ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ਵਿਖੇ ਸਥਾਪਤ ਰਬਾਬ ਪੰਡਾਲ ਵਿੱਚ ਕਰਵਾਏ ਜਾ ਰਹੇ ਗ੍ਰੈਂਡ ਲਾਈਟ ਐਂਡ ਸਾਊਂਡ ਸ਼ੋਅ ਦੀ ਸੰਗਤਾਂ ਵੱਲੋਂ ਖੂਬ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਇਨ੍ਹਾਂ ਸ਼ੋਆਂ ਦੌਰਾਨ ਗੁਰੂ ਜੀ ਦੇ ਜੀਵਨ ਨਾਲ ਸਬੰਧਤ ਸਾਖੀਆਂ ਨੂੰ ਰੌਸ਼ਨੀਆਂ ਅਤੇ ਆਵਾਜ਼ ਦੇ ਸੁਮੇਲ ਨਾਲ ਸੰਗਤਾਂ ਦੇ ਸਨਮੁੱਖ ਪੇਸ਼ ਕੀਤਾ ਜਾ ਰਿਹਾ ਹੈ।
ਰੌਸ਼ਨੀਆਂ ਅਤੇ ਧੁਨੀ ਆਧਾਰਿਤ ਇਨ੍ਹਾਂ ਸ਼ੋਆਂ ਵਿੱਚ ਰੋਜ਼ਾਨਾਂ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰੀ ਲਵਾਉਣ ਪਹੁੰਚ ਰਹੇ ਹਨ ਅਤੇ ਬਾਬਾ ਨਾਨਕ ਦੇ ਜੀਵਨ ਨਾਲ ਸਬੰਧਤ ਪ੍ਰੇਰਕ ਪ੍ਰਸੰਗਾਂ ਨੂੰ ਸੁਣ ਕੇ ਨਿਹਾਲ ਹੋ ਰਹੇ ਹਨ। ਆਸਟਰੇਲੀਆਂ ਤੋਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿੱਚ ਸ਼ਿਰਕਤ ਕਰਨ ਇਥੇ ਪੁੱਜੇ ਪਿੰਡ ਮਾਛੀਜੋਆ ਦੇ ਵਸਨੀਕ ਹਰਿਵੰਦਰ ਸਿੰਘ ਨੇ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਗ੍ਰੈਂਡ ਲਾਈਟ ਐਂਡ ਸਾਊਂਡ ਸ਼ੋਅ ਦੇਖ ਕੇ ਬਹੁਤ ਹੀ ਵਧੀਆ ਲੱਗਿਆ ਅਤੇ ਗੁਰੂ ਸਾਹਿਬ ਦੇ ਜੀਵਨ ਅਤੇ ਫਲਸਫੇ ਬਾਰੇ ਜਾਨਣ ਦਾ ਮੌਕਾ ਮਿਲਿਆ ।