ਫ਼ਰੀਦਕੋਟ: ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਨੂੰ ਲੈ ਕੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਲਈ ਦਿੱਤੇ ਅਲਟੀਮੇਟਮ ਨੂੰ ਕੈਪਟਨ ਸਰਕਾਰ ਵੱਲੋਂ ਇਹ ਕਹਿ ਕੇ ਰੱਦ ਕਰ ਦਿੱਤਾ ਗਿਆ ਸੀ ਕਿ ਕਿਸਾਨ ਜਥੇਬੰਦੀਆਂ ਦਬਾਅ ਬਣਾ ਕੇ ਫ਼ੈਸਲੇ ਲੈਣ ਲਈ ਮਜ਼ਬੂਰ ਨਾ ਕਰਨ ਉਹ ਉਹੀ ਕਦਮ ਚੁੱਕਣਗੇ ਜੋ ਉਹ ਕਿਸਾਨਾਂ ਦੇ ਹੱਕ ਵਿੱਚ ਚੁੱਕਣਾ ਜ਼ਰੂਰੀ ਸਮਝਦੇ ਹਨ। ਪਰ ਇਸ ਤੋਂ ਬਾਅਦ ਕਿਸਾਨਾਂ ਦਾ ਕੈਪਟਨ ਸਰਕਾਰ ਖਿਲਾਫ਼ ਗੁੱਸਾ ਫੁੱਟ ਗਿਆ ਹੈ।
ਕਿਸਾਨਾਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਵਿਸ਼ੇਸ਼ ਸੈਸ਼ਨ ਬੁਲਾ ਕੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਨਾ ਕੀਤਾ ਤਾਂ ਬੀਜੇਪੀ ਦੀ ਤਰ੍ਹਾਂ ਕਾਂਗਰਸ ਦਾ ਵੀ ਵਿਰੋਧ ਕਰਾਂਗੇ। ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਨਾਲ ਕਿਸਾਨ ਭੜਕ ਗਏ ਹਨ ਤੇ ਉਨ੍ਹਾਂ ਵੱਲੋਂ ਕੈਪਟਨ ਦੇ ਇਸ ਤਰ੍ਹਾਂ ਦੇ ਬਿਆਨਾਂ ਦੀ ਨਿਖੇਧੀ ਕੀਤੀ ਜਾ ਰਹੀ ਹੈ ਇਸ ਦੇ ਨਾਲ ਹੀ ਕਿਸਾਨਾਂ ਨੇ ਐਲਾਨ ਕੀਤਾ ਕਿ ਹਰਿਆਣਾ ਵਿੱਚ ਹੋਏ ਕਿਸਾਨਾਂ ਉੱਤੇ ਤਸ਼ੱਦਦ ਦੇ ਵਿਰੋਧ ਵਿੱਚ ਕੱਲ੍ਹ 9 ਅਕਤੂਬਰ ਨੂੰ ਸਮੁੱਚੇ ਪੰਜਾਬ ਅੰਦਰ 2 ਘੰਟੇ ਲਈ ਚੱਕਾ ਜਾਮ ਕਰਨਗੇ।
ਫ਼ਰੀਦਕੋਟ ਵਿਖੇ ਰੇਲਵੇ ਟਰੈਕ ਉੱਤੇ ਅਣਮਿੱਥੇ ਸਮੇਂ ਲਈ ਧਰਨਾ ਉੱਤੇ ਬੈਠੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਕਿਸਾਨਾਂ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਇਸ ਬਿਆਨ ਤੋਂ ਲੱਗਦਾ ਹੈ ਕਿ ਕਾਂਗਰਸ ਪਾਰਟੀ ਅਕਾਲੀ ਦਲ ਅਤੇ ਬੀਜੇਪੀ ਕਿਸਾਨੀ ਮੁੱਦਿਆਂ 'ਤੇ ਫ਼ਰੈਂਡਲੀ ਮੈਚ ਖੇਡ ਰਹੇ ਹਨ।