ਫਰੀਦਕੋਟ: ਬਾਬਾ ਫਰੀਦ ਯੂਨੀਵਰਸਿਟੀ ਦੇ ਕੱਚੇ ਮੁਲਾਜ਼ਮਾਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੋਂ ਪਰਿਵਾਰਾਂ ਸਣੇ ਸਮੂਹਿਕ ਖ਼ੁਦਕੁਸ਼ੀ ਕਰਨ ਦੀ ਮਨਜ਼ੂਰੀ ਮੰਗੀ ਹੈ। ਇਸ ਦੇ ਲਈ ਉਨ੍ਹਾਂ ਨੇ ਡੀਸੀ ਨੂੰ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਂਪਿਆ ਹੈ।
ਮੁਲਾਜ਼ਮਾਂ ਨੂੰ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੋਣ ਦਾ ਕਾਰਨ ਦੱਸਦਿਆਂ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਉਹ ਬੀਤੇ ਕਰੀਬ 15 ਸਾਲਾਂ ਤੋਂ ਬਹੁਤ ਥੋੜੀ ਤਨਖ਼ਾਹ 'ਤੇ ਕੱਚੇ ਮੁਲਾਜ਼ਮਾਂ ਵਜੋਂ ਯੂਨੀਵਰਸਟੀ ਵਿਚ ਕੰਮ ਕਰਦੇ ਆ ਰਹੇ ਹਨ। ਇਸ ਦੇ ਬਾਵਜੂਦ ਯੂਨਵਿਰਸਿਟੀ ਪ੍ਰਸ਼ਾਸਨ ਵੱਲੋਂ ਨਾ ਤਾਂ ਤਨਖ਼ਾਹਾਂ ਵਧਾਈਆਂ ਜਾ ਰਹੀਆਂ ਹਨ ਤੇ ਨਾ ਹੀ ਰੈਗੁਲਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਕਈ ਵਾਰ ਸੰਘਰਸ਼ ਕੀਤਾ ਗਿਆ ਪਰ ਹਰ ਵਾਰ ਟਾਲ ਦਿੱਤਾ ਗਿਆ। ਹੁਣ ਵੀ ਉਹ ਬੀਤੇ ਕਈ ਦਿਨਾਂ ਤੋਂ ਸੰਘਰਸ਼ ਕਰ ਰਹੇ ਹਨ ਪਰ ਯੂਨੀਵਰਸਿਟੀ ਪ੍ਰਸ਼ਾਸਨ ਦੇ ਕੰਨ 'ਤੇ ਜੂੰਅ ਨਹੀਂ ਸਰਕ ਰਹੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਘਰਾਂ ਦਾ ਗੁਜ਼ਾਰਾ ਕਰਨ ਵਿੱਚ ਮੁਸ਼ਕਿਲ ਹੋ ਰਹੀ ਹੈ ਤੇ ਅਜਿਹੇ ਵਿਚ ਉਨ੍ਹਾਂ ਕੋਲ ਖੁਦਕੁਸ਼ੀ ਤੋਂ ਇਲਾਵਾ ਕੋਈ ਚਾਰਾ ਨਹੀਂ ਬਚਿਆ। ਇਸ ਤੋਂ ਬਾਅਦ ਉਨ੍ਹਾਂ ਨੇ ਰਾਸ਼ਟਰਪਤੀ ਤੋਂ ਪਰਿਵਾਰਾਂ ਸਮੇਤ ਖ਼ੁਦਕੁਸ਼ੀ ਕਰਨ ਦੀ ਮਨਜ਼ੂਰੀ ਮੰਗੀ, ਜਿਸ ਦਾ ਮੰਗ ਪੱਤਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ ਹੈ।
ਦੂਜੇ ਪਾਸੇ ਡਿਪਟੀ ਕਮਿਸ਼ਨਰ ਕੁਮਾਰ ਸੌਰਵ ਰਾਜ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਬਾਬਾ ਫਰੀਦ ਯੂਨੀਵਰਸਟੀ ਦੇ ਮੁਲਾਜ਼ਮ ਮਿਲੇ ਸਨ ਤੇ ਉਹਨਾਂ ਨੇ ਆਪਣੇ ਕੁਝ ਸਮੱਸਿਆਵਾਂ ਬਾਰੇ ਦੱਸਿਆ ਹੈ। ਇਸ ਦੇ ਨਾਲ ਹੀ ਇਕ ਮੰਗ ਪੱਤਰ ਵੀ ਦੇਸ਼ ਦੇ ਰਾਸ਼ਟਰਪਤੀ ਦੇ ਨਾਂਅ ਉਨ੍ਹਾਂ ਨੂੰ ਸੌਂਪਿਆ ਹੈ। ਡੀਸੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਰੀਡਰ ਦੀ ਡਿਉਟੀ ਲਾਈ ਹੈ ਕਿ ਇਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਂਚ ਕਰਨ ਤੇ ਇਨ੍ਹਾਂ ਨੂੰ ਅਜਿਹਾ ਕਦਮ ਕਿਉ ਚੁਕਣਾ ਪਿਆ। ਇਸ ਬਾਰੇ ਘੋਖ ਕਰਨ ਤੇ ਨਾਲ ਹੀ ਇਹ ਮੰਗ ਪੱਤਰ ਰਾਸ਼ਟਰਪਤੀ ਨੂੰ ਭੇਜਣਾ ਹੈ ਜਾਂ ਨਹੀਂ ਇਸ ਬਾਰੇ ਵਿਚਾਰ ਕੀਤੀ ਜਾ ਰਹੀ ਹੈ।