ਚੰਡੀਗੜ੍ਹ:ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ਵਿੱਚ ਠੰਢ ਦਿਨੋਂ ਦਿਨ ਵੱਧ ਰਹੀ ਹੈ। ਇਸੇ ਤਰ੍ਹਾਂ ਪੰਜਾਬ ਦੇ ਲੋਕ ਵੀ ਇਸ ਸਮੇਂ ਕਾਫੀ ਠੰਢ ਦਾ ਸਾਹਮਣਾ ਕਰ ਰਹੇ ਹਨ। ਧੁੰਦ ਕਾਰਨ ਲੋਕਾਂ ਨੂੰ ਵਾਹਨ ਚਲਾਉਣ ਸਮੇਂ ਕਾਫੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਠੰਢ ਕਾਰਨ ਪੰਜਾਬ ਦੇ ਸਿੱਖਿਆ ਵਿਭਾਗ ਨੇ ਸਕੂਲੀ ਬੱਚਿਆਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।
24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ : ਜੀ ਹਾਂ, ਤੁਸੀਂ ਸਹੀ ਪੜਿਆ ਹੈ...ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਹੁਕਮ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੇ ਜਾਰੀ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਪੰਜਾਬ ਵਿੱਚ 19 ਹਜ਼ਾਰ ਦੇ ਕਰੀਬ ਸਰਕਾਰੀ ਸਕੂਲ ਹਨ। ਜਦੋਂ ਕਿ 6 ਹਜ਼ਾਰ ਦੇ ਕਰੀਬ ਨਿੱਜੀ ਸਕੂਲ ਹਨ। ਇਹਨਾਂ ਵਿੱਚ 40 ਲੱਖ ਤੋਂ ਜਿਆਦਾ ਬੱਚੇ ਪੜ੍ਹਾਈ ਕਰਦੇ ਹਨ।