ਫਰੀਦਕੋਟ: ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈਕੇ ਦੇਸ਼ ਦਾ ਅੰਨਦਾਤਾ ਕਿਸਾਨ ਦਿੱਲੀ ਬਾਰਡਰ ’ਤੇ ਸੰਘਰਸ਼ ਕਰ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਸਯੁੰਕਤ ਕਿਸਾਨ ਮੋਰਚੇ ਵੱਲੋਂ ਅੱਜ ਯਾਨੀ 27 ਸਤੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ ਜਿਸਦੇ ਚੱਲਦਿਆ ਅੱਜ ਸਵੇਰ 6 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰਤ ਬੰਦ ਰਹੇਗਾ।
ਥਾਂ-ਥਾਂ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ
ਗੱਲ ਕੀਤੀ ਜਾਵੇ ਪੰਜਾਬ ਦੀ ਤਾਂ ਇੱਥੇ ਵੱਖ-ਵੱਖ ਥਾਵਾਂ ’ਤੇ ਸਯੁੰਕਤ ਕਿਸਾਨ ਮੋਰਚੇ ਦੇ ਸੱਦੇ ਕਿਸਾਨਾਂ ਵੱਲੋਂ ਜਾਮ ਲਗਾਇਆ ਗਿਆ ਹੈ। ਇਸਦੇ ਦੇ ਚੱਲਦੇ ਫਰੀਦਕੋਟ ਵਿਖੇ ਵੀ ਕਿਸਾਨਾਂ ਵੱਲੋਂ ਜਾਮ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਸ਼ਹਿਰ ਚ ਦੁਕਾਨਦਾਰਾਂ ਵੱਲੋਂ ਬਾਜ਼ਾਰ ਬੰਦ ਰੱਖਿਆ ਗਿਆ ਹੈ ਅਤੇ ਕਿਸਾਨਾਂ ਦਾ ਪੂਰਾ ਸਾਥ ਦਿੱਤਾ ਜਾ ਰਿਹਾ ਹੈ।
'ਹਰ ਵਰਗ ਦਾ ਮਿਲ ਰਿਹਾ ਪੂਰਾ ਸਾਥ'
ਇਸ ਮੌਕੇ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜਿਲ੍ਹਾ ਪ੍ਰਧਾਨ ਬਿੰਦਰ ਸਿੰਘ ਗੋਲੇਵਾਲਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤ ਬੰਦ ਦੇ ਚੱਲਦੇ ਫਰੀਦਕੋਟ ਜਿਲ੍ਹੇ ਅੰਦਰ ਵੱਖ-ਵੱਖ ਥਾਵਾਂ ’ਤੇ ਜਾਮ ਲਗਾਇਆ ਗਿਆ। ਅੱਜ ਦੇ ਬੰਦ ਵਿਚ ਉਨ੍ਹਾਂ ਨੂੰ ਹਰੇਕ ਵਰਗ ਦਾ ਸਾਥ ਮਿਲ ਰਿਹਾ। ਉਨ੍ਹਾਂ ਦੱਸਿਆ ਕਿ ਜਿੱਥੇ ਰੋਡ ਪੂਰੀ ਤਰ੍ਹਾਂ ਜਾਮ ਹਨ ਉੱਥੇ ਹੀ ਬਾਜ਼ਾਰ ਵੀ ਪੂਰੀ ਤਰ੍ਹਾਂ ਬੰਦ ਹਨ। ਉਨ੍ਹਾਂ ਕਿਹਾ ਕਿ ਜਿੰਨਾ ਸਮੇਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ ਉਨ੍ਹਾਂ ਸਮੇਂ ਉਹ ਇਹ ਸੰਘਰਸ਼ ਜਾਰੀ ਰੱਖਣਗੇ।
ਇਹ ਵੀ ਪੜੋ: ਸੋਚ ਸਮਝਕੇ ਨਿੱਕਲਿਓ ਘਰੋਂ ਬਾਹਰ ਅੱਜ ਹੈ ਭਾਰਤ ਬੰਦ
ਕਿਸਾਨਾਂ ਨੇ ਕੀਤੀ ਇਹ ਅਪੀਲ
ਇੱਥੇ ਇਹ ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਨੇ ਆਪਣੇ ਵਰਕਰਾਂ ਨੂੰ ਦਿਸ਼ਾ-ਨਿਰਦੇਸ਼ ਵੀ ਦਿੱਤੇ ਹੋਏ ਹਨ। ਮੋਰਚੇ ਵੱਲੋਂ ਕਿਹਾ ਗਿਆ ਹੈ ਕਿ ਕਿਸੇ ਤਰ੍ਹਾਂ ਦੀ ਕੋਈ ਜ਼ਬਰਦਸਤ ਨਾ ਕੀਤੀ ਜਾਵੇ। ਇਹ ਵੀ ਕਿਹਾ ਕਿ ਹੈ ਕਿ ਇਹ ਬੰਦ ਸਰਕਾਰ ਦੇ ਖ਼ਿਲਾਫ਼ ਹੈ ਨਾਕਿ ਲੋਕਾਂ ਖ਼ਿਲਾਫ਼ ਅਤੇ ਇਸ ਅੰਦੋਲਨ ਵਿੱਚ ਕੋਈ ਹਿੰਸਾ ਜਾਂ ਭੰਨਤੋੜ ਨਹੀਂ ਹੋਣੀ ਚਾਹੀਦੀ।