ਫ਼ਰੀਦਕੋਟ: ਸਥਾਨਕ ਅਦਾਲਤ ਨੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ 9 ਫਰਵਰੀ ਨੂੰ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵੱਲੋਂ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਉਨ੍ਹਾਂ ਵਿਰੁੱਧ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਇਸ ਮਾਮਲੇ ਵਿੱਚ ਸੁਮੇਧ ਸੈਣੀ ਵੱਲੋਂ ਅਗਾਉਂ ਜ਼ਮਾਨਤ ਲਈ ਫ਼ਰੀਦਕੋਟ ਅਦਾਲਤ ਵਿੱਚ ਅਰਜ਼ੀ ਲਗਾਈ ਗਈ ਸੀ, ਜਿਸ 'ਤੇ 11 ਫਰਵਰੀ ਸੁਣਵਾਈ ਹੋਣੀ ਹੈ।
ਆਈਜੀ ਪਰਮਰਾਜ ਸਿੰਘ ਉਮਰਾਨੰਗਲ ਵੀ ਰਹੇ ਗੈਰ ਹਾਜ਼ਰ
ਬਹਿਬਲ ਗੋਲੀਕਾਂਡ ਮਾਮਲਾ: ਸੁਮੇਧ ਸੈਣੀ ਵਿਰੁੱਧ ਜ਼ਮਾਨਤੀ ਵਾਰੰਟ ਜਾਰੀ ਉਧਰ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਵੀ ਅਦਾਲਤ ਵਿੱਚ ਪੇਸ਼ ਹੋਣਾ ਸੀ, ਪਰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਪਣੇ ਇੱਕ ਹੁਕਮ ਵਿੱਚ ਆਈਜੀ ਨੂੰ ਅਦਾਲਤ ਵਿੱਚ ਨਿੱਜੀ ਪੇਸ਼ੀ ਤੋਂ ਛੋਟ ਦੇ ਦਿੱਤੀ, ਜਿਸ ਕਰਕੇ ਜੁਡੀਸ਼ੀਅਲ ਮੈਜਿਸਟਰੇਟ ਸੁਰੇਸ਼ ਕੁਮਾਰ ਨੇ ਦੇਰ ਸ਼ਾਮ ਆਈਜੀ ਖ਼ਿਲਾਫ਼ ਜਾਰੀ ਜ਼ਮਾਨਤਯੋਗ ਵਰੰਟਾਂ ਦਾ ਹੁਕਮ ਵਾਪਸ ਲੈ ਲਿਆ।
ਵਿਸ਼ੇਸ਼ ਜਾਂਚ ਟੀਮ ਨੇ 15 ਜਨਵਰੀ ਨੂੰ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਖਿਲਾਫ਼ ਚਲਾਨ ਅਦਾਲਤ ਵਿੱਚ ਪੇਸ਼ ਕੀਤਾ ਸੀ ਜਿਸ ਮਗਰੋਂ ਜੁਡੀਸ਼ੀਅਲ ਮੈਜਿਸਟਰੇਟ ਸੁਰੇਸ਼ ਕੁਮਾਰ ਨੇ ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਹਾਲਾਂਕਿ ਇਨ੍ਹਾਂ ਵਿੱਚੋਂ ਕੋਈ ਵੀ ਅਧਿਕਾਰੀ ਅਦਾਲਤ ਵਿੱਚ ਪੇਸ਼ ਨਹੀਂ ਹੋਇਆ। ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੇ ਬਹਿਬਲ ਕਾਂਡ ਵਿੱਚ ਪੇਸ਼ ਹੋਏ ਚਲਾਨ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ।
ਪੰਜਾਬ ਦੇ ਹਰਿਆਣਾ ਹਾਈਕੋਰਟ ਦੇ ਜੱਜ ਗਰੀਸ਼ ਅਗਨੀਹੋਤਰੀ ਨੇ ਉਮਰਾਨੰਗਲ ਨੂੰ ਅੱਜ ਅਦਾਲਤ ਵਿੱਚ ਪੇਸ਼ ਹੋਣ ਤੋਂ ਛੋਟ ਦਿੰਦਿਆਂ ਇਸ ਮਾਮਲੇ ਦੀ ਸੁਣਵਾਈ 26 ਫਰਵਰੀ ਤੱਕ ਟਾਲ ਦਿੱਤੀ ਹੈ।