾਰੇ ਨੇ ਅੱਗੇ ਦੱਸਿਆ ਕਿ ਚੈਕਿੰਗ ਦੌਰਾਨ ਪਾਇਆ ਗਿਆ ਕਿ ਮੁਲਜ਼ਮ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸ ਦੀ ਪਤਨੀ ਨੇ 5 ਕੀਮਤੀ ਜਾਇਦਾਦਾਂ ਖਰੀਦੀਆਂ ਹਨ ਅਤੇ 3,68,15,757 ਰੁਪਏ ਦੀ ਰਕਮ ਨਿਵੇਸ਼ ਕੀਤੀ ਹੈ। ਜਦੋਂ ਕਿ ਉਸ ਦੀ ਅਸਲ ਆਮਦਨ ਸਿਰਫ 2,31,59,752 ਰੁਪਏ ਸੀ। ਵਿਜੀਲੈਂਸ ਜਾਂਚ ਦੇ ਆਧਾਰ 'ਤੇ ਐੱਫ.ਆਈ.ਆਰ ਨੰਬਰ 8 ਮਿਤੀ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਵਿਜੀਲੈਂਸ ਬਿਊਰੋ ਦੇ ਲੁਧਿਆਣਾ ਰੇਂਜ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਰਾਕੇਸ਼ ਕੁਮਾਰ ਸਿੰਗਲਾ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਕਾਫੀ ਕਰੀਬੀ ਸੀ ਅਤੇ ਉਸ ਨੇ ਠੇਕੇ ਦੀ ਅਲਾਟਮੈਂਟ ਲਈ ਤੇਲੂ ਰਾਮ ਠੇਕੇਦਾਰ ਤੋਂ 30 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਮੁਲਜ਼ਮ ਨੇ ਆਪਣੀ ਫਰਮ ਨੂੰ ਟੈਂਡਰ ਅਲਾਟ ਕਰਵਾਉਣ ਲਈ ਤੇਲੂ ਰਾਮ ਤੋਂ ਰਿਸ਼ਵਤ ਵਜੋਂ 20 ਲੱਖ ਰੁਪਏ ਲਏ ਸਨ। ਉਨ੍ਹਾਂ ਅੱਗੇ ਦੱਸਿਆ ਕਿ ਰਾਕੇਸ਼ ਕੁਮਾਰ ਸਿੰਗਲਾ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਲੋੜੀਂਦਾ ਹੈ ਅਤੇ ਵਿਜੀਲੈਂਸ ਬਿਊਰੋ ਦੀ ਪਹਿਲਕਦਮੀ 'ਤੇ ਲੁਧਿਆਣਾ ਦੀ ਅਦਾਲਤ ਵੱਲੋਂ ਉਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਉਕਤ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਉਸ ਵਿਰੁੱਧ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਸਬੰਧੀ ਇੰਟਰਪੋਲ, ਨਵੀਂ ਦਿੱਲੀ ਨੂੰ ਪੱਤਰ ਵੀ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ:ਕਣਕ ਦੀ ਖਰੀਦ ਦੌਰਾਨ ਕੇਂਦਰ ਨੇ ਐੱਮਐੱਸਪੀ 'ਚ ਕੀਤੀ ਵੈਲਿਯੂ ਕਟੌਤੀ, ਕੀ ਕਟੌਤੀ ਨੂੰ ਪੂਰਾ ਕਰਨ ਦਾ ਵਫ਼ਾ ਹੋਇਆ ਪੰਜਾਬ ਸਰਕਾਰ ਦਾ ਵਾਅਦਾ ? ਜਾਣੋ ਜ਼ਮੀਨੀ ਹਕੀਕਤ