ਫ਼ਰੀਦਕੋਟ: ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਕਿਸਾਨ ਨੇਤਾ ਸੁਖਮਿੰਦਰ ਪਾਲ ਸਿੰਘ ਗਰੇਵਾਲ ਵਿਸ਼ੇਸ਼ ਤੌਰ ਉੱਤੇ ਫ਼ਰੀਦਕੋਟ ਪੁੱਜੇ। ਇਸ ਦੌਰਾਨ ਉਨ੍ਹਾਂ ਕੇਂਦਰ ਵੱਲੋਂ ਜਾਰੀ ਕੀਤੇ ਗਏ ਨਵੇਂ ਕਿਸਾਨੀ ਆਰਡੀਨੈਂਸ ਅਤੇ ਘੱਟੋ-ਘੱਟ ਸਮਰਥਨ (ਐਮਐਸਪੀ) ਨੂੰ ਲੈ ਕੇ ਪ੍ਰੈੱਸ ਕਾਨਫ਼ਰੰਸ ਕੀਤੀ
ਇਸ ਦੌਰਾਨ ਉਨ੍ਹਾਂ ਨੇ ਇਸ ਬਿੱਲ ਨੂੰ ਲੈ ਕੇ ਦੂਜੀਆਂ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਉੱਤੇ ਸਪੱਸ਼ਟੀਕਰਨ ਦੇਣ ਦੀ ਕੋਸ਼ਿਸ਼ ਕੀਤੀ। ਸੁਖਮਿੰਦਰ ਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਿਹੋ ਜਿਹਾ ਝੂਠ ਪੰਜਾਬ ਵਿੱਚ ਨਸ਼ਾ ਖ਼ਤਮ ਕਰਨਾ ਅਤੇ ਮੁਕੰਮਲ ਕਰਜ਼ਾ ਮੁਆਫ਼ ਕਰਨ ਲਈ ਬੋਲਿਆ ਸੀ ਉਸੇ ਤਰ੍ਹਾਂ ਹੀ ਹੁਣ ਐਮਐਸਪੀ ਦੇ ਨਾਂਅ ਉੱਤੇ ਬੋਲ ਕੇ ਕਿਸਾਨਾਂ ਦੇ ਨਾਲ ਮੀਟਿੰਗਾਂ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ ਵਿੱਚ ਉਨ੍ਹਾਂ ਦਾ ਸਾਥ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਵੀ ਦੇ ਰਹੇ ਹਨ ਅਤੇ ਪੰਜਾਬ ਦੇ ਕਿਸਾਨਾਂ ਨੂੰ ਗੁਮਰਾਹ ਕਰ ਰਹੇ ਹਨ ਜਿਸ ਵਿੱਚ ਉਹ ਕਦੇ ਕਾਮਯਾਬ ਨਹੀਂ ਆਉਣਗੇ। ਉਨ੍ਹਾਂ ਨੇ ਭਗਵੰਤ ਮਾਨ ਬਾਰੇ ਕਿਹਾ ਕਿ ਕਾਮੇਡੀ ਵਿੱਚ ਸਭ ਕੁਝ ਚੱਲਦਾ ਹੈ ਪਰ ਹਕੀਕਤ ਵਿੱਚ ਨਾ ਕਦੇ ਕੁਲਫ਼ੀ ਗਰਮ ਸੀ ਨਾ ਹੈ ਅਤੇ ਨਾ ਹੀ ਕਦੇ ਹੋਵੇਗੀ।
ਗਰੇਵਾਲ ਨੇ ਕਿਹਾ ਕਿ ਇਹ ਕਿਸਾਨਾਂ ਦੇ ਜੀਵਨ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਪੱਧਰ ਉੱਚਾ ਚੁੱਕਣ ਲਈ ਇਮਾਨਦਾਰੀ ਨਾਲ ਕੋਸ਼ਿਸ਼ ਕੀਤੀ ਗਈ ਹੈ। ਇਸ ਲਈ ਇਨ੍ਹਾਂ ਨੂੰ ਵੀ ਸੱਚ ਦਾ ਸਮਰਥਨ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਨੂੰ ਸਪੱਸ਼ਟ ਕੀਤਾ ਹੈ ਕਿ ਕਿਸਾਨਾਂ ਦੀਆਂ ਫ਼ਸਲਾਂ ਉੱਤੇ ਐਮਐਸਪੀ ਮੁੱਲ ਪਹਿਲਾਂ ਸੀ ਹੁਣ ਹੈ ਅਤੇ ਭਵਿੱਖ ਵਿੱਚ ਵੀ ਜਾਰੀ ਰਹੇਗਾ।
ਉਨ੍ਹਾਂ ਨੇ ਕਿਹਾ ਕਿ ਅਨਾਜ ਮੰਡੀਆਂ ਹਮੇਸ਼ਾ ਦੀ ਤਰ੍ਹਾਂ ਕੰਮ ਕਰਨਗੀਆਂ ਅਤੇ ਸਰਕਾਰ ਮੌਜੂਦਾ ਵਿਵਸਥਾ ਦੇ ਅਨੁਸਾਰ ਮੰਡੀਆਂ ਵਿੱਚੋਂ ਕਿਸਾਨਾਂ ਦੇ ਹਰ ਅਨਾਜ ਦੀ ਖ਼ਰੀਦ ਲਈ ਵਚਨਵੱਧ ਹੈ।