ਫ਼ਰੀਦਕੋਟ: ਬੀਤੇ 31 ਦਿਨਾਂ ਤੋਂ ਹੜਤਾਲ 'ਤੇ ਬੈਠੇ ਬਾਬਾ ਫਰੀਦ ਯੂਨੀਵਰਸਿਟੀ ਦੇ ਠੇਕਾ ਅਧਾਰਿਤ ਮੁਲਾਜਮਾਂ ਨੇ ਸਾਂਝੀ ਮੁਲਾਜਮ ਸੰਘਰਸ਼ ਕਮੇਟੀ ਨੂੰ ਭੰਗ ਕਰਕੇ ਬਾਬਾ ਫਰੀਦ ਯੂਨੀਵਰਸਿਟੀ ਦੇ ਮੁੱਖ ਗੇਟ ਦੇ ਬਾਹਰ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਐਲਾਨ ਕੀਤਾ ਹੈ ਕਿ ਜਦ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਉਹ ਸੰਘਰਸ਼ ਜਾਰੀ ਰੱਖਣਗੇ।
ਇਸ ਮੌਕੇ ਗੱਲਬਾਤ ਕਰਦੇ ਹੋਏ ਸੰਘਰਸ਼ਕਾਰੀ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਬੀਤੇ ਕਰੀਬ 31 ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਬੀਤੇ ਦਿਨੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੇ ਨੁਮਾਇੰਦੇ ਵਜੋਂ ਹਲਕਾ ਵਿਧਾਇਕ ਅਤੇ ਮੁੱਖ ਮੰਤਰੀ ਦੇ ਸਲਾਹਕਾਰ ਕੁਸ਼ਲਦੀਪ ਸਿੰਘ ਢਿੱਲੋਂ ਨਾਲ ਮੀਟਿੰਗ ਕਰਵਾ ਕੇ ਗੱਲਬਾਤ ਕਰਵਾਈ ਗਈ ਸੀ ਅਤੇ ਉਨ੍ਹਾਂ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਸੀ। ਪਰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਦੀਆਂ ਕੋਈ ਵੀ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ।