ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਦੋ ਭਾਰਤੀ ਨਸ਼ਾ ਤਸਕਰਾਂ ਨੂੰ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਤ ਨਸ਼ਾ ਤਸਕਰਾਂ ਦੀ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਪੰਜਾਬ ਡੀਜੀਪੀ ਨੇ ਕੀਤਾ ਟਵੀਟ:ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦਿਆ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਐਕਸ ਉਤੇ ਲਿਖਿਆ ਕਿ, 'ਟਰਾਂਸ ਬਾਰਡਰ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ: ਖੁਫੀਆ ਏਜੰਸੀ ਦੀ ਅਗਵਾਈ ਵਾਲੀ ਕਾਰਵਾਈ ਦੌਰਾਨ ਸੀਆਈ ਫਿਰੋਜ਼ਪੁਰ ਨੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 12 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਐਨਡੀਪੀਐਸ ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਪਛੜੇ ਅਤੇ ਅਗਾਂਹਵਧੂ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।'
ਦੋਵੇਂ ਮੁਲਜ਼ਮਾਂ ਉੱਤੇ ਪਹਿਲਾਂ ਵੀ ਮਾਮਲੇ ਦਰਜ:ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲਿਸ (ਏਆਈਜੀ) ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਲਖਬੀਰ ਸਿੰਘ ਨੇ ਦੱਸਿਆ ਕਿ ਫੜੇ ਗਏ ਦੋਵੇਂ ਮੁਲਜ਼ਮ ਪਹਿਲਾਂ ਤੋਂ ਹੀ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਸਨ ਅਤੇ ਉਹਨਾਂ ਖਿਲਾਫ ਐਨਡੀਪੀਐਸ ਐਕਟ ਤਹਿਤ ਕਈ ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਇਸ ਮੋਡਿਊਲ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਦੀ ਉਮੀਦ ਹੈ। ਇਸ ਸਬੰਧੀ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21(ਸੀ) ਅਤੇ 29 ਤਹਿਤ ਐਫਆਈਆਰ ਨੰਬਰ 35 ਮਿਤੀ 11-10-2023 ਨੂੰ ਮਾਮਲਾ ਦਰਜ ਕੀਤਾ ਗਿਆ ਹੈ।