ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਸਾਬਕਾ ਸਾਂਸਦ ਵਿਜੇ ਸਾਂਪਲਾ ਵੱਲੋਂ ਚੰਡੀਗੜ੍ਹ 'ਚ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਵਿਜੇ ਸਾਂਪਲਾ ਨੇ ਨਾਗਰਿਕਤਾ ਸੋਧ ਕਾਨੂੰਨ ਦਾ ਸਮਰਥਨ ਕਰਦੇ ਹੋਏ ਇਸ ਦੇ ਫਾਇਦੇ ਦੱਸੇ।
ਨਾਗਰਿਕਤਾ ਸੋਧ ਕਾਨੂੰਨ 'ਤੇ ਬੋਲੇ ਵਿਜੇ ਸਾਂਪਲਾ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਨਾਗਰਿਕਤ ਸੋਧ ਕਾਨੂੰਨ ਨੂੰ ਲਾਗੂ ਨਾ ਕੀਤੇ ਜਾਣ ਕਾਰਨ ਸੈਂਕੜੇ ਸ਼ਰਨਾਰਥੀ ਪਰਿਵਾਰਾਂ ਨਾਲ ਧੋਖਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਅਜਿਹੇ ਸ਼ਰਨਾਰਥੀਆਂ ਨੂੰ ਭਾਰਤੀ ਕਹਾਉਣ ਦੇਣ ਦੇ ਪੱਖ 'ਚ ਨਹੀਂ ਹੈ। ਉਨ੍ਹਾਂ ਆਖਿਆ ਕਿ ਦੇਸ਼ ਵਿਰੋਧੀ ਤਾਕਤਾਂ ਦੇਸ਼ 'ਚ ਨਫ਼ਤਰ ਦਾ ਮਾਹੌਲ ਪੈਦਾ ਕਰ ਰਹੀਆਂ ਹਨ। ਇਹ ਸਾਡੇ ਦੇਸ਼ ਲਈ ਖ਼ਤਰਨਾਕ ਸਾਬਿਤ ਹੋ ਸਕਦਾ ਹੈ।
ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ ਦੇ ਪੜ੍ਹੇ-ਲਿਖੇ ਵਿਦਿਆਰਥੀ ਅਤੇ ਪ੍ਰੋਫੈਸਰ ਇਸ ਕਾਨੂੰਨ ਦਾ ਵਿਰੋਧ ਕਰ ਰਹੇ ਹਨ। ਉਹ ਸਮਝਦਾਰ ਹੋਣ ਦੇ ਬਾਵਜੂਦ ਨਾਸਮਝੀ ਦਾ ਪ੍ਰਗਟ ਕਰ ਰਹੇ ਹਨ। ਉਨ੍ਹਾਂ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਨੂੰ ਸਿਆਸੀ ਪਾਰਟੀਆਂ ਦੀ ਸਾਜਿਸ਼ ਦੱਸਿਆ ਹੈ।
ਹੋਰ ਪੜ੍ਹੋ : ਪੁਲੀਸ ਨੇ ਕੌਮਾਂਤਰੀ ATM ਲੁਟੇਰਿਆਂ ਦੇ ਗਿਰੋਹ ਦੇ 8 ਮੈਂਬਰ ਕੀਤੇ ਕਾਬੂ
ਉਨ੍ਹਾਂ ਕਿਹਾ ਕਿ ਇਸ ਧਾਰਾ ਵਿੱਚ ਨਾਗਰਿਕਤਾ ਦੇਣ ਦੀ ਗੱਲ ਕਹੀ ਗਈ ਹੈ ਨਾ ਕਿ ਖੋਹਣ ਦੀ। ਉਨ੍ਹਾਂ ਦੱਸਿਆ ਕਿ ਸਿਰਫ਼ ਜਲੰਧਰ 'ਚ ਹੀ 300 ਪੀੜਤ ਪਰਿਵਾਰ ਹਨ ਜੋ ਕਿ ਸ਼ਰਨਾਰਥੀ ਬਣ ਕੇ ਭਾਰਤ ਵਿੱਚ ਦਾਖਲ ਹੋਏ ਸੀ ਅਤੇ ਹੁਣ ਉਨ੍ਹਾਂ ਨੂੰ ਕੈਬ ਦੇ ਜ਼ਰੀਏ ਭਾਰਤ ਦੀ ਨਾਗਰਿਕਤਾ ਮਿਲ ਜਾਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਕੈਬ ਨੂੰ ਲਾਗੂ ਕਰ ਦਿੱਤਾ ਗਿਆ ਹੈ ਤਾਂ ਕਾਂਗਰਸ ਤੋਂ ਬਰਦਾਸ਼ਤ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਸੈਂਟਰ ਵੱਲੋਂ ਬਿੱਲ ਪਾਸ ਹੋ ਗਿਆ ਹੈ ਤਾਂ ਜਿਨ੍ਹਾਂ ਸੂਬਿਆਂ ਦੇ ਮੁੱਖ ਮੰਤਰੀਆਂ ਵੱਲੋਂ ਇਸ ਬਿੱਲ ਨੂੰ ਲਾਗੂ ਨਾ ਕਰਨ ਦੀ ਗੱਲ ਕਹੀ ਗਈ ਹੈ ਇਹ ਬੇਹਦ ਨਿਰਾਸ਼ਾਜਨਕ ਹੈ।